- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਤਿੰਨਾਂ ਜੇਲ੍ਹਾਂ ਦੀ ਅਚਨਚੇਤ ਜਾਂਚ, ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਜ਼ਨਾਨਾ ਜੇਲ੍ਹ ਤੇ ਬੋਰਸਟਲ ਜੇਲ੍ਹ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜਾਂਚ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਤਿੰਨਾਂ ਜੇਲ੍ਹਾਂ ਦੇ ਸੁਪਰਡੈਂਟਾਂ ਦੀ ਮੌਜੂਦਗੀ ਵਿੱਚ ਵੱਖ-ਵੱਖ ਬੰਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬੰਦੀਆਂ ਦੀਆਂ ਮੁਸ਼ਕਲਾਂ ਅਤੇ ਜੇਲ੍ਹ ਨਾਲ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਬੰਦੀਆਂ ਵੱਲੋਂ ਦੱਸੀਆਂ ਗਈਆਂ ਜਾਇਜ਼ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਤੇ ਲੁੜੀਂਦੀ ਕਾਰਵਾਈ ਅਮਲ ’ਚ ਲਿਆਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬੰਦੀਆਂ ਨੂੰ ਉਨ੍ਹਾਂ ਦੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜਿਹੜੇ ਬੰਦੀ ਆਪਣੇ ਕੇਸਾਂ ਦੀ ਪੈਰਵੀ ਲਈ ਨਿੱਜੀ ਵਕੀਲ ਕਰਨ ਦੇ ਸਮਰੱਥ ਨਹੀਂ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਲਈ ਜੇਲ੍ਹ ਵਿੱਚ ਸਥਾਪਿਤ ਲੀਗਲ ਏਡ ਕਲੀਨਿਕ ਨਾਲ ਸੰਪਰਕ ਕਰਕੇ ਕਾਨੂੰਨੀ ਸਹਾਇਤਾ ਲਈ ਅਰਜ਼ੀ ਫਾਰਮ ਭਰਿਆ ਜਾ ਸਕਦਾ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਖਾਣੇ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਦਾਲ ਅਤੇ ਰੋਟੀ ਦੀ ਤਿਆਰੀ ਅਤੇ ਬੰਦੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਖੁਰਾਕ ਸਬੰਧੀ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਬੋਰਸਟਲ ਜੇਲ੍ਹ ’ਚ ਨਿਰਮਾਣ ਅਧੀਨ ‘ਬੈਟਰ ਲਾਈਫ ਪ੍ਰਿਜ਼ਨ ਸਕੂਲ’ ਦਾ ਵੀ ਜਾਇਜ਼ਾ ਲਿਆ। ਇਸ ਸਕੂਲ ਰਾਹੀਂ ਹਵਾਲਾਤੀ ਤੇ ਕੈਦੀ ਬੱਚਿਆਂ ਨੂੰ ਆਪਣੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਤੇ ਹੁਨਰਮੰਦ ਬਣਨ ਲਈ ਵੱਖ-ਵੱਖ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਵਿੱਚ ਪੇਂਟਿੰਗ, ਕਲਾਕ੍ਰਿਤੀਆਂ ਤਿਆਰ ਕਰਨ ਦੇ ਨਾਲ-ਨਾਲ ਕੰਪਿਊਟਰ ਕੋਰਸ ਵੀ ਸ਼ਾਮਲ ਹਨ। ਅੰਤ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਤਿੰਨਾਂ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 182 ਆਫ਼ 2025 ਵਿੱਚ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚੈਕਿੰਗ ਦੌਰਾਨ ਸਾਹਮਣੇ ਆਈਆਂ ਕੁਝ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੂੰ ਸਮੇਂ ਸਿਰ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ।