- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਕੱਢੀ

-650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਮੈਰਾਥਨ ’ਚ 30 ਨੌਜਵਾਨਾਂ ਨੂੰ ਦਿੱਤੇ ਮੈਡਲ
ਫ਼ੋਟੋ ਨੰਬਰ-2, 3
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਤੇ ਖੇਡ ਵਿਭਾਗ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ.) ਲੁਧਿਆਣਾ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ‘ਸਮਾਨਤਾ, ਏਕਤਾ ਤੇ ਭਾਈਚਾਰੇ ਲਈ 5 ਕਿਲੋਮੀਟਰ ਦੀ ਮੈਰਾਥਨ ਦੌੜ’ ਕਰਵਾਈ ਗਈ। ਮੈਰਾਥਨ ਨੂੰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਵੱਡੀ ਗਿਣਤੀ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਦਾ ਹੌਸਲਾ ਵਧਾਇਆ।
ਵਿਧਾਇਕ ਸਿੱਧੂ ਨੇ ਮੈਰਾਥਨ ਪੂਰੀ ਕਰਨ ਵਾਲੇ ਪਹਿਲੇ 30 ਨੌਜਵਾਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹਨ ਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜੇਕਰ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਿਆ ਜਾਵੇ ਤਾਂ ਉਹ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ’ਚ ਲਾ ਸਕਦੀ ਹੈ ਅਤੇ ਸਮਾਜ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾ ਸਕਦੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਬਾਣੀ ਤੇ ਸਿੱਖਿਆਵਾਂ ਮਨੁੱਖਤਾ ਨੂੰ ਸਮਾਨਤਾ, ਏਕਤਾ, ਆਪਸੀ ਭਾਈਚਾਰੇ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੰਦੀਆਂ ਹਨ। ਗੁਰੂ ਸਾਹਿਬ ਦਾ ਇਹ ਸੁਨੇਹਾ ਅਜੋਕੇ ਸਮੇਂ ’ਚ ਹੋਰ ਵੀ ਵੱਧ ਪ੍ਰਾਸੰਗਿਕ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਚੰਗੇ ਜੀਵਨ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਗੁਰੂ ਸਾਹਿਬ ਦੀ ਮਹਾਨ ਬਾਣੀ, ਵਿਚਾਰਧਾਰਾ ਤੇ ਮਨੁੱਖਤਾ ਨੂੰ ਜੋੜਨ ਵਾਲਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕੋਚ, ਖਿਡਾਰੀ, ਵਿਦਿਆਰਥੀ ਤੇ ਵੱਡੀ ਗਿਣਤੀ ’ਚ ਨੌਜਵਾਨ ਮੌਜੂਦ ਸਨ।