- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਰਮੇਸੀ ਵਿਦਿਆਰਥੀਆਂ ਨੇ ਪੇਪਰ ਲੀਕ ਮਾਮਲੇ ਸਬੰਧੀ ਕੀਤਾ ਰੋਸ ਪ੍ਰਦਰਸ਼ਨ

ਫੋਟੋ ਨੰਬਰ-16
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ : ਵੇਰਕਾ ਪਲਾਂਟ ਦੇ ਸਾਹਮਣੇ ਲੁਧਿਆਣਾ ਦੇ ਵੱਖ-ਵੱਖ ਫਾਰਮੇਸੀ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਵੀ ਵਿਦਿਆਰਥੀਆਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ। ਸਮਾਜ ਸੇਵੀ ਸੂਭਮ ਸ਼ਰਮਾ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਕੀਤਾ ਹੈ, ਜਿਸ ਨਾਲ ਗਰੀਬ ਤੇ ਮਿਹਨਤੀ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਰਲ ਕੇ ਸਾਰੇ ਮਾਮਲੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਸਗੋਂ ਸੱਚਾਈ ਇਹ ਹੈ ਕਿ ਪ੍ਰੀਖਿਆ ਪੇਪਰ ਲਈ ਕੀਤਾ ਸੀ, ਜੋ ਨਿੰਦਣਯੋਗ ਹੈ। ਵਿਦਿਆਰਥੀ ਏਕਤਾ ਦੇ ਆਗੂ ਮ੍ਰਿਗਬੀਰ ਸਿੰਘ ਚੱਡਾ ਨੇ ਕਿਹਾ ਕਿ ‘ਆਪ’ ਦੇ ਆਗੂ ਦਿੱਲੀ ਦੇ ਜੰਤਰ ਮੰਤਰ ਚੌਕ ਉੱਤੇ ਜਾ ਕੇ ਪੇਪਰ ਲੀਕ ਵਿਰੁੱਧ ਵਿਦਿਆਰਥੀਆਂ ਦੀ ਹਿਮਾਇਤ ਕਰ ਰਹੇ ਹਨ ਪਰ ਪੰਜਾਬ ’ਚ ਵੱਡੇ ਪੱਧਰ ’ਤੇ ਪੇਪਰ ਲੀਕ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀਆਂ ਚਾਹੀਦੀਆਂ ਹਨ।
ਪੇਪਰ ਚੈਕਿੰਗ ਦੀ ਪੂਰੀ ਤਰ੍ਹਾਂ ਪਾਰਦਰਸ਼ਿਤਾ ਹੋਵੇ। ਉਹਨਾਂ ਕਿਹਾ ਕਿ ਪੇਪਰ ਲੀਕ ਮਾਮਲੇ ਦੇ ਸੱਚਾਈ ਸਿਰਫ ਇਕ ਨਿਰਪੱਖ ਜਾਂਚ ਨਾਲ ਹੀ ਸਾਹਮਣੇ ਆ ਸਕਦੀ ਹੈ, ਜਿਸ ਨਾਲ ਉਹਨਾਂ 7 ਹਜ਼ਾਰ ਵਿਦਿਆਰਥੀਆਂ ਨੂੰ ਨਿਆ ਮਿਲੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਨੂੰ ਕੇਸ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। ਸਮਾਜ-ਸੇਵੀ ਪੁਰਸ਼ਾਰਥ ਸ਼ਰਮਾ ਨੇ ਕਿਹਾ ਕਿ ਜਿਹੜੇ ਸਕੂਲਾਂ ਵਿੱਚ ਫਾਰਮੇਸੀ ਅਫਸਰਾਂ ਦੀ ਭਰਤੀ ਦਾ ਪੇਪਰ ਕਰਵਾਇਆ, ਉਹ ਸਿੱਖਿਆ ਮੰਤਰੀ ਬੈਂਸ ਦੇ ਮਹਿਕਮੇ ਅਧੀਨ ਆਉਂਦੇ ਹਨ ਤੇ ਪ੍ਰੀਖਿਆ ਕੇਂਦਰ ਵਿਚ ਤਾਇਨਾਤ ਅਧਿਆਪਕ ਵੀ ਸਿੱਖਿਆ ਮਹਿਕਮੇ ਨਾਲ ਸਬੰਧਿਤ ਹਨ। ਇਸ ਕਰਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੀ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਉਹਨਾਂ ਨੇ ਇਹ ਮਾਮਲਾ ਨਕਲ ਦਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ ਤੇ ਸਾਰੇ ਮਾਮਲੇ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰੀ ਦੇ ਅਸਤੀਫੇ ਤੋਂ ਬਾਅਦ ਸੱਚਾਈ ਲੋਕਾਂ ਦੇ ਸਾਹਮਣੇ ਆ ਜਾਵੇਗੀ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਸਾਰੇ ਵਿਦਿਆਰਥੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੇ ਵੱਖ-ਵੱਖ ਸਮਾਜਿਕ ਸੰਗਠਨਾਂ, ਕਿਸਾਨ ਜਥੇਬੰਦੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਾਰਮੇਸੀ ਵਿਦਿਆਰਥੀਆਂ ਦੇ ਹੱਕ ’ਚ ਆਉਣ, ਤਾਂ ਜੋ ਪੇਪਰ ਲੀਕ ਵਰਗੇ ਮਾਮਲਿਆਂ ਨੂੰ ਠੱਲ੍ਹ ਪਾਈ ਜਾ ਸਕੇ।