- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-16 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਧਰਨਾ ਸਮਾਪਤ, ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ

-24 ਸਤੰਬਰ ਨੂੰ ਸੂਬੇ ਭਰ ’ਚ ਘੇਰੇ ਜਾਣਗੇ ਡੀਸੀ ਦਫ਼ਤਰ, ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਮਾਰਚ ਦੀ ਚਿਤਾਵਨੀ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ 13 ਮੰਗਾਂ ਨੂੰ ਲੈ ਕੇ 30 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲਗਾਇਆ ਜਾ ਰਿਹਾ ਪੱਕਾ ਮੋਰਚਾ ਸੋਲ੍ਹਵੇਂ ਦਿਨ ਹੋਰ ਤਿੱਖਾ ਹੋ ਗਿਆ। ਲੰਮੇ ਸਮੇਂ ਤੋਂ ਪ੍ਰਸ਼ਾਸਨ ਵੱਲੋਂ ਗੱਲਬਾਤ ਨਾ ਕਰਨ ਤੋਂ ਰੋਸ ਵਿੱਚ ਕਿਸਾਨਾਂ ਨੇ ਸੋਮਵਾਰ ਨੂੰ ਡੀਸੀ ਦਫ਼ਤਰ ਦੇ ਮੁੱਖ ਗੇਟਾਂ ’ਤੇ ਬੈਠ ਕੇ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡੀਸੀ ਦਾ ਘਿਰਾਓ ਕਰਨ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।
ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 16 ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਪਰ ਸਰਕਾਰ ਵੱਲੋਂ ਜਾਣਬੁੱਝ ਕੇ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਜਾਂਦੇ ਹਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਜਾਂਦਾ ਹੈ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਕੀਤੇ ਜਾਣ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ। ਇਸ ’ਤੇ ਕਿਸਾਨ ਆਗੂਆਂ ਦੀ ਟੀਮ ਨੇ ਡੀਸੀ ਨਾਲ ਮੁਲਾਕਾਤ ਕਰਕੇ ਆਪਣੀਆਂ 13 ਮੰਗਾਂ ਬਾਰੇ ਜਾਣਕਾਰੀ ਦਿੱਤੀ। ਆਗੂਆਂ ਨੇ ਕਿਹਾ ਕਿ ਉਹ 16 ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਹਨ, ਪਰ ਇਸ ਦੌਰਾਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕੋਈ ਅਧਿਕਾਰੀ ਨਹੀਂ ਆਇਆ। ਆਗੂਆਂ ਮੁਤਾਬਕ ਡੀਸੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਹੀ ਨਹੀਂ ਸੀ ਕਿ ਕਿਸਾਨ 16 ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ’ਤੇ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਦੇ ਕੰਮ-ਕਾਜ ’ਤੇ ਸਵਾਲ ਚੁੱਕੇ।
ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਕਿਸਾਨਾਂ ਦੀਆਂ 13 ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ 24 ਸਤੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਸ ਦਿਨ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ, ਉਸ ਦਿਨ ਕਿਸਾਨ ਚੰਡੀਗੜ੍ਹ ਵਿਧਾਨ ਸਭਾ ਵੱਲ ਮਾਰਚ ਕਰਨਗੇ। ਘਿਰਾਓ ਦੌਰਾਨ ਚਰਨਜੀਤ ਸਿੰਘ ਫੱਲੇਵਾਲ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾੜ, ਮਨੋਹਰ ਸਿੰਘ ਕਲਾਹੜ, ਜਸਵੀਰ ਸਿੰਘ ਅਸ਼ਕਰੀਪੁਰ, ਦਵਿੰਦਰ ਸਿੰਘ ਸਿਰਥਲਾ, ਮਨਜੀਤ ਸਿੰਘ ਬੁਢੇਲ, ਜਸਵੰਤ ਸਿੰਘ ਭੱਟੀਆਂ, ਜਸਦੀਪ ਸਿੰਘ ਜੱਸੋਵਾਲ, ਮੋਲਡਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਮਨਜੀਤ ਕੌਰ ਲੁਧਿਆਣਾ ਅਤੇ ਬਿਕਰਮਜੀਤ ਸਿੰਘ ਕਾਲਖ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਨਾਜਰ ਸਿੰਘ ਸਿਆੜ ਨੇ ਨਿਭਾਈ।