
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਮਿੱਡਾ ਚੌਂਕ ’ਚ ਰੇਹੜੀ-ਫੜ੍ਹੀ ਵਾਲਿਆਂ ਦਾ ਸਮਰਾਜ

-ਸਰਕਾਰੀ ਸਕੂਲ ਦੇ ਬਾਹਰ ਰੇਹੜੀ-ਫੜ੍ਹੀ ਵਾਲਿਆਂ ਨੇ ਕੀਤਾ ਕਬਜ਼ਾ, ਦੇਰ ਸ਼ਾਮ ਤਕ ਹੁੰਦੈ ਕਾਰੋਬਾਰ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਮਿੱਡਾ ਚੌਕ ਦੇ ਦੋਵੇਂ ਪਾਸੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕੀਤੇ ਕਬਜ਼ਿਆਂ ਕਾਰਨ ਇਲਾਕਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਗੱਲ ਇਹ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਵਾਹਰ ਨਗਰ ਕੈਂਪ ਦੇ ਬਾਹਰ ਬਾਅਦ ਦੁਪਹਿਰ ਰੇਹੜੀਆਂ ਲੱਗਣ ਕਾਰਨ ਸਕੂਲ ਦੇ ਆਲੇ-ਦੁਆਲੇ ਦਾ ਮਾਹੌਲ ਵੀ ਪ੍ਰਭਾਵਿਤ ਹੋ ਰਿਹਾ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਦੁਪਹਿਰ ਤੋਂ ਬਾਅਦ ਸਕੂਲ ਦੇ ਬਾਹਰ ਰੇਹੜੀ-ਫੜ੍ਹੀ ਵਾਲਿਆਂ ਦੀ ਗਿਣਤੀ ਵਧ ਜਾਂਦੀ ਹੈ ਅਤੇ ਦੇਰ ਸ਼ਾਮ ਤੱਕ ਇੱਥੇ ਭੀੜ ਬਣੀ ਰਹਿੰਦੀ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਦੇਰ ਸ਼ਾਮ ਇੱਥੇ ਸ਼ਰਾਬ ਪੀਣ ਵਾਲਿਆਂ ਦੀਆਂ ਸਰਗਰਮੀਆਂ ਵੀ ਦੇਖਣ ਨੂੰ ਮਿਲਦੀਆਂ ਹਨ, ਜਿਸ ਕਾਰਨ ਸਕੂਲ ਦੇ ਨੇੜਲੇ ਮਾਹੌਲ ਨੂੰ ਲੈ ਕੇ ਮਾਪਿਆਂ ਵਿੱਚ ਚਿੰਤਾ ਹੈ।
ਸਵੇਰੇ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਅਕਸਰ ਸਕੂਲ ਦੇ ਆਸ-ਪਾਸ ਗੰਦਗੀ ਦੇ ਢੇਰ ਤੇ ਖਿੱਲਰੇ ਹੋਏ ਕੂੜੇ ਦਾ ਸਾਹਮਣਾ ਕਰਨਾ ਪੈਂਦਾ ਹੈ। ਰੇਹੜੀਆਂ ’ਤੇ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਤੋਂ ਬਾਅਦ ਬਚਿਆ ਕੂੜਾ ਸੜਕਾਂ ਅਤੇ ਫੁੱਟਪਾਥਾਂ ’ਤੇ ਪਿਆ ਰਹਿੰਦਾ ਹੈ, ਜਿਸ ਨਾਲ ਸਫ਼ਾਈ ਵਿਵਸਥਾ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਲਾਕਾ ਵਾਸੀਆਂ ਮੁਤਾਬਕ ਨਿਗਮ ਦੇ ਜ਼ੋਨ ਡੀ ਅਧੀਨ ਤਹਿਬਾਜ਼ਾਰੀ ਵਿਭਾਗ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕੀਤੇ ਜਾ ਰਹੇ ਕਬਜ਼ਿਆਂ ਤੇ ਗੰਦਗੀ ਸਬੰਧੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ।
ਸਥਾਨਕ ਦੁਕਾਨਦਾਰਾਂ ਨੇ ਨਿਗਮ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਿੱਡਾ ਚੌਂਕ ਤੇ ਸਰਕਾਰੀ ਸਕੂਲ ਦੇ ਬਾਹਰ ਕੀਤੇ ਕਬਜ਼ਿਆਂ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਕੂਲ ਦੇ ਆਲੇ-ਦੁਆਲੇ ਸਫ਼ਾਈ ਯਕੀਨੀ ਬਣਾਉਣ ਅਤੇ ਦੇਰ ਸ਼ਾਮ ਹੋਣ ਵਾਲੀਆਂ ਕਥਿਤ ਗੈਰ-ਕਾਨੂੰਨੀ ਸਰਗਰਮੀਆਂ ’ਤੇ ਵੀ ਨਜ਼ਰ ਰੱਖਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਦੋਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਤੇ ਜੋਨ ਡੀ ਦੇ ਤਹਿਬਾਜ਼ਾਰੀ ਵਿਭਾਗ ਦੇ ਇੰਚਾਰਜ ਜਸਦੇਵ ਸਿੰਘ ਸੇਖੋਂ ਨਾਲ ਗੱਲ ਕਰਨ ਲਈ ਫੋਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।