- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਥਿੱਤ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਦੋਸ਼ਾਂ ਨਾਲ ਮਚੀ ਹਲਚਲ

-ਦਿਨ-ਰਾਤ ਦੌੜਦੇ ਟਿੱਪਰਾਂ ਤੇ ਟਰੈਕਟਰ-ਟਰਾਲੀਆਂ ਨੂੰ ਲੈ ਕੇ ਉੱਠੇ ਸਵਾਲ
-ਵਾਤਾਵਰਣ ਦੇ ਨਾਲ-ਨਾਲ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਦਾ ਖ਼ਦਸ਼ਾ, ਲੋਕਾਂ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ
ਜਗਦੀਪ ਸਿੰਘ, ਪੰਜਾਬੀ ਜਾਗਰਣ, ਭਾਮੀਆਂ ਕਲਾਂ
ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾ ਅਤੇ ਇਸ ਨਾਲ ਲੱਗਦੇ ਇਲਾਕਿਆਂ ਵਿੱਚ ਕਥਿਤ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਲਗਾਤਾਰ ਵਧ ਰਹੀ ਹੈ। ਇਲਾਕਾ ਵਾਸੀਆਂ ਦਾ ਦਾਅਵਾ ਹੈ ਕਿ ਰਾਤ-ਦਿਨ ਰੇਤ ਨਾਲ ਭਰੇ ਟਿੱਪਰਾਂ ਅਤੇ ਟਰੈਕਟਰ-ਟਰਾਲੀਆਂ ਦੀ ਆਵਾਜਾਈ ਆਮ ਗੱਲ ਬਣ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਕਾਨੂੰਨੀ ਪ੍ਰਕਿਰਿਆ ਅਤੇ ਨਿਗਰਾਨੀ ਪ੍ਰਣਾਲੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ ਇਹ ਸਰਗਰਮੀਆਂ ਲੰਬੇ ਸਮੇਂ ਤੋਂ ਜਾਰੀ ਹਨ ਤਾਂ ਸੰਬੰਧਿਤ ਵਿਭਾਗਾਂ ਦੀ ਨਿਗਰਾਨੀ ਅਤੇ ਕਾਰਵਾਈ ਲੋਕਾਂ ਨੂੰ ਨਜ਼ਰ ਕਿਉਂ ਨਹੀਂ ਆ ਰਹੀ। ਇਲਾਕੇ ਵਿੱਚ ਇਹ ਚਰਚਾ ਵੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਅਸਲ ਸਥਿਤੀ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।
ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜੇਕਰ ਕਥਿਤ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤਾਂ ਇਸ ਨਾਲ ਸਰਕਾਰੀ ਮਾਲੀ ਨੁਕਸਾਨ ਦੇ ਨਾਲ-ਨਾਲ ਵਾਤਾਵਰਣ, ਖੇਤੀਬਾੜੀ ਵਾਲੀ ਜ਼ਮੀਨ ਅਤੇ ਪਿੰਡਾਂ ਦੀਆਂ ਸੜਕਾਂ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਭਾਰੀ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਧੂੜ-ਪ੍ਰਦੂਸ਼ਣ ਵਧਣ ਅਤੇ ਸੜਕਾਂ ਦੇ ਨੁਕਸਾਨ ਦੀ ਵੀ ਸ਼ਿਕਾਇਤ ਕੀਤੀ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਜੇਕਰ ਮਾਈਨਿੰਗ ਕਾਨੂੰਨੀ ਤੌਰ 'ਤੇ ਕੀਤੀ ਜਾ ਰਹੀ ਹੈ ਤਾਂ ਇਸ ਨਾਲ ਸਬੰਧਤ ਮਨਜ਼ੂਰੀਆਂ ਅਤੇ ਰਿਕਾਰਡ ਜਨਤਕ ਕੀਤੇ ਜਾਣ। ਜੇਕਰ ਜਾਂਚ ਦੌਰਾਨ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਦੋਸ਼ੀਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਤੋਂ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ।
-ਬਾਕਸ-
-ਥਾਣਾ ਮੁਖੀ ਨੇ ਜਾਂਚ ਦਾ ਦਿੱਤਾ ਭਰੋਸਾ
ਇਸ ਸਬੰਧੀ ਜਦੋਂ ਥਾਣਾ ਮੇਹਰਬਾਨ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਦੌਰਾਨ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
-ਬਾਕਸ-
-ਹਰ ਰਾਤ ਨਿਯਮਿਤ ਤੌਰ ’ਤੇ ਹੁੰਦੀ ਹੈ ਚੈਕਿੰਗ : ਐੱਸਡੀਓ ਗਗਨਦੀਪ ਸਿੰਘ
ਮਾਈਨਿੰਗ ਵਿਭਾਗ ਦੇ ਐਸਡੀਓ ਗਗਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਹਰ ਰਾਤ ਨਿਯਮਿਤ ਤੌਰ 'ਤੇ ਚੈਕਿੰਗ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਦੇ ਆਧਾਰ 'ਤੇ ਟੀਮਾਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਜਾ ਰਿਹਾ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।