ਅਪ੍ਰੈਂਟਿਸ ਲਾਈਨਮੈਨਾਂ ਦੇ ਹੱਕ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ
ਅਪ੍ਰੈਂਟਿਸ ਲਾਈਨਮੈਨਾਂ ਦੇ ਹੱਕ 'ਚ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ
Publish Date: Wed, 10 Jun 2026 07:48 PM (IST)
Updated Date: Wed, 10 Jun 2026 07:50 PM (IST)

-ਲਾਠੀਆਂ ਤੇ ਪਰਚੇ ਨਹੀਂ, ਰੁਜ਼ਗਾਰ ਦਿਓ, ਨਹੀਂ ਤਾਂ 2027 ਚ ਹਾਰ ਲਈ ਤਿਆਰ ਰਹੋ : ਮਹਿਦੂਦਾਂ ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਬੀਤੇ ਦਿਨੀਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਅਤੇ ਏਓਜੇਈ ਵੱਲੋਂ ਦਿੱਤੀ ਗਈ ਸੰਘਰਸ਼ ਦੀ ਕਾਲ ਤਹਿਤ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਇਸਟੇਟ ਡਵੀਜ਼ਨ ਗਿਆਸਪੁਰਾ ਵਿਖੇ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪੱਛਮੀ ਸਰਕਲ ਦੇ ਪ੍ਰਧਾਨ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਫੈਡਰੇਸ਼ਨ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਅਤੇ ਪੱਛਮੀ ਸਰਕਲ ਦੇ ਸਰਪ੍ਰਸਤ ਸੋਭਨ ਸਿੰਘ ਠਾਕੁਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਏਓਜੇਈ ਦੇ ਆਗੂ ਐਸਡੀਓ ਸਾਹਿਲ ਸ਼ਰਮਾ, ਸੋਭਨ ਸਿੰਘ ਠਾਕੁਰ ਅਤੇ ਗੁਰਮੁੱਖ ਸਿੰਘ ਨੇ ਸੰਬੋਧਨ ਕਰਦਿਆਂ ਅਪ੍ਰੈਂਟਿਸ ਲਾਈਨਮੈਨਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਨਾ ਕਿ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਲਈ ਪੁਲਿਸ ਬਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੰਗਣਾ ਕੋਈ ਜੁਰਮ ਨਹੀਂ ਹੈ ਤੇ ਸਰਕਾਰ ਨੂੰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਸੂਬਾ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਪ੍ਰੈਂਟਿਸ ਲਾਈਨਮੈਨਾਂ ’ਤੇ ਲਾਠੀਆਂ ਵਰ੍ਹਾਉਣ ਅਤੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਾਨਾਸ਼ਾਹੀ ਰਵੱਈਆ ਜਾਰੀ ਰੱਖਿਆ ਤੇ ਨੌਜਵਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਾਲ 2027 ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ। ਮਹਿਦੂਦਾਂ ਨੇ ਦੱਸਿਆ ਕਿ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਰਨ ਵਰਤ ਤੇ ਬੈਠੇ ਪੰਜ ਅਪ੍ਰੈਂਟਿਸ ਲਾਈਨਮੈਨ ਵੀ ਪਟਿਆਲਾ ਤੋਂ ਭਵਾਨੀਗੜ੍ਹ ਰੋਡ ਤੇ ਪੈਂਦੇ ਪਿੰਡ ਭੇਡਪੁਰ ਵਿਖੇ ਉਸ ਟਾਵਰ ਹੇਠ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਗਏ ਹਨ, ਜਿੱਥੇ ਕਈ ਨੌਜਵਾਨ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟਾਵਰ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਇਨ੍ਹਾਂ ਨੌਜਵਾਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਮੰਗ ਕਰਦੀਆਂ ਹਨ ਕਿ ਅਪ੍ਰੈਂਟਿਸ ਲਾਈਨਮੈਨਾਂ ਨੂੰ ਜਲਦ ਤੋਂ ਜਲਦ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੌਜਵਾਨਾਂ ਨਾਲ ਮੁੜ ਕੋਈ ਵਧੀਕੀ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਅਕਸ਼ੇ, ਰਾਕੇਸ਼ ਕੁਮਾਰ, ਨਰਿੰਦਰ ਸਿੰਘ, ਤਜਿੰਦਰ ਸਿੰਘ, ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਮਹਿਲਾ ਕਰਮਚਾਰੀ ਹਾਜ਼ਰ ਸਨ।