ਪੰਜਾਬ 'ਚ ਸਰਕਾਰੀ ਬੱਸਾਂ ਦੇ ਪਹੀਏ ਥੰਮਣ ਦੀ ਤਿਆਰੀ, ਕੱਚੇ ਰੋਡਵੇਜ਼ ਕਾਮਿਆਂ ਦਾ ਵੱਡਾ ਐਲਾਨ, 3 ਦਿਨਾਂ ਲਈ ਹੋਵੇਗਾ ਬੱਸਾਂ ਦਾ ਚੱਕਾ ਜਾਮ ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੱਚੇ ਕਾਮਿਆਂ ਵਲੋਂ ਸੂਬਾ ਭਰ ਦੇ ਸਮੂਹ ਬੱਸ ਡਿਪੂਆਂ ਦੇ ਗੇਟਾਂ ਅੱਗੇ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਡੱਟਕੇ ਨਾਅਰੇਬਾਜ਼ੀ ਕੀਤੀ ਗਈ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਅੰਤਰ-ਰਾਜ਼ੀ ਬੱਸ ਅੱਡੇ ਦੇ ਗੇਟ ਅੱਗੇ ਵੀ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਿਆ।
Publish Date: Tue, 10 Nov 2026 04:00 PM (IST)
Updated Date: Tue, 10 Nov 2026 04:16 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ - ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੱਚੇ ਕਾਮਿਆਂ ਵਲੋਂ ਸੂਬਾ ਭਰ ਦੇ ਸਮੂਹ ਬੱਸ ਡਿਪੂਆਂ ਦੇ ਗੇਟਾਂ ਅੱਗੇ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਡੱਟਕੇ ਨਾਅਰੇਬਾਜ਼ੀ ਕੀਤੀ ਗਈ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਅੰਤਰ-ਰਾਜ਼ੀ ਬੱਸ ਅੱਡੇ ਦੇ ਗੇਟ ਅੱਗੇ ਵੀ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਿਆ।
ਇਸ ਮੌਕੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਬੱਬੂ ਨੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨਾਲ ਹੁਣ ਤੱਕ 65 -70 ਮੀਟਿੰਗਾਂ ਹੋ ਚੁੱਕੀਆਂ ਹਨ,ਪਰ ਅਫ਼ਸੋਸ ਦੀ ਗੱਲ ਹੈ ਕਿ ਬਹੁਤ ਮੀਟਿੰਗਾਂ ਅਤੇ ਵਾਰ-ਵਾਰ ਦਿੱਤੇ ਭਰੋਸਿਆਂ ਅਤੇ ਸਰਕਾਰ ਦੀ ਬਿਆਨਬਾਜ਼ੀ ਦੇ ਬਾਵਜੂਦ ਕਾਮਿਆਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਪਨਬੱਸ ਵਿੱਚ ਪਿਛਲੇ 12 ਸਾਲਾਂ ਤੋਂ ਕੰਟਰੈਕਟ ‘ਤੇ ਕੰਮ ਕਰਦੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਬਜਾਏ ਸਰਕਾਰ ਵਲੋਂ ਵਾਰ-ਵਾਰ ਕੋਈ ਨਾ ਕੋਈ ਬਹਾਨਾ ਬਣਾ ਕੇ ਅੜਚਨਾਂ ਪੈਦਾ ਕਰਕੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।
