
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਹਾਂਬੰਦ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

-ਮਹਾਂਬੰਦ ਨੂੰ ਸਫਲ ਬਣਾਉਣ ਲਈ ਜਥੇਬੰਦੀਆਂ ਹੋਈਆਂ ਇਕਜੁੱਟ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ , ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਸਾਂਝੀਆਂ ਜਥੇਬੰਦੀਆਂ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਚਲਾਈ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਅੱਜ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ਨੇ ਸਰਕਾਰੀ ਕੰਮ-ਕਾਜ ਦਾ ਬਾਈਕਾਟ ਕਰਕੇ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ।ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮਨਿਸਟੀਰੀਅਲ ਕਾਮਿਆਂ ਵੱਲੋਂ ਰੋਸ ਰੈਲੀਆਂ ਅਤੇ ਮਾਰਚ ਕੀਤੇ ਗਏ। ਇਸ ਦੌਰਾਨ ਮੁਲਾਜ਼ਮਾਂ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੌਰਭ ਦਾਸ ਦੇ ਪੁਤਲੇ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸੇ ਲੜੀ ਤਹਿਤ ਲੁਧਿਆਣਾ ਵਿਖੇ ਵੱਖ-ਵੱਖ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ 27 ਅਗਸਤ ਦੇ ਸਰਕਾਰੀ ਦਫ਼ਤਰੀ ਮਹਾਂਬੰਦ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਸ ਐਕਸ਼ਨ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਉਲੀਕੀ ਗਈ। ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ 27 ਅਗਸਤ ਨੂੰ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਣਗੇ ਅਤੇ ਵੱਧ-ਚੜ੍ਹ ਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ।ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸਪੱਸ਼ਟ ਕੀਤਾ ਕਿ 27 ਅਗਸਤ ਦਾ ਮਹਾਂਬੰਦ ਸਿਰਫ਼ ਸਰਕਾਰੀ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਬੰਦ ਰੱਖਣ ਤੱਕ ਹੀ ਸੀਮਤ ਹੈ। ਆਮ ਬਾਜ਼ਾਰਾਂ, ਦੁਕਾਨਾਂ, ਵਪਾਰਕ ਅਦਾਰਿਆਂ ਜਾਂ ਨਿੱਜੀ ਸੰਸਥਾਵਾਂ ਨੂੰ ਬੰਦ ਕਰਨ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਭਰਮ ਪੈਦਾ ਨਾ ਕੀਤਾ ਜਾਵੇ। ਇਹ ਐਕਸ਼ਨ ਸਰਕਾਰੀ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨਾਲ ਸਬੰਧਤ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਜਥੇਬੰਦੀ ਨੂੰ ਤੁਰੰਤ ਗੱਲਬਾਤ ਲਈ ਬੁਲਾ ਕੇ ਲੰਬਿਤ ਮੰਗਾਂ ਦਾ ਸਮਾਂਬੱਧ ਅਤੇ ਠੋਸ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪੈਨਸ਼ਨਰ ਇੰਨਫਰਮੇਸ਼ਨ ਸੈਂਟਰ ਯੂਨੀਅਨ,ਪੀਐਸਐਮਯੂ,ਮਾਸਟਰ ਕੇਡਰ ਯੂਨੀਅਨ,ਏਡਿਡ ਸਕੂਲ ਐਸੋਸੀਏਸ਼ਨ,ਪੀਐਸਈਬੀ ਇੰਪਲਾਇਜ ਫੈਡਰੇਸ਼ਨ,ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ,ਬੀ.ਐੱਡ. ਅਧਿਆਪਕ ਫਰੰਟ,ਪਾਵਰ ਕਾਮ ਅਤੇ ਟਰਾਮਰੋ ਪੈਨਸ਼ਨ ਯੂਨੀਅਨ,ਐਲੀਮੈਟਰੀ ਟੀਚਰ ਯੂਨੀਅਨ,ਡੀਟੀਐਫ,ਪੈਨਸ਼ਰਨ ਐਸੋਸੀਏਸ਼ਨ ਪਾਵਰਕੌਮ,ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ । ਇਸ ਮੌਕੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ,ਪੈਨਸ਼ਨਰ ਭਵਨ ਦੇ ਚੇਅਰਮੈਨ ਸੁਸ਼ੀਲ ਕੁਮਾਰ, ਗੁਰਮੇਲ ਮੈਲਡੇ,ਗੁਰਚਰਨ ਦੁੱਗਾ,ਮੁਲਾਜ਼ਮ ਆਗੂ ਸੰਜੀਵ ਭੁਬੰਕ,ਰਾਕੇਸ਼ ਕੁਮਾਰ,ਸੰਜੀਵ ਕੁਮਾਰ,ਗੁਰਚਰਨ ਸਿੰਘ,ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ ।ਉਨ੍ਹਾਂ ਸਮੂਹ ਸਰਕਾਰੀ ਮੁਲਾਜ਼ਮਾਂ, ਅਧਿਕਾਰੀਆਂ, ਪੈਨਸ਼ਨਰਾਂ ਅਤੇ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ 27 ਅਗਸਤ ਦੇ ਸਰਕਾਰੀ ਦਫ਼ਤਰੀ ਮਹਾਂਬੰਦ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਐਕਸ਼ਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।
--