
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੋਕ 3 ਨੰਬਰ ਪੰਨੇ ਦੀ ਲੀਡ-ਸੂਬਾ ਭਰ ਵਿੱਚ ਦਫ਼ਤਰੀ ਕਾਮਿਆਂ ਦੀ ਹੜਤਾਲ ਪੰਜਵੇਂ ਦਿਨ ਵੀ ਰਹੀ ਜਾਰੀ

-ਦਫ਼ਤਰੀ ਕਾਮਿਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਰੋਸ ਵਜੋਂ ਪੈਨ ਡਾਉਨ/ਕੰਪਿਊਟਰ ਰੱਖਿਆ ਬੰਦ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਰਕਾਰ ਦੇ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਦਫ਼ਤਰੀ ਕਾਮਿਆਂ ਦੀ ਸੂਬਾ ਭਰ ਵਿੱਚ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ । ਦਫ਼ਤਰੀ ਕਾਮਿਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਵਜੋਂ ਪੈਨ ਡਾਉਨ/ਕੰਪਿਊਟਰ ਬੰਦ ਰੱਖਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਪੰਜਾਬ ਸਰਕਾਰ ਨੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਦਫ਼ਤਰੀ ਕਾਮਿਆਂ ਦੀ ਹੜਤਾਲ ਨੂੰ ਪੰਜਾਬ ਮੁਲਾਜ਼ਮ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰਜ਼ ਫਰੰਟ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ।
ਜਥੇਬੰਦੀ ਦੇ ਆਗੂ ਸੰਦੀਪ ਭੁੰਬਕ, ਵਿੱਕੀ ਜੁਨੇਜਾ, ਅਮਿਤ ਅਰੋੜਾ,ਸੰਜੀਵ ਭਾਰਗਵ, ਗੁਰਚਰਨ ਪੰਧੇਰ ਗੁਰਮੇਲ ਸਿੰਘ ਮੈਡਲੇ, ਸੁਨੀਲ ਕੁਮਾਰ, ਸੁਸ਼ੀਲ ਕੁਮਾਰ ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਭੁੱਲ ਚੁੱਕੀ ਹੈ। ਸਰਕਾਰ ਨੂੰ ਉਸਦੇ ਵਾਅਦੇ ਯਾਦ ਕਰਵਾਉਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਮੋਰਚਾ ਖੋਲ੍ਹਿਆ ਗਿਆ ਹੈ।ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੈਨਸ਼ਨਰਾਂ ਦੀ ਪੇ-ਫਿਕਸੇਸ਼ਨ 2.59 ਦੇ ਗੁਣਾਂਕ ਨਾਲ ਕਰਨਾ, ਮੁਲਾਜ਼ਮ ਮਾਰੂ ਪੱਤਰ ਮਿਤੀ 17-07-2020 ਅਤੇ 15-01-2015 ਵਾਪਸ ਲੈਣਾ, ਏ.ਸੀ.ਪੀ. ਸਕੀਮ ਲਾਗੂ ਕਰਨਾ, ਪੇਂਡੂ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਬਹਾਲ ਕਰਨਾ, ਮਾਣ-ਭੱਤਾ/ਇਨਸੈਂਟਿਵ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣਾ ਅਤੇ ਕੱਚੇ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਸ਼ਾਮਲ ਹਨ। ਦਫ਼ਤਰੀ ਕਾਮਿਆਂ ਦੀ ਉਕਤ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਖੱਟੜਾ ਤੋਂ ਇਲਾਵਾ ਪੰਜਾਬ ਰਾਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਐਕਸ਼ਨ ਦਿੱਤੇ ਜਾਣਗੇ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਜਬੂਤ ਕੀਤਾ ਗਿਆ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।