ਪ੍ਰਸੋਨਲ ਅਤੇ ਵਿੱਤ ਵਿਭਾਗ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਵਿੱਚ ਕੰਮ ਕਰ ਰਹੇ ਆਊਟ ਸੋਰਸ ਮੁਲਾਜ਼ਮਾਂ ਨੂੰ 14 ਅਗਸਤ 2026 ਦੇ ਐਕਟ ਨੰਬਰ 10 ਅਨੁਸਾਰ ਵਿਭਾਗ ਅਧੀਨ ਕੰਟਰੈਕਟ 'ਤੇ ਕਰਨ ਦੀ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਵਿੱਚ ਡੂੰਘੀ ਸਾਂਝ ਹੋਣ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਵਿਖੇ ਪੀਆਰਟੀਸੀ ਦੇ ਆਊਟਸੋਰਸ ਕਾਮਿਆਂ ਨੂੰ 26 ਅਕਤੂਬਰ ਨੂੰ ਕੰਟਰੈਕਟ ‘ਤੇ ਕਰਨ ਦੇ ਆਫਰ ਲੈਟਰ ਵੀ ਦਿੱਤੇ ਗਏ ਸਨ ਪਰ ਅੱਜ 15!ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਕਾਮਾ ਹੁਣ ਤੱਕ ਕੰਟਰੈਕਟ ‘ਤੇ ਨਹੀਂ ਕੀਤਾ ਗਿਆ। ਪੀਆਰਟੀਸੀ ਦੇ ਡਿਪੂ ਪ੍ਰਧਾਨ ਦਲਜੀਤ ਸਿੰਘ ਅਤੇ ਸੂਬਾਈ ਆਗੂ ਹਰਸ਼ਰਨ ਸਿੰਘ ਨੇ ਕਿਹਾ ਕਿ 29 ਅਕਤੂਬਰ ਦੀ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ/ਟਰਾਂਸਪੋਰਟ ਮੰਤਰੀ ਅਤੇ ਪਰਸੋਨਲ ਵਿਭਾਗ ਵੱਲੋਂ ਦੋ ਦਿਨਾਂ ਦੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ 31 ਅਕਤੂਬਰ ਦੀ ਕੈਬਨਿਟ ਵਿੱਚ ਰੂਲ ਪਾਸ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਤੱਕ ਉਸ ਭਰੋਸੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵੱਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ ਵੀ ਹੁਣ ਤੱਕ ਸਿਰਫ਼ ਚਿੱਟਾ ਕਾਗਜ਼ ਸਾਬਤ ਹੋਏ ਹਨ।
ਇਸ ਮੌਕੇ ਆਗੂ ਸਤਿਗੁਰੂ ਸਿੰਘ, ਗੁਰਵਿੰਦਰ ਸਿੰਘ ਅਤੇ ਅਮਰੀਕ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਪਨਬੱਸ ਦੇ ਕੰਟਰੈਕਟ ਕਾਮਿਆਂ ਨੂੰ ਪੀਆਰਟੀਸੀ ਦੀ ਤਰਜ਼ ‘ਤੇ ਬਣਾਏ ਗਏ ਸਰਵਿਸ ਰੂਲਾਂ ਅਨੁਸਾਰ ਤਰੁੰਤ ਪੱਕਾ ਕੀਤਾ ਜਾਵੇ,ਸੰਘਰਸ਼ ਦੌਰਾਨ ਮੁਲਾਜ਼ਮਾਂ ਉੱਪਰ ਦਰਜ ਕੀਤੇ ਨਾਜਾਇਜ਼ ਪਰਚੇ ਅਤੇ ਪੁਲਿਸ ਕੇਸ ਰੱਦ ਕੀਤੇ ਜਾਣ,ਵਿਭਾਗੀ ਪਰਚਿਆਂ ਨੂੰ ਵਿਭਾਗ ਪੁਲੀਸ ਵੈਰੀਫਿਕੇਸ਼ਨ ਵਿੱਚ ਨਾ ਮੰਨਦਿਆਂ ਕਲੀਅਰ ਮੰਨਿਆ ਜਾਵੇ,ਨਵੇਂ ਭਰਤੀ ਹੋਏ ਮੁਲਾਜ਼ਮਾਂ ਅਤੇ ਐਕਟ ਤੋਂ ਬਾਹਰ ਰਹਿੰਦੇ ਮੁਲਾਜ਼ਮਾਂ ਨੂੰ 2026 ਦੇ ਐਕਟ ਨੰਬਰ 10 ਵਿੱਚ ਸ਼ਾਮਲ ਕਰਕੇ ਨੂੰ ਕੰਟਰੈਕਟ ‘ਤੇ ਕਰਦਿਆਂ ਰੁਜ਼ਗਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਰੋਡਵੇਜ਼ ਦੇ ਕੱਚੇ ਕਾਮੇ ਸਰਕਾਰ ਦੇ ਝੂਠੇ ਭਰੋਸਿਆਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਨਵੰਬਰ ਤੋਂ ਤਿੰਨ ਦਿਨ ਲਈ ਲਗਾਤਾਰ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।