ਮੰਤਰੀ ਖੁੱਡੀਆਂ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ ਖੁੱਡੀਆਂ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ, ਹੁਣ ਸਰਕਾਰ ਵਾਅਦਿਆਂ ਨੂੰ ਅਮਲ ’ਚ ਲਿਆਵੇ
Publish Date: Tue, 08 Sep 2026 06:24 PM (IST)
Updated Date: Wed, 09 Sep 2026 04:05 AM (IST)
-ਮੀਤ ਪ੍ਰਧਾਨ ਲਲਤੋਂ ਅਨੁਸਾਰ ਸਰਕਾਰ ਵਾਅਦਿਆਂ ਨੂੰ ਅਮਲ ’ਚ ਲਿਆਵੇ 24 ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ ਬੀਤੀ ਰਾਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦੌਰਾਨ ਦਿੱਤੇ ਗਏ ਭਰੋਸੇ ਤੋਂ ਬਾਅਦ ਧਰਨਾ ਚੁੱਕ ਲਿਆ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਕਰਦਿਆਂ ਕਿਹਾ ਕਿ ਇਹ ਸੰਘਰਸ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਅਤੇ ਕਿਸਾਨ ਜਥੇਬੰਦੀਆਂ ਦੀ ਇਕਜੁੱਟਤਾ ਸਦਕਾ ਸਰਕਾਰ ਨੂੰ ਕਿਸਾਨੀ ਮਸਲਿਆਂ ’ਤੇ ਠੋਸ ਭਰੋਸੇ ਦੇਣ ਲਈ ਮਜਬੂਰ ਹੋਣਾ ਪਿਆ ਹੈ। ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਕਰਕੇ ਮਤੇ ਪਾਸ ਕੀਤੇ ਜਾਣਗੇ ਅਤੇ ਕੇਂਦਰ ਸਰਕਾਰ ਨੂੰ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ ਹੋਏ ਪਾਣੀਆਂ ਦੇ ਗੈਰ-ਸੰਵਿਧਾਨਕ ਸਮਝੌਤਿਆਂ ਨੂੰ ਰੱਦ ਕਰਕੇ ਉਨ੍ਹਾਂ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੇਂਦਰ ਸਰਕਾਰ ਅੱਗੇ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ। ਇਸੇ ਤਰ੍ਹਾਂ 25 ਸਾਲ ਤੋਂ ਪੁਰਾਣੇ ਸਮਝੌਤਿਆਂ ਨੂੰ ਰੱਦ ਕਰਕੇ ਮੁੜ ਵਿਚਾਰ ਕਰਨ ਲਈ ਵੀ ਮਤਾ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ ਅਤੇ ਬੀਜ ਬਿੱਲ-2025 ਨੂੰ ਵਾਪਸ ਲੈਣ ਲਈ ਵੀ ਪੰਜਾਬ ਵਿਧਾਨ ਸਭਾ ਵਿੱਚ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਕਰਜ਼ੇ ਦੇ ਮਸਲੇ ’ਤੇ ਵੀ ਸਰਕਾਰ ਵੱਲੋਂ ਕਮੇਟੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨਾਂ ਦੀ ਭਲਾਈ ਲਈ ਸਹਿਕਾਰੀ ਬੈਂਕਾਂ, ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕਾਂ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਦੇ ਕਰਜ਼ਿਆਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ ਨੀਤੀ ਬਣਾਉਣ ਸਬੰਧੀ ਵਿਚਾਰ ਕੀਤਾ ਜਾਵੇਗਾ। ਇਸ ਕਮੇਟੀ ਵਿੱਚ ਕਿਸਾਨ ਆਗੂਆਂ ਦੇ ਨੁਮਾਇੰਦਿਆਂ ਦੇ ਨਾਲ ਸਰਕਾਰ ਵੱਲੋਂ ਉੱਚ ਅਧਿਕਾਰੀ ਵੀ ਸ਼ਾਮਲ ਕੀਤੇ ਜਾਣਗੇ।