- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੋਟ-ਇਸ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਪੰਜ ਕਾਪੀਆਂ ਪੰਜਾਬੀ ਜਾਗਰਣ ਆਉਂਦੀਆਂ ਹਨ।

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਮੁਕੰਮਲ ਹੋ ਗਿਆ। ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਦੋ ਦਿਨ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਗੁਰੂ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਜਗਤਾਰ ਸਿੰਘ ਰਾਏਪੁਰ ਵਾਲੇ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ, ਸੱਚਖੰਡ ਸ੍ਰੀ ਤਰਨ ਤਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ, ਭਾਈ ਗੁਰਵਿੰਦਰ ਸਿੰਘ ਟੋਨੀ ਤੇ ਬੀਬੀ ਰਜਿੰਦਰ ਕੌਰ ਸਮੇਤ ਹੋਰ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਵੀ ਕੀਤੇ ਗਏ। ਸੰਗਤਾਂ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰ ਸੁਣਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਮਨਮੋਹਕ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ, ਜਿਸ ਕਾਰਨ ਸਮੁੱਚਾ ਗੁਰੂਘਰ ਆਕਰਸ਼ਕ ਦਿਖਾਈ ਦੇ ਰਿਹਾ ਸੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵਿੱਚ ਸੇਵਾ ਨਿਭਾਉਣ ਵਾਲੇ ਕੀਰਤਨੀ ਜਥਿਆਂ ਨੂੰ ਸਿਰੋਪਾਓ ਤੇ ਧਾਰਮਿਕ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਸੁਰਿੰਦਰ ਪਾਲ ਸਿੰਘ ਇੰਦਰਾ, ਨਵਪ੍ਰੀਤ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਟਰੱਸਟੀ ਅਮਰਪਾਲ ਸਿੰਘ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਰਹੇ। ਪ੍ਰਬੰਧਕਾਂ ਨੇ ਸਮਾਗਮ ਵਿੱਚ ਵੱਡੀ ਗਿਣਤੀ ’ਚ ਪੁੱਜਣ ਵਾਲੀ ਸੰਗਤ ਦਾ ਧੰਨਵਾਦ ਕੀਤਾ।