ਪੀਆਰਟੀਸੀ ਦੀ ਬੱਸ ਨੇ ਨੌਜਵਾਨ ਨੂੰ ਦਰੜਿਆ
ਪੀਆਰਟੀਸੀ ਦੀ ਬੱਸ ਦਾ ਕਹਿਰ,ਲਾਪਰਵਾਹੀ ਨਾਲ ਨੌਜਵਾਨ ਨੂੰ ਦਰੜਿਆ, ਥਾਂ ਤੇ ਹੀ ਮੌਤ
Publish Date: Wed, 29 Apr 2026 07:34 PM (IST)
Updated Date: Wed, 29 Apr 2026 07:37 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਪਿੰਡ ਨੰਦਪੁਰ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪੀਆਰਪੀਸੀ ਬੱਸ ਦੇ ਚਾਲਕ ਦੀ ਲਾਪ੍ਰਵਾਹੀ ਦੇ ਚੱਲਦੇ ਵਾਪਰਿਆ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪਿੰਡ ਅਜਨੌਦ ਦੇ ਰਹਿਣ ਵਾਲੇ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਅਜਨੌਦ ਵਾਸੀ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਸੰਦੀਪ ਸਿੰਘ ਨਾਲ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਜਾ ਰਿਹਾ ਸੀ। ਸ਼ਿਕਾਇਤਕਰਤਾ ਦੇ ਮੁਤਾਬਿਕ ਉਹ ਦੋਵੇਂ ਆਪੋ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਸਨ। ਸੰਦੀਪ ਸਿੰਘ ਜਿਵੇਂ ਹੀ ਪਿੰਡ ਨੰਦਪੁਰ ਦੇ ਲਾਗੇ ਪਹੁੰਚਿਆ ਤਾਂ ਪੀਆਰਟੀਸੀ ਦੀ ਇੱਕ ਤੇਜ਼ ਰਫਤਾਰ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਜ਼ਮੀਨ ’ਤੇ ਡਿੱਗਣ ਕਾਰਨ ਸੰਦੀਪ ਬੁਰੀ ਤਰ੍ਹਾਂ ਲਹੂ ਲੁਹਾਨ ਹੋ ਗਿਆ। ਗੰਭੀਰ ਰੂਪ ਵਿੱਚ ਫੱਟੜ ਹੋਏ ਸੰਦੀਪ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੇ ਏਐੱਸਆਈ ਕਰਨੈਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਵਤਾਰ ਸਿੰਘ ਦੀ ਸ਼ਿਕਾਇਤ ਤੇ ਪੀਆਰਟੀਸੀ ਬੱਸ ਦੇ ਚਾਲਕ ਮਨਪ੍ਰੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।