- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬੱਸਾਂ ਦਾ ਚੱਕਾ ਹੋਇਆ ਜਾਮ ,ਕੱਚੇ ਕਾਮੇ ਗਏ ਹੜਤਾਲ ‘ਤੇ

-ਸਵਾਰੀਆਂ ਹੋਈਆਂ ਖੱਜਲ-ਖੁਆਰ, ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਵਿੱਚ ਸੇਵਾਵਾਂ ਨਿਭਾਅ ਰਹੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੰਨ ਦਿਨਾ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਕਰਕੇ ਜਿੱਥੇ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਦੇ ਖਜ਼ਾਨਾ ਦੀ ਆਮਦਨ ਨੂੰ ਭਾਰੀ ਸੱਟ ਵੱਜ ਰਹੀ ਹੈ। ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਸੋਮਵਾਰ ਤੋਂ ਪੰਜਾਬ ਦੇ ਸਮੂਹ ਬੱਸ ਅੱਡਿਆਂ ਦੇ ਗੇਟਾਂ ਅੱਗੇ ਮੰਗਾਂ ਨੂੰ ਲੈਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਸਥਿੱਤ ਬੱਸ ਅੱਡੇ ’ਤੇ ਕੱਚੇ ਕਾਮਿਆਂ ਵੱਲੋਂ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ।
ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਲੁਧਿਆਣਾ ਬੱਸ ਅੱਡੇ ਵਿੱਚ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਸਬੰਧੀ ਜੋ ਵਾਅਦੇ ਕੀਤੇ ਸਨ,ਨੂੰ ਪੂਰਾ ਨਹੀਂ ਕੀਤਾ ਜਦਕਿ ਕਿ ਰਾਜ ਸੱਤਾ ਸੰਭਾਲਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਥੇਬੰਦੀ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ ਅਤੇ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣਗੀਆਂ ਪਰ 4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ।
ਵੱਖ-ਵੱਖ ਸਮੇਂ ਦੌਰਾਨ ਹੁਣ ਤੱਕ ਸਰਕਾਰ ਨਾਲ ਲੱਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ, ਮੀਟਿੰਗਾਂ ਦੌਰਾਨ ‘ਆਪ’ ਦੀ ਸਰਕਾਰ ਵੱਲੋਂ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕਰਕੇ ਮੰਗਾਂ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਜੋ ਕਮੇਟੀਆਂ ਗਠਿਤ ਕਰਕੇ ਗੁਮਰਾਹ ਕੀਤਾ ਜਾ ਰਿਹਾ ਹੈ ,ਜਿਸ ਕਰਕੇ ਕਾਮਿਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜਤਾਲ ਦੌਰਾਨ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਸਰਕਾਰ /ਮੈਨੇਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ।
-ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ
ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਕੱਚੇ ਕਾਮਿਆਂ ਵੱਲੋਂ ਐਲਾਨੀ ਹੜਤਾਲ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਿਹੜੇ ਟ੍ਰਾਂਸਪੋਰਟ ਵਿਭਾਗ ਦੇ ਮੰਤਰੀ ਵੀ ਹਨ, ਦੇ ਨਾਲ ਚੰਡੀਗੜ੍ਹ ਵਿੱਚ ਕਾਮਿਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਪਰ ਸਰਕਾਰ ਵੱਲੋਂ ਕੱਚੇ ਕਾਮਿਆਂ ਦੀਆਂ ਮੰਨੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਕੋਈ ਵੀ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ, ਜਿਸ ਕਰਕੇ ਕਾਮਿਆਂ ਵੱਲੋਂ ਹੜਤਾਲ ਜਾਰੀ ਰੱਖਦਿਆਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਬਿਨਾਂ ਕਿਸੇ ਸਾਰਥਕ ਸਿੱਟੇ ਤੋਂ ਸਮਾਪਤ ਹੋ ਗਈ, ਜਿਸ ਕਰਕੇ ਕਾਮਿਆਂ ਦੀ ਹੜਤਾਲ ਨਿਰਵਿਘਨ ਜਾਰੀ ਰਹੇਗੀ।
-ਮੰਗਾਂ ਦੀ ਪੂਰਤੀ ਕਰਵਾਉਣ ਲਈ ਸ਼ੁਰੂ ਕਰਾਂਗੇ ਭੁੱਖ ਹੜਤਾਲ : ਕੱਚੇ ਕਾਮੇ
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਮੰਗਾਂ ਪੂਰੀਆਂ ਕਰਨ ਲਈ ਕੋਈ ਵੀ ਠੋਸ ਉਪਰਾਲਾ ਨਹੀ ਕੀਤਾ, ਮੰਗਾਂ ਦੇ ਸਬੰਧ ਵਿੱਚ ਸਰਕਾਰ ਵੱਲੋਂ ਕੋਈ ਵੀ ਪੱਤਰ ਤੁਰੰਤ ਜਾਰੀ ਕਰਨ ਲਈ ਕੋਈ ਵੀ ਹੁਕਮ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਕੱਚੇ ਕਾਮਿਆਂ ਦੇ ਪੱਲੇ ਨਿਰਾਸ਼ਾ ਪਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਕੱਲ੍ਹ 4 ਅਗਸਤ ਨੂੰ ਸੂਬੇ ਦੇ ਸਾਰੇ ਬੱਸ ਡਿਪੂਆਂ ਦੇ ਕੱਚੇ ਕਾਮੇ ਸਵੇਰ ਵੇਲੇ ਮੋਹਾਲੀ ਇਕੱਠੇ ਹੋਣਗੇ ਅਤੇ ਫਿਰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦੇ ਹੋਏ ਉਨ੍ਹਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਸਮੇਤ ਹੋਰ ਸੂਬਾਈ ਆਗੂ ਵੀ ਮੌਜੂਦ ਸਨ।