ਪੰਜਾਬ ਹਰ ਪੱਖੋਂ ਨਿਘਾਰ ਵੱਲ : ਕੇਵਲ ਸਿੰਘ ਢਿੱਲੋਂ
ਪੰਜਾਬ ਹਰ ਪੱਖੋਂ ਨਿਘਾਰ ਵੱਲ- ਕੇਵਲ ਸਿੰਘ ਢਿੱਲੋਂ
Publish Date: Tue, 09 Jun 2026 06:03 PM (IST)
Updated Date: Tue, 09 Jun 2026 06:05 PM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਜਪਾ ਦੇ ਜ਼ਿਲ੍ਹਾ ਦਫਤਰ, ਦੁੱਗਰੀ ਰੋਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਪੰਜਾਬ ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਰਾਜ ’ਚ ਪੰਜਾਬ ਹਰ ਪੱਖੋਂ ਨਿਘਾਰ ਵੱਲ ਵੱਧ ਰਿਹਾ ਹੈ ਅਤੇ ਸੂਬੇ ਦਾ ਭੱਠਾ ਬੈਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੈਮਾਨੇ ਤੋਂ ਪੰਜਾਬ ਦੀ ਸਥਿਤੀ ਦਾ ਮੁਲਾਂਕਣ ਕੀਤਾ ਜਾਵੇ ਤਾਂ ਕਾਨੂੰਨ-ਵਿਵਸਥਾ ਦੀ ਹਾਲਤ ਚਿੰਤਾਜਨਕ ਨਜ਼ਰ ਆਉਂਦੀ ਹੈ। ਉਨ੍ਹਾਂ ਅਨੁਸਾਰ ਨਸ਼ਿਆਂ ਦਾ ਫੈਲਾਅ, ਗੈਂਗਸਟਰਵਾਦ, ਫਿਰੌਤੀ, ਕਤਲ, ਲੁੱਟ-ਖੋਹ ਅਤੇ ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਵਪਾਰੀ ਵਰਗ ਵੀ ਪਰੇਸ਼ਾਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਮਾਵਾਂ ਦੀਆਂ ਝੋਲੀਆਂ ਵੀਰਾਨ ਹੋ ਰਹੀਆਂ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਡੇ ਬਦਲਾਅ ਦੀ ਉਮੀਦ ਨਾਲ ਰੰਗਲਾ ਪੰਜਾਬ ਦੇ ਸੁਪਨੇ ਦੇਖ ਆਪ ਸਰਕਾਰ ਨੂੰ ਚੁਣ ਕੇ ਲਿਆਏ ਸਨ ਪਰ ਹੁਣ ਉਹ ਸੂਬੇ ਦੇ ਹਾਲਾਤ ਦੇਖ ਕੇ ਹੰਝੂ ਵਹਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਰਕਾਰੇ-ਖਾਲਸਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਸ਼ਾਸਨ ਦੀ ਸਥਾਪਨਾ ਕੀਤੀ ਜਾਵੇਗੀ, ਜਿਸ ਨਾਲ ਹਰ ਵਰਗ ਅਤੇ ਖ਼ਾਸ ਕਰਕੇ ਕਿਸਾਨ ਖੁਸ਼ਹਾਲ ਅਤੇ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਚਹੁੰਮੁਖੀ ਵਿਕਾਸ ਅਤੇ ਤਰੱਕੀ ਭਾਜਪਾ ਦੀ ਤਰਜੀਹ ਹੋਵੇਗੀ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਕੇਂਦਰੀ ਰਾਜ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰ ਕੇ ਆਏ ਹਨ। ਇਸ ਦੌਰਾਨ ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਗੁਆਂਢੀ ਸੂਬਾ ਹਰ ਫਸਲ ਅਤੇ ਸਬਜ਼ੀਆਂ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੇ ਸਕਦਾ ਹੈ ਤਾਂ ਪੰਜਾਬ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕਦੀ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਏਜੰਡੇ ਨੂੰ ਘਰ-ਘਰ ਤੱਕ ਲੈ ਕੇ ਜਾਵੇਗੀ ਅਤੇ 2027 ਵਿੱਚ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।