
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੁਧਿਆਣਾ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਸਫਾਈ ਅਭਿਆਨ ਚਲਾਇਆ ਗਿਆ

-ਮਿਸ਼ਨ ਕਲੀਨ ਪੰਜਾਬ : ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ ਜਿੱਥੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਵੱਲੋਂ ਆਪੋ-ਆਪਣੇ ਹਲਕਿਆਂ ’ਚ ਮੁਹਿੰਮ ਦੀ ਅਗਵਾਈ ਕੀਤੀ ਗਈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਵਾਰਡ-24 ਮੂੰਡੀਆਂ ਕਲਾਂ ਤੋਂ ਸਫਾਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਗੁਰਮੀਤ ਸਿੰਘ ਮੂੰਡੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਹਿਬਾਨ ਵੀ ਮੌਜੂਦ ਸਨ। ਮੁੰਡੀਆਂ ਤੇ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਸਫਾਈ ਅਭਿਆਨ ਦੌਰਾਨ, ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਖੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਅਤੇ ਸਮੂਹ ਸਾਥੀਆਂ ਨਾਲ ਇਸ ਵਿਸ਼ੇਸ਼ ਸਫਾਈ ਮੁਹਿੰਮ ਦੀ ਅਗਵਾਈ ਕਰਦਿਆਂ ਲੁਧਿਆਣਾ ਸੈਂਟਰਲ ਵਿਖੇ ਸਫ਼ਾਈ ਕਾਰਜਾਂ ਨੂੰ ਜਾਰੀ ਰੱਖਿਆ ਗਿਆ।
ਇਸ ਦੌਰਾਨ ਸਫਾਈ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕਰਦੇ ਹੋਏ ਇਸ ਵਿਸ਼ੇਸ਼ ਸਫਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਦਿੱਤਾ ਗਿਆ। ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ, ਭਾਈ ਹਿੰਮਤ ਸਿੰਘ ਨਗਰ, ਸ਼ਹੀਦ ਕਰਨੈਲ ਸਿੰਘ ਨਗਰ, ਗੁਰੂ ਨਾਨਕ ਕਾਲੋਨੀ, ਨੇੜੇ ਗਿੱਲ ਨਹਿਰ ਵਿਖੇ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 7, ਮੇਨ ਰਾਹੋਂ ਰੋਡ ਸਫਾਈ ਅਭਿਆਨ ਦੀ ਅਗਵਾਈ ਕੀਤੀ। ਉਨ੍ਹਾਂ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਅਤੇ ਜ਼ਿੰਮੇਵਾਰੀ ਵੀ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛ ਅਭਿਆਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਹਰੇਕ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ।