ਪੰਜਾਬ ਸਰਕਾਰ ਦਾ ਸਖ਼ਤ ਰੁਖ਼ : ਗੈਰ-ਕਾਨੂੰਨੀ ਗਰਭਪਾਤ ਕਿੱਟਾਂ ਵੇਚਣ ਵਾਲਿਆਂ ਦੀ ਖ਼ੈਰ ਨਹੀਂ, ਸਿਹਤ ਮੰਤਰੀ ਨੇ ਖ਼ੁਦ ਲਿਆ ਨੋਟਿਸ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ, ਸਿਹਤ ਵਿਭਾਗ ਲੁਧਿਆਣਾ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਐੱਮ.ਟੀ.ਪੀ. (ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ) ਕਿੱਟਾਂ ਦੀ ਵਿਕਰੀ ਅਤੇ ਖਰੀਦ ਦੀ ਜਾਂਚ ਲਈ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਗਈ।
Publish Date: Fri, 09 Jan 2026 12:28 PM (IST)
Updated Date: Fri, 09 Jan 2026 12:31 PM (IST)

ਬਸੰਤ ਸਿੰਘ ਰੋੜੀਆਂ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ, ਸਿਹਤ ਵਿਭਾਗ ਲੁਧਿਆਣਾ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਐੱਮ.ਟੀ.ਪੀ. (ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ) ਕਿੱਟਾਂ ਦੀ ਵਿਕਰੀ ਅਤੇ ਖਰੀਦ ਦੀ ਜਾਂਚ ਲਈ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਗਈ।
ਇਹ ਨਿਰੀਖਣ ਕਾਰਵਾਈ ਜ਼ੋਨਲ ਲਾਇਸੈਂਸਿੰਗ ਅਥਾਰਟੀ ਲੁਧਿਆਣਾ ਦਿਨੇਸ਼ ਗੁਪਤਾ ਦੀ ਦੇਖ-ਰੇਖ ਹੇਠ ਕੀਤੀ ਗਈ। ਇਸ ਦੌਰਾਨ ਦੋ ਨਿਰੀਖਣ ਟੀਮਾਂ—ਡਰੱਗ ਕੰਟਰੋਲ ਅਫ਼ਸਰ (ਡੀਸੀਓ) ਲੁਧਿਆਣਾ-2 ਰੁਪਿੰਦਰ ਕੌਰ ਅਤੇ ਡਰੱਗ ਕੰਟਰੋਲ ਅਫ਼ਸਰ (ਡੀਸੀਓ) ਲੁਧਿਆਣਾ-3 ਨਵਦੀਪ ਸੰਧੂ ਦੀ ਅਗਵਾਈ ਹੇਠ—ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਦਵਾਈ ਫਰਮਾਂ ਦੀ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਕੁੱਲ ਪੰਜ ਫਰਮਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਤਿੰਨ ਫਰਮਾਂ ਬਿਨਾਂ ਵੈਧ ਖਰੀਦ ਬਿੱਲਾਂ ਦੇ ਅਤੇ ਬਿਨਾਂ ਵਿਕਰੀ ਬਿੱਲ ਜਾਰੀ ਕੀਤੇ ਐਮਟੀਪੀ ਕਿੱਟਾਂ ਦਾ ਸਟਾਕ ਅਤੇ ਵਿਕਰੀ ਕਰਦੀਆਂ ਪਾਈਆਂ ਗਈਆਂ।
ਇਹ ਡਰੱਗਜ਼ ਐਂਡ ਕਾਸਮੈਟਿਕਸ ਐਕਟ ਅਤੇ ਸੰਬੰਧਿਤ ਨਿਯਮਾਂ ਦੀ ਉਲੰਘਣਾ ਹੈ। ਦੋਸ਼ੀ ਫਰਮਾਂ ਖ਼ਿਲਾਫ਼ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਸੰਵੇਦਨਸ਼ੀਲ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਹਿਤ ਵਿੱਚ ਅਜਿਹੀਆਂ ਨਿਰੀਖਣ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਸਾਰੇ ਕੈਮਿਸਟਾਂ ਅਤੇ ਦਵਾਈ ਵਿਕਰੇਤਿਆਂ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਗਏ ਹਨ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਿਰਫ਼ ਨਿਰਧਾਰਤ ਨਿਯਮਾਂ ਅਤੇ ਕਾਇਦਿਆਂ ਅਨੁਸਾਰ ਹੀ ਕੀਤੀ ਜਾਵੇ। ਸਿਹਤ ਵਿਭਾਗ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਨਿਯਮਾਂ ਦੀ ਪਾਲਣਾ ਅਤੇ ਜਨਤਕ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।