- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ’ਤੇ ਉਤਸ਼ਾਹ ਨਾਲ ਮਨਾਇਆ

-ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਧੰਨ-ਧੰਨ 8ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਵੱਲੋਂ ਦਰਸਾਏ ਸੇਵਾ, ਨਿਮਰਤਾ ਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਅਹਿਦ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਸੀ, ਜਿਸ ਦੇ ਭੋਗ ਪੈਣ ਉਪਰੰਤ ਰਸਭਿੰਨਾ ਕੀਰਤਨ ਕੀਤਾ। ਕੀਰਤਨ ਦੌਰਾਨ ਸੰਗਤ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਬਾਣੀ ਦਾ ਆਨੰਦ ਮਾਣਿਆ। ਪੂਰਾ ਸਕੂਲ ਗੁਰਬਾਣੀ ਅਤੇ ਸਤਿਨਾਮ-ਵਾਹਿਗੁਰੂ ਦੇ ਜਾਪ ਨਾਲ ਰੂਹਾਨੀ ਮਾਹੌਲ ਵਿੱਚ ਰੰਗਿਆ ਨਜ਼ਰ ਆਇਆ।
ਇਸ ਮੌਕੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਲਈ ਗੁਰੂ ਕੇ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਦੌਰਾਨ ਸੇਵਾ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਵੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਗਿੱਲ ਮਾਰਕੀਟ ਬਰਾਂਚ ਦੇ ਚੇਅਰਪਰਸਨ ਜਤਿੰਦਰ ਸਿੰਘ, ਪਵਨਦੀਪ ਸਿੰਘ ਸਹਿਗਲ ਅਤੇ ਸਮੂਹ ਮੈਨੇਜਮੈਂਟ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵੀ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰਪੁਰਬ ਮਨਾਉਣ ਦੀ ਸਾਰਥਕਤਾ ਤਾਂ ਹੀ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ, ਸੇਵਾ, ਨਿਮਰਤਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਦੇ ਹੋਏ ਆਪਣਾ ਜੀਵਨ ਬਤੀਤ ਕਰੀਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਣਾਸਰੋਤ ਹੈ। ਗੁਰੂ ਸਾਹਿਬ ਜੀ ਨੇ ਛੋਟੀ ਉਮਰ ਵਿੱਚ ਹੀ ਮਨੁੱਖਤਾ ਦੀ ਸੇਵਾ ਅਤੇ ਦੁਖੀ ਲੋਕਾਂ ਦੀ ਮਦਦ ਕਰਕੇ ਇੱਕ ਮਹਾਨ ਮਿਸਾਲ ਕਾਇਮ ਕੀਤੀ। ਸਕੂਲ ਵੱਲੋਂ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਸੇਵਾ, ਸਤਿਕਾਰ ਤੇ ਨਿਮਰਤਾ ਦੀ ਭਾਵਨਾ ਪੈਦਾ ਕਰਨਾ ਹੈ। ਸਮਾਗਮ ਦੇ ਅੰਤ ਵਿੱਚ ਗੁਰੂ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਸਮੂਹ ਸੰਗਤ ਨੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।