ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
Publish Date: Fri, 21 Aug 2026 07:42 PM (IST)
Updated Date: Sat, 22 Aug 2026 04:04 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਅੱਜ ਲੁਧਿਆਣਾ ਵਿਖ਼ੇ ਕੰਪਿਊਟਰ ਟੀਚਰ ਯੂਨੀਅਨ, ਜ਼ਿਲ੍ਹਾ ਲੁਧਿਆਣਾ ਵੱਲੋਂ ਡੀਸੀ ਦਫਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕ ਸਾਲ 2011 ਵਿੱਚ ਰੈਗੂਲਰ ਹੋ ਚੁੱਕੇ ਹਨ, ਪਰ ਉਸ ਤੋਂ ਬਾਅਦ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮਿਲ ਰਹੇ ਵਿੱਤੀ ਅਤੇ ਸੇਵਾਮੁਲਕ ਲਾਭ ਇੱਕ-ਇੱਕ ਕਰਕੇ ਖੋਹ ਲਏ ਗਏ। ਇਸ ਕਾਰਨ ਕੰਪਿਊਟਰ ਅਧਿਆਪਕ ਆਪਣੇ ਆਪ ਨੂੰ ਸਰਕਾਰ ਵੱਲੋਂ ਅਣਗੌਲਿਆ ਮਹਿਸੂਸ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਛੇਵੇਂ ਪੰਜਾਬ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨਾ, ਫ਼ਰੀਜ਼ ਕੀਤਾ ਮਹਿੰਗਾਈ ਭੱਤਾ (ਡੀਏ.) ਜਾਰੀ ਕਰਨਾ, ਨੌਕਰੀ ਦੌਰਾਨ ਆਪਣੀ ਜਾਨ ਗੁਆ ਚੁੱਕੇ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਸੀਐਸਆਰ. ਨਿਯਮ ਅਨੁਸਾਰ ਤਰਸ ਦੇ ਆਧਾਰ ਤੇ ਨੌਕਰੀ ਦੇਣਾ, ਸਮੇਂ-ਸਿਰ ਤਰੱਕੀਆਂ, ਸੇਵਾਮੁਲਕ ਲਾਭਾਂ ਦੀ ਬਹਾਲੀ ਅਤੇ ਕੰਪਿਊਟਰ ਅਧਿਆਪਕਾਂ ਨਾਲ ਸਬੰਧਤ ਹੋਰ ਬਕਾਇਆ ਮੰਗਾਂ ਦਾ ਤੁਰੰਤ ਨਿਬੇੜਾ ਕਰਨਾ ਸ਼ਾਮਲ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਂਦੇ ਹਨ, ਪਰ ਅੱਜ ਤੱਕ ਕਿਸੇ ਵੀ ਮੁੱਖ ਮੰਗ ਦਾ ਸਥਾਈ ਹੱਲ ਨਹੀਂ ਕੀਤਾ। ਇਸ ਕਾਰਨ ਸਮੁੱਚੇ ਕੰਪਿਊਟਰ ਅਧਿਆਪਕ ਵਰਗ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਸਟੇਟ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਬੀਰਮੀ ਅਤੇ ਜ਼ਿਲ੍ਹਾ ਪ੍ਰਧਾਨ ਹਰ ਰਾਏ ਕੁਮਾਰ ਨੇ ਕੀਤੀ। ਇਸ ਮੌਕੇ ਹਰ ਰਾਏ ਕੁਮਾਰ, ਕੁਲਵੰਤ ਸਿੰਘ ਪੰਡੋਰੀ, ਜਸਵਿੰਦਰ ਸਿੰਘ, ਯਾਦਵਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਪ੍ਰੀਤ, ਅਮਿਤ, ਅਮਨ, ਰਕੇਸ਼ ਕੁਮਾਰ, ਅੰਮ੍ਰਿਤਪਾਲ, ਵਿਪਨ ਪਾਲ, ਰਜਿੰਦਰ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਪ੍ਰੀਆ, ਵਤਨਜੋਤ ਕੌਰ, ਅਮਨਦੀਪ ਕੌਰ, ਹਰ ਕਮਲਜੀਤ ਕੌਰ ਤੇ ਹੋਰ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜ਼ਰ ਸਨ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੂਬਾ ਪੱਧਰ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ।