- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਣੀਆਂ ਵਿਖੇ ਹੋਈ ਕਾਂਗਰਸੀ ਵਰਕਰਾਂ ਦੀ ਮੀਟਿੰਗ

-ਕਿਹਾ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਪਿੰਡ ਰਣੀਆਂ ਵਿਖੇ ਸਾਬਕਾ ਸਰਪੰਚ ਨਿੰਦਾ ਰਣੀਆਂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕਾਂਗਰਸੀ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਉਨ੍ਹਾਂ ਪਿੰਡ ’ਚ ਲਾਈਆਂ ਗਈਆਂ ਸੋਲਰ ਲਾਈਟਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਸਾਬਕਾ ਸਰਪੰਚ ਨਿੰਦਾ ਰਣੀਆਂ ਵੱਲੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਿੰਡ ਵਿੱਚ ਸੋਲਰ ਲਾਈਟਾਂ ਲਾਉਣ ਲਈ ਪਿੰਡ ਵਾਸੀਆਂ ਵੱਲੋ ਮੰਗ ਰੱਖੀ ਗਈ ਸੀ ਜਿਸ ਦੇ ਆਧਾਰ 'ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐੱਮਪੀ ਕੋਟੇ ਵਿੱਚੋਂ ਪਿੰਡ ਵਿੱਚ ਸੋਲਰ ਲਾਈਟਾਂ ਲਾਈਆਂ ਗਈਆਂ ਹਨ। ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਵੈਦ ਨੇ 6 ਅਗਸਤ ਨੂੰ ਲੁਧਿਆਣਾ ਦਿਹਾਤੀ ਦੇ ਪੰਜ ਵਿਧਾਨ ਸਭਾ ਹਲਕਿਆਂ ਗਿੱਲ, ਸਾਹਨੇਵਾਲ, ਜਗਰਾਓਂ, ਰਾਏਕੋਟ ਤੇ ਦਾਖਾ ਦੇ ਅਹੁਦੇਦਾਰਾਂ ਦੀ ਪੱਖੋਵਾਲ ਰੋਡ ਸਥਿੱਤ ਮੈਰਿਜ ਪੈਲੇਸ ਵਿੱਚ ਹੋਣ ਵਾਲੀ ਅਹਿਮ ਮੀਟਿੰਗ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਹ ਮੀਟਿੰਗ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ ਰਣਨੀਤੀ ਤਿਆਰ ਕਰਨ ਲਈ ਅਹਿਮ ਸਾਬਤ ਹੋਵੇਗੀ।
ਉਨ੍ਹਾਂ ਦੋਸ਼ ਲਾਇਆ ਕਿ ਕੁੱਝ ਸ਼ਰਾਰਤੀ ਅਨਸਰ ਕਾਂਗਰਸ ਦੇ ਪ੍ਰੋਗਰਾਮਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਹਰ ਸਮਾਗਮ ਨੂੰ ਅਨੁਸ਼ਾਸਨ ਅਤੇ ਏਕਤਾ ਨਾਲ ਸਫਲ ਬਣਾਇਆ ਜਾਵੇ। ਵੈਦ ਨੇ ਕਿਹਾ ਕਿ ਕਾਂਗਰਸ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ, ਹਰ ਧਰਮ ਅਤੇ ਹਰ ਜਾਤ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਵੈਦ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ ਅਤੇ ਲੋਕਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਪੰਜਾਬ ਦੇ ਪੈਸੇ ਨਾਲ ਦੂਜੇ ਸੂਬਿਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਇਸ਼ਤਿਹਾਰ ਦਿੱਤੇ ਜਾ ਰਹੇ ਹਨ, ਜਿਸ ਬਾਰੇ ਸਰਕਾਰ ਨੂੰ ਲੋਕਾਂ ਅੱਗੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਮਹਿੰਗਾਈ, ਐਥਨੋਲ ਮਿਸ਼ਰਣ, ਕਿਸਾਨਾਂ ਦੀ ਆਮਦਨ, ਬੇਰੁਜ਼ਗਾਰੀ ਅਤੇ ਵਧਦੇ ਆਰਥਿਕ ਬੋਝ ਵਰਗੇ ਮੁੱਦੇ ਚੁੱਕਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੁਲਦੀਪ ਸਿੰਘ ਵੈਦ ਦਾ ਪਿੰਡ ਨੂੰ ਸੋਲਰ ਲਾਈਟਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਹਲਕਾ ਗਿੱਲ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਗਿੱਲ, ਯੂਥ ਕਾਂਗਰਸ ਪ੍ਰਧਾਨ ਹਰਜੋਤ ਸਿੰਘ ਗਰੇਵਾਲ, ਦਵਿੰਦਰ ਲਲਤੋਂ, ਦਲਵੀਰ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਲੱਖੀ ਗਿੱਲ, ਅਮਨਦੀਪ ਸਿੰਘ ਅਤੇ ਸਮੂਹ ਪੰਚ, ਸਾਬਕਾ ਪੰਚ ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ, ਬਿੰਦਰ ਰਣੀਆਂ, ਰਾਣਾ ਰਣੀਆਂ, ਬੱਬੀ ਰਣੀਆਂ, ਜਗਤਾਰ ਸ਼ੌਂਕੀ, ਸੋਨੀ ਢੱਟ, ਬਿੱਲਾ ਰਣੀਆਂ, ਬਬਲੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।