- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਨਵੰਬਰ ਦੌਰਾਨ ਕਾਂਗਰਸ ਵੱਲੋਂ ਕੀਤੀ ਜਾਣ ਵਾਲੀ ਰੈਲੀ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਰੈਲੀ ਕਰਕੇ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਮੁੜ ਹਰੇ ਕਰ ਰਹੀ ਹੈ।

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਨਵੰਬਰ ਦੌਰਾਨ ਕਾਂਗਰਸ ਵੱਲੋਂ ਕੀਤੀ ਜਾਣ ਵਾਲੀ ਰੈਲੀ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਰੈਲੀ ਕਰਕੇ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਮੁੜ ਹਰੇ ਕਰ ਰਹੀ ਹੈ। ਉਨ੍ਹਾਂ ਰਾਹੁਲ ਗਾਂਧੀ ਅਤੇ ਕਾਂਗਰਸ ਨੂੰ ਸਿੱਖ ਕੌਮ ਤੇ ਪੀੜਤ ਪਰਿਵਾਰਾਂ ਤੋਂ ਮਾਫ਼ੀ ਮੰਗਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ।
ਢਿੱਲੋਂ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 1984 ਦੇ ਕਤਲੇਆਮ ਵਿੱਚ ਬੇਕਸੂਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਕਈ ਪਰਿਵਾਰ ਉੱਜੜ ਗਏ। ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਾਂਗਰਸ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਕਤਲੇਆਮ ਦੇ ਦੋਸ਼ੀਆਂ ਦੇ ਨਾਲ ਖੜ੍ਹੀ ਹੈ ਜਾਂ ਪੀੜਤਾਂ ਦੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਐੱਸਆਈਆਰ ਅਤੇ ਵੋਟਾਂ ਦੀ ਕਥਿਤ ਚੋਰੀ ਦੇ ਮੁੱਦੇ ’ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੇ ਸਟੈਂਡ ਬਦਲਦੀਆਂ ਰਹਿੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਕਸਟਮ ਡਿਊਟੀ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ 50 ਹਜ਼ਾਰ ਰੁਪਏ ਦੀ ਕਥਿਤ ਡਿਊਟੀ ਨਾਲ ਸਬੰਧਤ ਰਸੀਦ ਅਤੇ ਹੋਰ ਦਸਤਾਵੇਜ਼ ਜਨਤਕ ਕਰਨ ਦੀ ਮੰਗ ਕੀਤੀ।
ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਦੋਸ਼ ਲਾਉਣ ਦੀ ਬਜਾਏ ਰੁਜ਼ਗਾਰ, ਵਿਕਾਸ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਰੋਡਮੈਪ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਂਬੱਧ ਯੋਜਨਾ ’ਤੇ ਕੰਮ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਸੇਵਾਮੁਕਤ ਈਟੀਓ ਬਲਕੌਰ ਸਿੰਘ, ‘ਆਪ’ ਯੂਥ ਵਿੰਗ ਦੇ ਸਾਬਕਾ ਜੁਆਇੰਟ ਸਕੱਤਰ ਕਮਲਦੀਪ ਸਿੰਘ, ਅਨੁਜ ਬਹਿਲ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿੱਲ, ਅਨਿਲ ਸਰੀਨ, ਪ੍ਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਬੀ ਅਤੇ ਜੀਵਨ ਗੁਪਤਾ ਹਾਜ਼ਰ ਸਨ।