
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਫ਼ਤਰੀ ਕਾਮਿਆਂ ਨੇ ਕੇਜਰੀਵਾਲ, ਮਾਨ ਤੇ ਸੌਰਵ ਦਾਸ ਦੇ ਪੁਤਲੇ ਫੂਕ ਕੇ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

-ਮੰਗਾਂ ਦਾ ਠੋਸ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਪੰਜਾਬ ਭਰ ਦੇ ਸਮੂਹ ਦਫ਼ਤਰੀ ਕਾਮਿਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਰੈਲੀਆਂ ਅਤੇ ਮਾਰਚ ਕੀਤੇ ਅਤੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੌਰਵ ਦਾਸ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਦਫ਼ਤਰੀ ਕਾਮਿਆਂ ਵੱਲੋਂ ਉਕਤ ਆਗੂਆਂ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ।ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਤਹਿਤ ਸਰਕਾਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕੀਤਾ। ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਸਰਕਾਰ ਦੀ ਟਾਲਮਟੋਲ ਵਾਲੀ ਨੀਤੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ 17 ਅਗਸਤ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਨੂੰ ਪੰਜਾਬ ਭਰ ਦੇ ਦਫ਼ਤਰੀ ਕਾਮਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਮੁਲਾਜ਼ਮ ਵਰਗ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।ਦਫ਼ਤਰੀ ਕਾਮਿਆਂ ਦੀ ਹੜਤਾਲ ਕਾਰਨ ਸਰਕਾਰ ਦੇ ਸਮੂਹ ਦਫ਼ਤਰਾਂ ਵਿੱਚ ਸੁੰਨਸਾਨ ਛਾਈ ਰਹੀ ਜਦਕਿ ਕੰਮਕਾਰਾਂ ਲਈ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਜਥੇਬੰਦੀ ਦੇ ਆਗੂ ਵਿਕਾਸ ਵਿੱਕੀ, ਗੁਰਪ੍ਰੀਤ ਸਿੰਘ ਖੱਟੜਾ ,ਰਾਕੇਸ਼ ਕੁਮਾਰ,ਸੰਜੀਵ ਕੁਮਾਰ,ਭੰਬੁਕ ਅੰਮਿਤ ਅਰੋੜਾ ,ਪ੍ਰਦੀਪ ਭੱਟੀ,ਗੁਰਚਰਨ ਸਿੰਘ,ਹਰਵਿੰਦਰ ਸਿੰਘ,ਗੁਰਚਰਨ ਸਿੰਘ,ਗਰੇਵਾਲ ਅਤੇ ਸੁਨੀਲ ਕੁਮਾਰ ਆਦਿ ਨੇ ਦੱਸਿਆ ਕਿ ਕੱਲ੍ਹ 26 ਅਗਸਤ ਨੂੰ ਵੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਜਾਰੀ ਰਹੇਗੀ ਅਤੇ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। ਇਸ ਤੋਂ ਬਾਅਦ 27 ਅਗਸਤ ਨੂੰ ਪੰਜਾਬ ਭਰ ਦੇ ਦਫ਼ਤਰੀ ਕਾਮੇ ਸਮੂਹਿਕ ਛੁੱਟੀ ਲੈ ਕੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ ਮੁਕੰਮਲ ਤੌਰ ’ਤੇ ਬੰਦ ਰੱਖਣਗੇ।
-ਬਾਕਸ-
-ਕੇਵਲ ਸਰਕਾਰੀ ਦਫ਼ਤਰ ਬੰਦ ਰਹਿਣਗੇ
