ਇਸ ਸਬੰਧੀ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਜੇਕਰ ਮੌਸਮ ਵਿਭਾਗ ਦਾ ਅਨੁਮਾਨ ਸਹੀ ਸਾਬਤ ਹੋਇਆ ਤੇ ਹਲਕੀ ਤੋਂ ਸਧਾਰਨ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਕਿਤੇ ਜ਼ਿਆਦਾ ਚੱਲ ਰਿਹਾ ਹੈ। ਇਸ ਨਾਲ ਕਣਕ ਰਹਿਤ ਹਾੜੀ ਦੀਆਂ ਦੂਜੀਆਂ ਫਸਲਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਉਪਜ ਦੇ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਹੈ।

ਜਾਸ, ਲੁਧਿਆਣਾ : ਮਾਰਚ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਦੀ ਮਾਰ ਝੱਲ ਰਹੇ ਪੰਜਾਬ ’ਚ ਤਿੰਨ ਦਿਨਾਂ ਬਾਅਦ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ, 13 ਮਾਰਚ ਸ਼ਾਮ ਤੋਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ ਜਿਸ ਕਾਰਨ 14 ਤੋਂ 16 ਮਾਰਚ ਤੱਕ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਅਤੇ ਕੁਝ ਥਾਵਾਂ ’ਤੇ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਜੇਕਰ ਮੌਸਮ ਵਿਭਾਗ ਦਾ ਅਨੁਮਾਨ ਸਹੀ ਸਾਬਤ ਹੋਇਆ ਤੇ ਹਲਕੀ ਤੋਂ ਸਧਾਰਨ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਕਿਤੇ ਜ਼ਿਆਦਾ ਚੱਲ ਰਿਹਾ ਹੈ। ਇਸ ਨਾਲ ਕਣਕ ਰਹਿਤ ਹਾੜੀ ਦੀਆਂ ਦੂਜੀਆਂ ਫਸਲਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਉਪਜ ਦੇ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਹੈ।
ਖੇਤੀ ਮਾਹਰਾਂ ਮੁਤਾਬਕ, ਬਾਰਿਸ਼ ਹੋਣ ਅਤੇ ਬੱਦਲ ਛਾਏ ਰਹਿਣ ਨਾਲ ਤਾਪਮਾਨ ਵਿਚ ਗਿਰਾਵਟ ਆਵੇਗੀ ਜੋ ਕਣਕ ਤੇ ਹੋਰ ਫ਼ਸਲਾਂ ਲਈ ਲਾਹੇਵੰਦ ਹੋਵੇਗੀ। ਦੂਜੇ ਪਾਸੇ, ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੌਸਮ ਗਰਮ ਰਿਹਾ ਜਦਕਿ ਕਈ ਜ਼ਿਲ੍ਹਿਆਂ ਵਿਚ ਦਿਨ ਵੇਲੇ ਹਲਕੇ ਬੱਦਲ ਛਾਏ ਰਹੇ। ਬਠਿੰਡਾ ਪੰਜਾਬ ਵਿਚ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.7 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ। ਰਾਤ ਵੇਲੇ ਮੋਹਾਲੀ ਸਭ ਤੋਂ ਗਰਮ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਿਹਾ ਜਿਹੜਾ ਆਮ ਨਾਲੋਂ 6.6 ਡਿਗਰੀ ਜ਼ਿਆਦਾ ਸੀ। ਰਾਤ ਦਾ ਤਾਪਮਾਨ ਇੱਥੇ 19.1 ਡਿਗਰੀ ਸੀ ਜਿਹੜਾ ਆਮ ਨਾਲੋਂ 6.8 ਡਿਗਰੀ ਜ਼ਿਆਦਾ ਸੀ। ਇਸੇ ਤਰ੍ਹਾਂ, ਲੁਧਿਆਣਾ ਵਿਚ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19.0 ਡਿਗਰੀ ਸੀ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.6 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 7.1 ਡਿਗਰੀ ਵੱਧ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਤੇ ਘੱਟੋ-ਘੱਟ ਤਾਪਮਾਨ 18.8 ਡਿਗਰੀ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.0 ਡਿਗਰੀ ਤੇ ਘੱਟੋ-ਘੱਟ ਤਾਪਮਾਨ 9.2 ਡਿਗਰੀ ਜ਼ਿਆਦਾ ਸੀ।