Punjab News : ਪੰਜਾਬ 'ਚ ਚਾਰ ਮਈ ਤੋਂ ਅਣਮਿੱਥੇ ਸਮੇਂ ਲਈ ਬੰਦ ਹੋਣਗੇ ਸਾਰੇ ਟੋਲ ਪਲਾਜ਼ਾ, ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਏਕੇਐੱਮ ਪੰਜਾਬ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਜਾਣਗੇ।
Publish Date: Sat, 02 May 2026 07:24 PM (IST)
Updated Date: Sat, 02 May 2026 07:29 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਏਕੇਐੱਮ ਪੰਜਾਬ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਜਾਣਗੇ।
ਇਹ ਪ੍ਰਗਟਾਵਾ ਏਕੇਐੱਮ ਪੰਜਾਬ ਦੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕੀਤਾ। ਨਿਮਾਣਾ ਨੇ ਦੋਸ਼ ਲਗਾਇਆ ਕਿ ਹੜਾਂ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋਈ ਸੀ, ਅਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਬੇਮੌਸਮੀ ਮੀਂਹ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ।
ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਏਕੇਐੱਮ ਪੰਜਾਬ ਨੇ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ 4 ਮਈ ਦੇ ਟੋਲ ਪਲਾਜ਼ਾ ਬੰਦ ਕਰਨ ਤੇ ਅੰਦੋਲਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਅਮਰਜੀਤ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਗਰੇਵਾਲ ਪ੍ਰਚਾਰ ਸਕੱਤਰ, ਪ੍ਰਭਦੀਪ ਸਿੰਘ ਸੇਖੋਂ ਜਿਲ੍ਹਾ ਦਿਹਾਤੀ ਪ੍ਰਧਾਨ, ਕੁਲਦੀਪ ਸਿੰਘ ਸੈਣੀ, ਕੰਵਲਜੀਤ ਸਿੰਘ ਢਿੱਲੋਂ,ਕੁਲਦੀਪ ਸਿੰਘ ਖਾਲਸਾ ਸੀ. ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਹਸਨਪੁਰ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਰਣਧੀਰ ਸਿੰਘ ਧੀਰਾ ਹਾਜ਼ਰ ਸਨ।