
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕਲ ਪਹਿਲੇ ਪੇਜ਼ ਦਾ ਬੌਟਮ-24 ਘੰਟਿਆਂ ’ਚ ਫੋਟੋਗ੍ਰਾਫਰ ਕਤਲ ਕਾਂਡ ਦਾ ਪਰਦਾਫਾਸ਼, ਤਿੰਨ ਮੁਲਜ਼ਮ ਗ੍ਰਿਫ਼ਤਾਰ

-ਨਾਜਾਇਜ਼ ਹਥਿਆਰਾਂ ਤੇ ਡੇਢ ਕਿੱਲੋ ਹੈਰੋਇਨ ਸਣੇ ਨਸ਼ਾ ਤਸਕਰੀ ਦਾ ਨੈੱਟਵਰਕ ਬੇਨਕਾਬ
ਫੋਟੋ ਨੰਬਰ-31
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਵਿੱਚ ਰੇਲਵੇ ਸਟੇਸ਼ਨ ਅਤੇ ਘੰਟਾਘਰ ਨੇੜੇ ਜਨਮਦਿਨ ਦੀ ਪਾਰਟੀ ਦੌਰਾਨ ਹੋਏ ਝਗੜੇ ਤੋਂ ਬਾਅਦ ਗਰਦਨ ਵਿੱਚ ਗੋਲੀ ਲੱਗਣ ਕਾਰਨ ਹੋਈ ਰਮਿੰਦਰ ਸਿੰਘ ਉਰਫ਼ ਸੋਨੂੰ ਦੀ ਮੌਤ ਦੇ ਮਾਮਲੇ ਨੂੰ ਲੁਧਿਆਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਂਦਿਆਂ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ, ਛੇ ਜ਼ਿੰਦਾ ਕਾਰਤੂਸ, ਨਸ਼ੇ ਦੀ ਰਕਮ ਅਤੇ 1.5 ਕਿਲੋ ਹੈਰੋਇਨ ਬਰਾਮਦ ਕਰਕੇ ਨਾ ਸਿਰਫ਼ ਕਤਲ ਕਾਂਡ ਦੀ ਕੜੀ ਜੋੜੀ ਹੈ, ਸਗੋਂ ਪੁੱਛਗਿੱਛ ਦੌਰਾਨ ਵੱਡੇ ਨਸ਼ਾ ਤਸਕਰੀ ਨੈੱਟਵਰਕ ਦੇ ਵੀ ਪਰਦਾਫਾਸ਼ ਦਾ ਦਾਅਵਾ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਬਰਾਮਦ ਹੈਰੋਇਨ ਕਮਰਸ਼ੀਅਲ ਮਾਤਰਾ ਵਿੱਚ ਹੋਣ ਕਾਰਨ ਮੁਲਜ਼ਮਾਂ ਖ਼ਿਲਾਫ਼ ਵੱਖਰਾ ਮਾਮਲਾ ਵੀ ਦਰਜ ਕੀਤਾ ਹੈ ਅਤੇ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 17 ਅਗਸਤ ਨੂੰ ਰਮਿੰਦਰ ਸਿੰਘ ਉਰਫ਼ ਸੋਨੂੰ ਆਪਣੇ ਦੋਸਤਾਂ ਨਾਲ ਘੰਟਾ ਘਰ ਨੇੜੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਇਸ ਦੌਰਾਨ ਉਸ ਦਾ ਅਤੇ ਦੂਜੇ ਧੜੇ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।
ਦੂਜੇ ਧੜੇ ਵਿੱਚ ਚੇਤਨ, ਨਿਹਾਲ, ਨੀਰਜ, ਸਾਗਰ, ਹਰਮਨ, ਰਿਸ਼ੀ, ਮਨੋਜ ਸਾਹਨੀ, ਦੀਪ, ਮਨੀ ਅਤੇ ਦੋ-ਤਿੰਨ ਅਣਪਛਾਤੇ ਵਿਅਕਤੀ ਸ਼ਾਮਲ ਦੱਸੇ ਗਏ ਹਨ। ਝਗੜੇ ਦੌਰਾਨ ਚੇਤਨ ਵੱਲੋਂ ਕਥਿਤ ਤੌਰ ’ਤੇ ਨਾਜਾਇਜ਼ ਪਿਸਤੌਲ ਨਾਲ ਗੋਲੀ ਚਲਾਈ ਗਈ, ਜੋ ਰਮਿੰਦਰ ਸਿੰਘ ਦੀ ਧੌਣ ਵਿੱਚ ਲੱਗੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਤਿੰਨ ਵਾਹਨਾਂ ਵਿੱਚ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਨ੍ਹਾਂ ਵਿੱਚ ਚਿੱਟੇ ਰੰਗ ਦੀ ਬੋਲੈਰੋ, ਲਾਲ ਰੰਗ ਦੀ ਟੋਯੋਟਾ ਇਨੋਵਾ ਤੇ ਬਿਨਾਂ ਨੰਬਰ ਵਾਲੀ ਲਾਲ ਰੰਗ ਦੀ ਕ੍ਰੇਟਾ ਸ਼ਾਮਲ ਸੀ। ਘਟਨਾ ਤੋਂ ਬਾਅਦ ਪੁਲਿਸ ਡਿਵੀਜ਼ਨ ਨੰਬਰ-1 ਵਿੱਚ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਪੁਲਿਸ ਟੀਮਾਂ ਸਰਗਰਮ ਕੀਤੀਆਂ ਗਈਆਂ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਤਲ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਵੱਲੋਂ ਜਾਂਚ ਦੀ ਲਗਾਤਾਰ ਨਿਗਰਾਨੀ ਕੀਤੀ ਗਈ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ (ਜਾਂਚ) ਹਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਸਮੀਰ ਵਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਜਾਂਚ) ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਜਾਂਚ ਨੂੰ ਅੱਗੇ ਵਧਾਇਆ ਗਿਆ। ਸਹਾਇਕ ਪੁਲਿਸ ਕਮਿਸ਼ਨਰ (ਡਿਟੈਕਟਿਵ-1) ਹਰਸ਼ਪ੍ਰੀਤ ਸਿੰਘ ਅਤੇ ਸਹਾਇਕ ਪੁਲਿਸ ਕਮਿਸ਼ਨਰ (ਸੈਂਟਰਲ) ਅਨਿਲ ਭਨੋਟ ਦੀ ਅਗਵਾਈ ਹੇਠ ਸੀਆਈਏ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਅਤੇ ਕਰਾਈਮ ਬ੍ਰਾਂਚ ਦੇ ਇੰਸਪੈਕਟਰ ਨਵਦੀਪ ਸਿੰਘ ਦੀਆਂ ਟੀਮਾਂ ਨੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕੀਤੀ। ਡੀਸੀਪੀ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ 18 ਅਗਸਤ ਨੂੰ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੀ ਪਛਾਣ ਹਰਮਨਜੋਤ ਸਿੰਘ ਉਰਫ਼ ਹਰਮਨ ਵਾਸੀ ਤਾਜਪੁਰ ਰੋਡ, ਮਨੋਜ ਕੁਮਾਰ ਵਾਸੀ ਮੂਲ ਰੂਪ ’ਚ ਬਿਹਾਰ ਤੇ ਮੌਜੂਦਾ ਸਮੇਂ ਤਾਜਪੁਰ ਰੋਡ ਵਾਸੀ ਅਤੇ ਰਿਸ਼ੀ ਕੁਮਾਰ ਉਰਫ਼ ਰਿਸ਼ੂ ਵਾਸੀ ਆਦਰਸ਼ ਨਗਰ ਵਜੋਂ ਹੋਈ ਹੈ।
-ਜ਼ਮਾਨਤ ’ਤੇ ਬਾਹਰ ਆਇਆ ਸੀ ਮਨੋਜ
ਪੁਲਿਸ ਅਨੁਸਾਰ ਗ੍ਰਿਫ਼ਤਾਰ ਮਨੋਜ ਕੁਮਾਰ ਪਹਿਲਾਂ ਵੀ ਥਾਣਾ-7 ’ਚ ਦਰਜ ਅਪਰਾਧਿਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ ਤੇ ਇਸ ਸਮੇਂ ਜ਼ਮਾਨਤ ’ਤੇ ਬਾਹਰ ਸੀ। ਪੁਲਿਸ ਹੁਣ ਉਸ ਦੇ ਪੁਰਾਣੇ ਅਪਰਾਧਕ ਰਿਕਾਰਡ ਅਤੇ ਮੌਜੂਦਾ ਮਾਮਲੇ ਵਿੱਚ ਉਸ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।
-ਕਮਰੇ ’ਚੋਂ ਹਥਿਆਰ ਤੇ ਡੇਢ ਕਿੱਲੋ ਹੈਰੋਇਨ ਬਰਾਮਦ
ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮਨੋਜ ਕੁਮਾਰ ਨੇ ਖੁਲਾਸਾ ਕੀਤਾ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤਾਜਪੁਰ ਰੋਡ ਇਲਾਕੇ ’ਚ ਇਕ ਕਮਰਾ ਕਿਰਾਏ ’ਤੇ ਲਿਆ ਹੋਇਆ ਸੀ, ਜਿੱਥੇ ਨਾਜਾਇਜ਼ ਹਥਿਆਰਾਂ ਤੇ ਹੋਰ ਸਮੱਗਰੀ ਨੂੰ ਛੁਪਾ ਕੇ ਰੱਖਿਆ ਜਾਂਦਾ ਸੀ। ਮੁਲਜ਼ਮ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮ ਨੇ ਉਕਤ ਥਾਂ ’ਤੇ ਛਾਪਾ ਮਾਰਿਆ ਤਾਂ ਉਥੋਂ ਦੋ ਨਾਜਾਇਜ਼ ਪਿਸਤੌਲ ਬਰਾਮਦ ਹੋਏ। ਇਨ੍ਹਾਂ ’ਚ ਇਕ .32 ਬੋਰ ਤੇ ਇਕ .30 ਬੋਰ ਦਾ ਪਿਸਤੌਲ ਸ਼ਾਮਲ ਹੈ। ਇਸ ਤੋਂ ਇਲਾਵਾ ਛੇ ਜ਼ਿੰਦਾ ਕਾਰਤੂਸ, ਨਸ਼ੇ ਦੀ ਰਕਮ ਤੇ 1.5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਹੈਰੋਇਨ ਦੀ ਮਾਤਰਾ ਵਪਾਰਕ ਸ਼੍ਰੇਣੀ ਵਿੱਚ ਆਉਣ ਕਾਰਨ ਪੁਲਿਸ ਨੇ ਮਨੋਜ ਕੁਮਾਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 61 ਅਤੇ 85 ਤਹਿਤ ਪੁਲਿਸ ਡਿਵੀਜ਼ਨ ਨੰਬਰ-7 ਵਿੱਚ ਵੱਖਰਾ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਬਰਾਮਦਗੀ ਨਾਲ ਸ਼ਹਿਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦੀਆਂ ਅਹਿਮ ਕੜੀਆਂ ਹੱਥ ਲੱਗੀਆਂ ਹਨ।
-ਪੁੱਛਗਿੱਛ ਦੌਰਾਨ ਖੁੱਲ੍ਹਣਗੇ ਨਸ਼ਾ ਤਸਕਰੀ ਦੇ ਵੱਡੇ ਰਾਜ
ਵਧੀਕ ਡੀਸੀ ਪੁਲਿਸ ਸਮੀਰ ਵਰਮਾ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਕੋਲੋਂ ਡੇਢ ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਪੁਲਿਸ ਨੂੰ ਨਸ਼ਾ ਤਸਕਰੀ ਦੇ ਇਕ ਵੱਡੇ ਨੈੱਟਵਰਕ ਬਾਰੇ ਅਹਿਮ ਸੁਰਾਗ ਮਿਲੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਨਸ਼ੇ ਦੀ ਸਪਲਾਈ, ਇਸ ਨਾਲ ਜੁੜੇ ਵਿਅਕਤੀਆਂ ਅਤੇ ਇਸ ਨੈੱਟਵਰਕ ਦੇ ਪਿੱਛੇ ਕੰਮ ਕਰ ਰਹੇ ਹੋਰ ਵੱਡੇ ਚਿਹਰਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਪੁਲਿਸ ਹੁਣ ਇਹ ਵੀ ਪਤਾ ਲਾਉਣ ’ਚ ਰੁੱਝੀ ਹੋਈ ਹੈ ਕਿ ਬਰਾਮਦ ਕੀਤੀ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿਹੜੇ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਇਸ ਦੇ ਨਾਲ ਹੀ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇ ਸਰੋਤ ਤੇ ਕਤਲ ਦੀ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
-ਪੁਲਿਸ ਕਮਿਸ਼ਨਰ ਨੇ ਦਿੱਤੀ ਚਿਤਾਵਨੀ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਅਪਰਾਧਕ ਸਰਗਰਮੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਤਲ ਕਾਂਡ ਨਾਲ ਜੁੜੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੁਲਿਸ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।