- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਰਲ ਲਈ-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ

-ਰੈਗੂਲਰ ਕਰਨ ਤੇ ਰੋਜ਼ਾਨਾ ਭੱਤੇ ਵਧਾਉਣ ਦੀ ਮੰਗ, ਪੁਲਿਸ ਨੇ ਗੱਲਬਾਤ ਸ਼ੁਰੂ ਕੀਤੀ
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਤੇਜ਼ ਕਰਦਿਆਂ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵੱਡੀ ਗਿਣਤੀ ਵਿੱਚ ਮੁਲਾਜ਼ਮ ਸਵੇਰ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ ਧਰਨਾ ਦੇ ਰਹੇ ਸਨ। ਕਈ ਘੰਟਿਆਂ ਤੱਕ ਸਰਕਾਰ ਵੱਲੋਂ ਕੋਈ ਠੋਸ ਭਰੋਸਾ ਨਾ ਮਿਲਣ ਮਗਰੋਂ ਚਾਰ ਮੁਲਾਜ਼ਮ ਪਿੰਡ ਜੰਡਿਆਲੀ ਦੀ ਸ਼ਮਸ਼ਾਨਘਾਟ ਵਿੱਚ ਬਣੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ।
ਟੈਂਕੀ ’ਤੇ ਚੜ੍ਹਨ ਵਾਲਿਆਂ ਵਿੱਚ ਜਗਸੀਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਅਤੇ ਜਗਦੀਪ ਸਿੰਘ ਸ਼ਾਮਲ ਹਨ। ਇਹ ਟੈਂਕੀ ਕੈਬਨਿਟ ਮੰਤਰੀ ਦੇ ਕੁਹਾੜਾ-ਸਾਹਨੇਵਾਲ ਰੋਡ ਸਥਿਤ ਦਫ਼ਤਰ ਤੋਂ ਕੁਝ ਦੂਰੀ ’ਤੇ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਮੁਲਾਜ਼ਮਾਂ ਨੂੰ ਹੇਠਾਂ ਉਤਾਰਨ ਲਈ ਗੱਲਬਾਤ ਸ਼ੁਰੂ ਕੀਤੀ। ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਸਬੰਧੀ ਲੰਮੇ ਸਮੇਂ ਤੋਂ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਕੋਲ ਪਹੁੰਚ ਕਰ ਰਹੇ ਹਨ, ਪਰ ਵਾਰ-ਵਾਰ ਭਰੋਸੇ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੀ ਮੁੱਖ ਮੰਗ ਰੈਗੂਲਰ ਕਰਨ ਅਤੇ ਰੋਜ਼ਾਨਾ ਭੱਤੇ ਵਿੱਚ ਵਾਧਾ ਕਰਨ ਦੀ ਹੈ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਲਿਖਤੀ ਅਤੇ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਖ਼ਬਰ ਲਿਖੇ ਜਾਣ ਤੱਕ ਪੀਸੀਆਰ ਮੁਲਾਜ਼ਮ ਮੌਕੇ ’ਤੇ ਪਹੁੰਚ ਚੁੱਕੇ ਸਨ, ਪਰ ਕੋਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਨੁਮਾਇੰਦਾ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਲਈ ਨਹੀਂ ਪਹੁੰਚਿਆ ਸੀ।