- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਹਲਕਾ ਲੁਧਿਆਣਾ ਪੂਰਬੀ ਦੇ ਹਾਲਾਤ ਬਦ ਤੋਂ ਬਦਤਰ ਹੋਏ-ਢਿੱਲੋਂ

-ਕਿਹਾ, ਨਸ਼ਾ ਤੇ ਭ੍ਰਿਸ਼ਟਾਚਾਰ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ
ਫ਼ੋਟੋ ਨੰਬਰ-45
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਅਕਾਲੀ ਦਲ ਵੱਲੋਂ ਚਲਾਏ ਜਾ ਰਹੇ ਵਰਕਰ ਵਿਚਾਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਸਰਕਲ ਨੂਰਵਾਲਾ ਦੇ ਵਰਕਰ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੁਧਿਆਣਾ ਖਾਸ ਕਰਕੇ ਲੁਧਿਆਣਾ ਪੂਰਬੀ ਹਲਕੇ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 9 ਸਾਲਾਂ ਤੋਂ ਲੁਧਿਆਣਾ ਪੂਰਬੀ ਹਲਕੇ ਦੀ ਹਰ ਪੱਖੋਂ ਹਾਲਤ ਲਗਾਤਾਰ ਨਿਘਰਦੀ ਜਾ ਰਹੀ ਹੈ। ਇਸ ਵਾਰ ਬਹੁਤ ਜ਼ਿਆਦਾ ਬਰਸਾਤ ਨਾ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਕਈ ਥਾਵਾਂ ’ਤੇ ਸੜਕਾਂ ਪੁੱਟੀਆਂ ਪਈਆਂ ਹਨ ਅਤੇ ਕਈ ਜਗ੍ਹਾਂ ਸੜਕਾਂ ਧਸ ਰਹੀਆਂ ਹਨ। ਨੂਰਵਾਲਾ ਰੋਡ, ਰਾਹੋਂ ਰੋਡ, ਤਾਜਪੁਰ ਰੋਡ ਸਮੇਤ ਅਨੇਕਾਂ ਪ੍ਰਮੁੱਖ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਲੁਧਿਆਣਾ ਵਿੱਚ ਨਸ਼ੇ ਦੀ ਖੁੱਲ੍ਹੇਆਮ ਵਿਕਰੀ, ਕਤਲਾਂ ਅਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਜਿਸਟਰੀਆਂ ਕਰਵਾਉਣ ਲਈ ਲੋਕਾਂ ਨੂੰ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਤਹਿਸੀਲ ਪੱਧਰ ’ਤੇ ਲੱਖਾਂ ਰੁਪਏ ਤੱਕ ਦੀ ਰਿਸ਼ਵਤ ਮੰਗੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਬੰਧਤ ਨੁਮਾਇੰਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਚੁੱਪ ਧਾਰੀ ਬੈਠੇ ਹਨ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਅੱਜ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕ ਆਪਣੇ ਜਾਨ-ਮਾਲ ਦੇ ਆਪ ਹੀ ਰਾਖੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਕਾਰਨ ਕਾਰੋਬਾਰੀ ਆਪਣੇ ਕਾਰੋਬਾਰ ਪੰਜਾਬ ਤੋਂ ਬਾਹਰ ਲਿਜਾਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡਾ ਨੁਕਸਾਨ ਹੋ ਰਿਹਾ ਹੈ। ਵਿਚਾਰ ਮਿਲਣੀ ਦਾ ਪ੍ਰਬੰਧ ਬਲਵਿੰਦਰ ਸਿੰਘ ਬਾਜੜਾ ਅਤੇ ਸਿਮਰਜੀਤ ਸਿੰਘ ਸਮਰਾ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ ਜੱਜੀ, ਐਸਸੀ ਵਿੰਗ ਦੇ ਹਲਕਾ ਪ੍ਰਧਾਨ ਰਤਨ ਵੜੈਚ, ਅਸ਼ੋਕ ਚੌਹਾਨ, ਸੁਰੇਸ਼ ਬੱਬੂ ਭਾਰਦਵਾਜ, ਬਲਰਾਜ ਸੇਠੀ, ਵਾਰਡ ਪ੍ਰਧਾਨ ਮੁਨੀਸ਼ ਸਹਿਗਲ, ਬਲਵੀਰ ਸਿੰਘ ਭਿੰਡਰ, ਕੇਕੇ ਬਾਂਡਾ, ਅਸ਼ੋਕ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।