ਤੇਲ ਤੇ ਗੈਸ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਹਿਮ ਖ਼ਬਰ-ਤੇਲ ਤੇ ਗੈਸ ਕੀਮਤਾਂ ਵਿੱਚ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ
Publish Date: Mon, 18 May 2026 07:01 PM (IST)
Updated Date: Tue, 19 May 2026 04:09 AM (IST)
-ਕੇਂਦਰ ’ਤੇ ਗਰੀਬ ਤੇ ਮੱਧ ਵਰਗ ਦੀ ਆਰਥਿਕ ਤਬਾਹੀ ਕਰਨ ਦਾ ਦੋਸ਼ ਲਾਇਆ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਸਮਰਾਲਾ ਚੌਂਕ ਵਿਖੇ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਦੇ ਵਿਰੋਧ ਵਿੱਚ ਆਰਐਮਪੀਆਈ ਅਤੇ ਸੀਪੀਆਈਐਮਐਲ ਵੱਲੋਂ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਰਐਮਪੀਆਈ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਚੰਦ, ਸੀਪੀਆਈਐਮਐਲ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਜੈ ਪ੍ਰਕਾਸ਼ ਨਾਰਾਇਣ ਅਤੇ ਆਰਐਮਪੀਆਈ ਦੇ ਜ਼ਿਲ੍ਹਾ ਮੈਂਬਰ ਬਲਰਾਜ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਬਿੱਲਾਂ ਦੀ ਉਹ ਨਿੰਦਾਕਰਦੇ ਹਨ।
ਆਗੂਆਂ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ, ਖਾਸ ਕਰਕੇ ਮਜ਼ਦੂਰ ਅਤੇ ਮਿਹਨਤਕਸ਼ ਵਰਗ ਦੀ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਵਿੱਚ ਵਾਧੇ ਨੇ ਗਰੀਬ ਤੇ ਮੱਧ ਵਰਗ ਦੀ ਆਰਥਿਕ ਤਬਾਹੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਿਹਨਤਕਸ਼ ਲੋਕਾਂ ਦੀ ਘੱਟੋ-ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਕੁਮਾਰ, ਤਹਿਸੀਲਦਾਰ, ਭੋਲਾ ਯਾਦਵ ਵੀ ਹਾਜ਼ਰ ਸਨ।