
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਮੰਗਾਂ ਨੂੰ ਲੈ ਕੇ ਸਿਹਤ ਕਾਮਿਆਂ ਨੇ ਬੰਦ ਰੱਖੇ ਆਮ ਆਦਮੀ ਕਲੀਨਿਕ

ਫ਼ੋਟੋ ਨੰਬਰ-58
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸਿਹਤ ਕਾਮਿਆਂ ਦੀ ਜਥੇਬੰਦੀ, ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅੱਜ ਸੂਬਾ ਭਰ ਵਿੱਚ ਆਮ ਆਦਮੀ ਕਲੀਨਿਕ ਬੰਦ ਕਰਕੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਧਰਨਾ ਦਿੱਤਾ ਗਿਆ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਵਿੱਚ ਵੀ ਸਿਹਤ ਕਾਮਿਆਂ ਵੱਲੋਂ ਸਿਵਲ ਸਰਜਨ ਦਫਤਰ ਅੱਗੇ ਰੋਸ ਧਰਨਾ ਦਿੰਦਿਆਂ ਪ੍ਰਦਰਸ਼ਨ ਕੀਤਾ ਗਿਆ । ਸਾਂਝਾ ਫਰੰਟ ਦੇ ਸੂਬਾਈ ਆਗੂ ਪਰਮਜੀਤ ਸਿੰਘ,ਡਾ ਤਲਵਿੰਦਰ ਸਿੰਘ,ਮਨਮੋਹਣ ਸ਼ਰਮਾ ਅਤੇ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਮਹੀਨੇ 27 ਜੁਲਾਈ ਨੂੰ ਕੀਤੀ ਗਈ ਹੜਤਾਲ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਿਹਤ ਕਾਮਿਆਂ ਦੇ
ਇਨਸੈਂਟਿਵ ਵਿੱਚ ਵਾਧਾ ਕਰਨ,ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ ਦੇਣ, ਕਾਮਿਆਂ ਨੂੰ ਨੌਕਰੀ ਦੀ ਸੁਰੱਖਿਆ ਦੇਣ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰਕੇ ਕਰਮਚਾਰੀਆਂ ਨੂੰ ਨਿਰਦੇਸ਼ਕ ਸਿਹਤ ਸੇਵਾਵਾਂ ਵਿਭਾਗ ਅਧੀਨ ਕਾਂਟ੍ਰੈਕਟ 'ਤੇ ਲਿਆਉਣ ਬਾਰੇ ਸਹਿਮਤੀ ਬਣੀ ਸੀ ਪਰ ਲਗਭਗ ਇਕ ਮਹੀਨਾ ਹੋ ਜਾਣ ਦੇ ਬਾਵਜੂਦ ਅਜੇ ਤੱਕ ਇਨ੍ਹਾਂ ਵਿੱਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਰੋਸ ਵਜੋਂ ਡਾਕਟਰਾਂ,ਫਾਰਮਾਸਿਸਟਾਂ ,ਲੈਬ ਟੈਕਨੀਸ਼ੀਅਨ ਅਤੇ ਨਰਸਿੰਗ ਸਟਾਫ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਓਪੀਡੀਜ਼ ਮੁਕੰਮਲ ਬੰਦ ਰੱਖਣ ਲਈ ਮਜਬੂਰ ਹੋਣਾ ਪਿਆ ।ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ।ਉਨ੍ਹਾਂ ਅੱਗੇ ਕਿਹਾ ਜੇਕਰ ਸਰਕਾਰ ਨੇ ਟਾਲ ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਸਿਹਤ ਕਾਮੇ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ ।ਇਸ ਮੌਕੇ ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਸੀਐਚਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ।
ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਕੀਤੇ ਮੰਗਾਂ ਨੂੰ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਵਿੱਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ। ਅੱਜ ਰੋਸ ਧਰਨੇ ਦੌਰਾਨ ਸਿਹਤ ਵਿਭਾਗ ਨਾਲ ਸਬੰਧਿਤ ਕੱਚੇ ਪੱਕੇ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਤੇ ਧਰਨੇ ਵਿਚ ਸਹਿਯੋਗ ਦਿੱਤਾ। ਕਲੀਨਿਕਾਂ ਵਿੱਚ ਓਪੀਡੀਜ਼ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਨਿਰਾਸ਼ ਹੋ ਕੇ ਮੁੜਨਾ ਪਿਆ।