ਜਥੇਬੰਦੀ ਨੇ ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸਪੱਸ਼ਟ ਕੀਤਾ ਕਿ 27 ਅਗਸਤ ਦਾ “ਮਹਾਂਬੰਦ” ਸਿਰਫ਼ ਸਰਕਾਰੀ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਬੰਦ ਰੱਖਣ ਤੱਕ ਹੀ ਸੀਮਤ ਹੈ। ਇਸ ਦਾ ਆਮ ਬਾਜ਼ਾਰ, ਦੁਕਾਨਾਂ, ਵਪਾਰਕ ਅਦਾਰਿਆਂ ਜਾਂ ਨਿੱਜੀ ਸੰਸਥਾਵਾਂ ਨੂੰ ਬੰਦ ਕਰਵਾਉਣ ਨਾਲ ਕੋਈ ਸਬੰਧ ਨਹੀਂ ਹੈ ਅਤੇ ਜਥੇਬੰਦੀ ਵੱਲੋਂ ਇਨ੍ਹਾਂ ਨੂੰ ਬੰਦ ਰੱਖਣ ਦੀ ਕੋਈ ਅਪੀਲ ਨਹੀਂ ਕੀਤੀ ਗਈ। ਇਹ ਐਕਸ਼ਨ ਸਿਰਫ਼ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨਾਲ ਸਬੰਧਤ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਪ੍ਰੈੱਸ ਸਕੱਤਰ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਧਾਰੀ ਚੁੱਪ ਅਤੇ ਲਗਾਤਾਰ ਟਾਲਮਟੋਲ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਹੋਏ ਪੁਤਲਾ ਫੂਕ ਪ੍ਰਦਰਸ਼ਨਾਂ ਰਾਹੀਂ ਮੁਲਾਜ਼ਮਾਂ ਨੇ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਹੁਣ ਸਿਰਫ਼ ਭਰੋਸਿਆਂ ਨਾਲ ਗੱਲ ਨਹੀਂ ਬਣੇਗੀ, ਸਗੋਂ ਮੰਗਾਂ ਦਾ ਠੋਸ ਅਤੇ ਸਮਾਂਬੱਧ ਹੱਲ ਕਰਨਾ ਪਵੇਗਾ।ਖੱਟੜਾ ਨੇ ਕਿਹਾ ਕਿ ਇਹ ਲੜਾਈ ਸਿਰਫ਼ ਤਨਖ਼ਾਹਾਂ ਜਾਂ ਵਿੱਤੀ ਲਾਭਾਂ ਦੀ ਨਹੀਂ, ਸਗੋਂ ਪੁਰਾਣੀ ਪੈਨਸ਼ਨ, ਪੱਕੇ ਰੁਜ਼ਗਾਰ, ਪੂਰੀ ਤਨਖ਼ਾਹ, ਮੁਲਾਜ਼ਮਾਂ ਦੇ ਹੱਕਾਂ ਅਤੇ ਪੰਜਾਬ ਦੇ ਨੌਜਵਾਨਾਂ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ। ਮੁਲਾਜ਼ਮਾਂ ਦੀਆਂ ਅਸਲ ਮੰਗਾਂ ਅਤੇ ਸੰਘਰਸ਼ ਦੇ ਕਾਰਨਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਪੈਂਫਲੈਟਾਂ, ਪੋਸਟਰਾਂ, ਹੋਰਡਿੰਗਾਂ ਅਤੇ ਸੋਸ਼ਲ ਮੀਡੀਆ ਰਾਹੀਂ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੰਜਾਬ ਰਾਜ ਡੀਸੀ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੇ ਸਬਰ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝਿਆ ਜਾਵੇ। ਜੇਕਰ ਸਰਕਾਰ ਨੇ ਅਜੇ ਵੀ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਟਕਰਾਅ ਵਾਲੀ ਸਥਿਤੀ ਪੈਦਾ ਕਰਨ ਦੀ ਬਜਾਏ ਜਥੇਬੰਦੀ ਨੂੰ ਤੁਰੰਤ ਗੱਲਬਾਤ ਲਈ ਬੁਲਾਇਆ ਜਾਵੇ ਅਤੇ ਲੰਬਿਤ ਮੰਗਾਂ ਦਾ ਸਮਾਂਬੱਧ ਹੱਲ ਕੀਤਾ ਜਾਵੇ।
-ਬਾਕਸ-
ਕਾਮਿਆਂ ਦੀਆਂ ਹੱਕੀ ਮੰਗਾਂ
ਮੁਲਾਜ਼ਮਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਬਕਾਇਆ ਡੀ.ਏ. ਦੀਆਂ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨਾ, ਏ.ਸੀ.ਪੀ. ਸਕੀਮ ਤਹਿਤ 4-9-14 ਸਾਲਾ ਸੇਵਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਕੇ ਪੂਰੀ ਤਨਖ਼ਾਹ ਅਤੇ ਭੱਤੇ ਦੇਣਾ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਖ਼ਤਮ ਕਰਨਾ ਸਮੇਤ ਹੋਰ ਲੰਬਿਤ ਮੰਗਾਂ ਸ਼ਾਮਲ ਹਨ। ਇਸ ਮੌਕੇ ਆਗੂਆਂ ਨੇ ਸਮੂਹ ਸਰਕਾਰੀ ਮੁਲਾਜ਼ਮਾਂ, ਅਧਿਕਾਰੀਆਂ, ਪੈਨਸ਼ਨਰਾਂ ਅਤੇ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਨੂੰ 27 ਅਗਸਤ ਦੇ ਇਸ ਸਰਕਾਰੀ ਦਫ਼ਤਰੀ ਮਹਾਂਬੰਦ ਵਿੱਚ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।---