ਡੌਗ ਸੈਂਕਚੁਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਵਿਚ ਲਗਪਗ 500 ਕੁੱਤਿਆਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਇਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸਫਲਤਾ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਲਈ ਅਜਿਹੇ ਹੋਰ ‘ਡੌਗ ਸੈਂਕਚੁਰੀ’ ਬਣਾਏ ਜਾਣਗੇ।

ਸਤਵਿੰਦਰ ਸ਼ਰਮਾ, ਪੰਜਾਰੀ ਜਾਗਰਣ, ਲੁਧਿਆਣਾ : ਸਨਅਤੀ ਸ਼ਹਿਰ ਵਿੱਚ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਆਵਾਰਾ ਕੁੱਤਿਆਂ ਲਈ ਢੁੱਕਵੀਂ ਡਾਕਟਰੀ ਦੇਖਭਾਲ, ਆਸਰਾ ਅਤੇ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ਾਂ ਨਾਲ ਪੰਜਾਬ ਦੀ ਪਹਿਲੀ ਡੌਗ ਸੈਂਕਚੁਰੀ ਸਥਾਪਤ ਕੀਤੀ ਗਈ ਹੈ। ਪੰਜਾਬ ਦੇ ਪਹਿਲੇ ‘ਡੌਗ ਸੈਂਕਚੁਰੀ’ ਦਾ ਉਦਘਾਟਨ ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨਾਲ ਮਿਲ ਕੇ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ’ਚ ਕੀਤਾ।
ਡੌਗ ਸੈਂਕਚੁਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਵਿਚ ਲਗਪਗ 500 ਕੁੱਤਿਆਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਇਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸਫਲਤਾ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਲਈ ਅਜਿਹੇ ਹੋਰ ‘ਡੌਗ ਸੈਂਕਚੁਰੀ’ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਡੌਗ ਸੈਂਕਚੁਰੀ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਵੱਲੋਂ ਬੀਤੀਆਂ ਜ਼ਿਮਨੀ ਚੋਣਾਂ ਦੌਰਾਨ ਲੁਧਿਆਣਾ ਦੇ ਵਾਸੀਆਂ ਨਾਲ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਕੁੱਤਿਆਂ ਦੇ ਵੱਢਣ ਤੋਂ ਰਾਹਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਡੌਗ ਸੈਂਕਚੁਰੀ ਸੁਪਰੀਮ ਕੋਰਟ ਵੱਲੋਂ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਅਤੇ ਭਲਾਈ ਸਬੰਧੀ ਸਮੇਂ-ਸਮੇਂ ’ਤੇ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੋਟੋਕੋਲ ਦੀ ਪਾਲਣਾ ਸਖ਼ਤੀ ਨਾਲ ਕਰੇਗੀ।
ਮੰਤਰੀ ਨੇ ਕਿਹਾ ਕਿ ਆਵਾਰਾ ਕੁੱਤਿਆਂ ਨਾਲ ਸਬੰਧਤ ਕਈ ਮਾਮਲੇ ਇਸ ਸਮੇਂ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹਨ ਅਤੇ ਸੁਪਰੀਮ ਕੋਰਟ ਕੁੱਤਿਆਂ ਦੇ ਵੱਢਣ ਦੀਆਂ ਵਧਦੀਆਂ ਘਟਨਾਵਾਂ ਦੇ ਮਾਮਲਿਆਂ ਵਿੱਚ ਰਾਜਾਂ ’ਤੇ ਜੁਰਮਾਨੇ ਵੀ ਲਗਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਗਰਮ ਕਦਮ ਜਾਨਵਰਾਂ ਦੀ ਭਲਾਈ ਪ੍ਰਤੀ ਹਮਦਰਦੀ ਅਤੇ ਕਾਨੂੰਨੀ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਕੁੱਤਿਆਂ ਦੇ ਵੱਢਣ ਦੇ ਮਾਮਲਿਆਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਮਦਦ ਕਰੇਗਾ। ਇਸ ਮੌਕੇ ਉਨ੍ਹਾਂ ਸਮਾਜ ਸੇਵਕ ਡਾ. ਸੁਲਭਾ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਬੇਸਹਾਰਾ ਪਸ਼ੂਆਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਜਿੰਦਲ ਦੀ ਟੀਮ ਨੇ ਡੌਗ ਸੈਂਕਚੁਰੀ ਸਥਾਪਤ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਦੇ ਉਦੇਸ਼ ਨਾਲ ਲਗਾਤਾਰ ਪ੍ਰੋਜੈਕਟ ਚਲਾ ਰਹੀ ਹੈ, ਨਾਲ ਹੀ ਜਨਤਕ ਸੁਰੱਖਿਆ, ਨਾਗਰਿਕ ਭਲਾਈ ਅਤੇ ਮਨੁੱਖੀ ਸ਼ਾਸਨ ਨੂੰ ਯਕੀਨੀ ਬਣਾ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਡੌਗ ਸੈਂਕਚੁਰੀ ਦੀ ਨਿਗਰਾਨੀ ਕਰਨ ਅਤੇ ਲੁਧਿਆਣਾ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਡਾ. ਸੁਲਭਾ ਜਿੰਦਲ, ਕੌਂਸਲਰ ਇੰਦੂ ਮੁਨੀਸ਼ ਸ਼ਾਹ ਅਤੇ ਹੋਰ ਹਾਜ਼ਰ ਸਨ।