ਪੱਤਰ ਪ੍ਰਰੇਰਕ, ਲੁਧਿਆਣਾ : ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਪ੍ਰਰੀਤੀ ਸੁਖੀਜਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 12 ਦਸੰਬਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।ਸਕੱਤਰ ਸੁਖੀਜਾ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਤੇ ਥੋੜ੍ਹੇ ਸਮੇਂ 'ਚ ਹੀ ਹੋ ਜਾਵੇਗਾ, ਉਥੇ ਨਾਲ ਹੀ ਉਨ੍ਹਾਂ ਦਾ ਸਮਾਂ ਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ 'ਤੇ ਹਰ ਅਦਾਲਤ 'ਚ ਇੱਕੋ ਦਿਨ ਲਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲ੍ਹਾ ਕਚਹਿਰੀ ਲੁਧਿਆਣਾ, ਖੰਨਾ, ਜਗਰਾਓਂ, ਸਮਰਾਲਾ ਤੇ ਪਾਇਲ ਵਿਖੇ ਲਾਈਆਂ ਜਾ ਰਹੀਆਂ ਹਨ।

ਸੁਖੀਜਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ 'ਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ 'ਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸਿਵਲ ਕੇਸਾਂ 'ਚ ਜਿਵੇਂ ਕਿਰਾਏ ਨਾਲ ਸਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾਂ), ਨੌਕਰੀ ਪੇਸ਼ੇ 'ਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸਬੰਧਤ ਮੁਆਵਜ਼ਾ ਮਾਮਲੇ ਸਿਵਲ ਜੱਜ/ਜੁਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ 'ਚ ਵਿਚਾਰੇ ਜਾਣਗੇ।

ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ 'ਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇਕ ਦਰਖ਼ਾਸਤ ਸਬੰਧਤ ਅਦਾਲਤ 'ਚ ਜਾਂ ਫਿਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਫ਼ਤਰ 'ਚ ਦੇ ਸਕਦਾ ਹੈ।

ਲੋਕ ਅਦਾਲਤ 'ਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।ਸੁਖੀਜਾ ਨੇ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ 'ਚ ਹੋ ਜਾਂਦਾ ਹੈ ਉਨ੍ਹਾਂ ਖ਼ਿਲਾਫ਼ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਤੇ ਦੋਸਤਾਨਾ ਢੰਗ ਨਾਲ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਲੋਕ ਅਦਾਲਤ 'ਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਓ, ਛੇਤੀ ਤੇ ਸਸਤਾ ਨਿਆਂ ਪਾਓ।