- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤੰਜ਼ ਕਸਦਿਆਂ ਮਾਨ ਨੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ ’ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗਠਜੋੜ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਆਸੀ ਮੌਕਾਪ੍ਰਸਤੀ ਦੀ ਬਜਾਏ ਲੋਕ ਸੇਵਾ ਨੂੰ ਸਮਰਪਿਤ ਲੀਡਰਸ਼ਿਪ ਦੀ ਲੋੜ ਹੈ।

ਕੁਲਵਿੰਦਰ ਸਿੰਘ ਰਾਏ/ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਖੰਨਾ/ਸਮਰਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ’ਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਭਲਾਈ ਨੂੰ ਤਰਜੀਹ ਦੇ ਕੇ ਪੰਜਾਬ ਨੂੰ ਨੰਬਰ ਇਕ ਬਣਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਿਆਸਤ ’ਚ ਪੈਸਾ ਕਮਾਉਣ ਨਹੀਂ, ਸਗੋਂ ਪੰਜਾਬ ’ਚ ਉਸਾਰੂ ਤਬਦੀਲੀ ਲਿਆਉਣ ਲਈ ਆਏ ਹਨ। ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦਾ ਭਰੋਸਾ ਕਦੇ ਨਹੀਂ ਤੋੜਨਗੇ।
ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਅਤੇ ਲੋਕਾਂ ਦੀ ਭਲਾਈ ਦੀ ਬਜਾਏ ਨਿੱਜੀ ਹਿੱਤਾਂ ਨੂੰ ਪਹਿਲ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਨਤਾ ਦਾ ਪੈਸਾ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ’ਤੇ ਖ਼ਰਚ ਹੋਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤੰਜ਼ ਕਸਦਿਆਂ ਮਾਨ ਨੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ ’ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗਠਜੋੜ ਕਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਆਸੀ ਮੌਕਾਪ੍ਰਸਤੀ ਦੀ ਬਜਾਏ ਲੋਕ ਸੇਵਾ ਨੂੰ ਸਮਰਪਿਤ ਲੀਡਰਸ਼ਿਪ ਦੀ ਲੋੜ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਨੌਜਵਾਨਾਂ ਨੂੰ 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2022 ’ਚ ਪੰਜਾਬ ਸਿੱਖਿਆ ਦੇ ਮਾਮਲੇ ’ਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਕੇਂਦਰ ਸਰਕਾਰ ਦੇ ਮੁਲਾਂਕਣ ਅਨੁਸਾਰ ਸੂਬੇ ਨੇ ਪ੍ਰਾਇਮਰੀ ਸਿੱਖਿਆ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ, ਜਦਕਿ 2021 ’ਚ ਇਹ ਗਿਣਤੀ 80 ਸੀ।
ਮਾਨ ਨੇ ਦਾਅਵਾ ਕੀਤਾ ਕਿ ਸੂਬੇ ਦੇ ਲਗਪਗ 90 ਫ਼ੀਸਦੀ ਘਰ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਲੈ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੀਬ 14 ਹਜ਼ਾਰ ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸਿੰਜਾਈ ਨੈੱਟਵਰਕ ਰਾਹੀਂ 18 ਹਜ਼ਾਰ ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ।
ਔਰਤਾਂ ਦੀ ਭਲਾਈ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਸੰਬਰ ਨੂੰ ਸੂਬੇ ਦੀਆਂ ਮਾਵਾਂ-ਭੈਣਾਂ ਤੱਕ ਵਿੱਤੀ ਸਹਾਇਤਾ ਮੁੜ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਮਹਿਲਾਵਾਂ ਦਾ ਮਾਣ-ਸਨਮਾਨ, ਸੁਰੱਖਿਆ ਅਤੇ ਆਰਥਿਕ ਸ਼ਕਤੀਕਰਨ ਹੈ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਅਤੇ ਜਨਤਕ ਫੰਡਾਂ ਦੀ ਲੋਕ ਭਲਾਈ ਲਈ ਵਰਤੋਂ ਸਰਕਾਰ ਦੀ ਮੁੱਖ ਤਰਜੀਹ ਹੈ।