ਉਨ੍ਹਾਂ ਸਾਰੇ ਦੁਕਾਨਦਾਰਾਂ, ਵਿਕਰੇਤਾਵਾਂ ਅਤੇ ਖਾਦ ਕਾਰੋਬਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਕੂਲਾਂ ਦੇ ਨੇੜੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਐਨਰਜੀ ਡ੍ਰਿੰਕਸ ਦੀ ਵਿਕਰੀ ਤੋਂ ਗੁਰੇਜ਼ ਕਰਨ। ਨਾਲ ਹੀ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਅਜਿਹੇ ਪੇਅ ਪਦਾਰਥਾਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ।

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ, ਸਮਰਾਲਾ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਐਨਰਜੀ ਡ੍ਰਿੰਕਸ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਸਕੂਲਾਂ ਤੋਂ 50 ਮੀਟਰ ਅਤੇ ਪਿੰਡਾਂ ਵਿੱਚ 100 ਮੀਟਰ ਦੇ ਦਾਇਰੇ ਅੰਦਰ ਐਨਰਜੀ ਡ੍ਰਿੰਕਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦਾ ਮਕਸਦ ਬੱਚਿਆਂ ਦੀ ਪਹੁੰਚ ਨੂੰ ਸੀਮਿਤ ਕਰਨਾ ਅਤੇ ਉਨ੍ਹਾਂ ਨੂੰ ਹਾਨੀਕਾਰਕ ਪੇਅ ਪਦਾਰਥਾਂ ਤੋਂ ਸੁਰੱਖਿਅਤ ਰੱਖਣਾ ਹੈ।
ਡਾ. ਕੌਰ ਨੇ ਦੱਸਿਆ ਕਿ ਐਨਰਜੀ ਡ੍ਰਿੰਕਸ ਵਿੱਚ ਕੈਫੀਨ ਅਤੇ ਹੋਰ ਉਤੇਜਕ ਤੱਤ ਵੱਧ ਮਾਤਰਾ ਵਿੱਚ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਨਕਾਰਾਤਮਕ ਪ੍ਰਭਾਵ ਪਾਂਦੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਦਾ ਸੇਵਨ ਬੱਚਿਆਂ ਵਿੱਚ ਦਿਲ ਸਬੰਧੀ ਸਮੱਸਿਆਵਾਂ, ਨੀਂਦ ਦੀ ਘਾਟ, ਚਿੰਤਾ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।”
ਉਨ੍ਹਾਂ ਸਾਰੇ ਦੁਕਾਨਦਾਰਾਂ, ਵਿਕਰੇਤਾਵਾਂ ਅਤੇ ਖਾਦ ਕਾਰੋਬਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਕੂਲਾਂ ਦੇ ਨੇੜੇ ਪਾਬੰਦੀਸ਼ੁਦਾ ਖੇਤਰਾਂ ਵਿੱਚ ਐਨਰਜੀ ਡ੍ਰਿੰਕਸ ਦੀ ਵਿਕਰੀ ਤੋਂ ਗੁਰੇਜ਼ ਕਰਨ। ਨਾਲ ਹੀ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਅਜਿਹੇ ਪੇਅ ਪਦਾਰਥਾਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ।
ਜ਼ਿਲ੍ਹਾ ਸਿਹਤ ਅਧਿਕਾਰੀ ਨੇ ਕਿਹਾ ਕਿ ਸਿਹਤ ਵਿਭਾਗ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਏਗਾ। ਸਕੂਲਾਂ ਦੇ ਆਲੇ-ਦੁਆਲੇ ਵਿਸ਼ੇਸ਼ ਜਾਂਚ ਮੁਹਿੰਮਾਂ ਚਲਾਈਆਂ ਜਾਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਜੇਕਰ ਸਕੂਲਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਜ਼ਰ ਆਏ ਤਾਂ ਉਸ ਦੀ ਸੂਚਨਾ ਦੇਣ। ਸਿਹਤ ਵਿਭਾਗ ਦੀ ਇਹ ਪਹਿਲ ਬੱਚਿਆਂ ਨੂੰ ਸੰਭਾਵਿਤ ਸਿਹਤ ਖਤਰਿਆਂ ਤੋਂ ਬਚਾਉਣ ਅਤੇ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।