ਭਾਜਪਾ ਆਗੂਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਤੇ ਭਾਜਪਾ ਆਗੂਆਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ
Publish Date: Sat, 11 Jul 2026 10:43 PM (IST)
Updated Date: Sun, 12 Jul 2026 04:16 AM (IST)
ਦੂਜੇ ਪੱਖ ਖ਼ਿਲਾਫ਼ ਵੀ ਕੇਸ ਦਰਜ ਕਰੋ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਬੀਤੇ ਮਹੀਨੇ ਸਨਅਤੀ ਸ਼ਹਿਰ ਲੁਧਿਆਣਾ ਦੇ ਢੋਲੇਵਾਲ ਤੋਂ ਚੀਮਾ ਚੌਂਕ ਵੱਲ ਜਾਂਦੇ ਪੁਲ ਦੇ ਹੇਠਾਂ ਬਣੀਆਂ ਦੁਕਾਨਾਂ ਵਿੱਚੋਂ ਇਕ ਨੂੰ ਲੈਕੇ ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਤੇ ਭਾਜਪਾ ਦੇ ਆਗੂ ਵਿੱਕੀ ਸਹੋਤਾ ਅਤੇ ਵਾਰਡ ਨੰਬਰ 30 ਤੋਂ ਆਮ ਆਪ ਦੇ ਕੌਂਸਲਰ ਨਿੱਕੂ ਭਾਰਤੀ ਵਿਚਾਲੇ ਝਗੜਾ ਹੋ ਗਿਆ ਸੀ। ਜਿਸ ਦੇ ਕਈ ਦਿਨ ਬੀਤਣ ਤੋਂ ਬਾਅਦ ਸ਼ਨਿਚਰਵਾਰ ਨੂੰ ਹਿਹ ਮਾਮਲਾ ਇੱਕ ਵਾਰ ਫਿਰ ਤੋਂ ਗਰਮਾ ਗਿਆ ਹੈ। ਅੱਜ ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਦੇ ਆਗੂਆਂ ਅਤੇ ਭਾਜਪਾ ਦੇ ਨੇਤਾਵਾਂ ਨੇ ਵਿੱਕੀ ਸਹੋਤਾ ਦੇ ਹੱਕ ਵਿੱਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨ ਕਰਨ ਵਾਲਿਆਂ ਨੇ ਉਸ ਝਗੜੇ ਵਿੱਚ ਪੁਲਿਸ ਦੀ ਕਾਰਵਾਈ ਤੇ ਸਵਾਲ ਖੜੇ ਕੀਤੇ ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਇੱਕ ਤਰਫਾ ਕਾਰਵਾਈ ਕੀਤੀ ਹੈ ਕਿ ਜਦੋਂ ਕਿ ਦੂਜੇ ਪੱਖ ਖ਼ਿਲਾਫ਼ ਅਜੇ ਤੱਕ ਕੋਈ ਮਾਮਲਾ ਤੱਕ ਦਰਜ ਨਹੀਂ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ 18 ਜੂਨ ਨੂੰ ਚੀਮਾ ਚੌਂਕ ਨੇੜੇ ਹੋਏ ਝਗੜੇ ਦੌਰਾਨ ਵਿੱਕੀ ਸਹੋਤਾ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਇਸ ਦੇ ਬਾਵਜੂਦ ਪੁਲਿਸ ਨੇ ਸਿਰਫ਼ ਇੱਕ ਪੱਖ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ, ਜਦਕਿ ਦੂਜੇ ਪੱਖ ਦੀ ਭੂਮਿਕਾ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਨਿਰਪੱਖ ਜਾਂਚ ਕਰਕੇ ਦੂਜੇ ਪੱਖ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਖਜਾਨਚੀ ਗੁਰਦੇਵ ਸ਼ਰਮਾ ਦੇਬੀ, ਸਾਬਕਾ ਕੌਂਸਲਰ ਗੁਰਦੀਪ ਸਿੰਘ ਨੀਟੂ, ਬਬਲੂ ਚੌਧਰੀ, ਸੰਦੀਪ ਬਾਲੀ, ਸਿਕੰਦਰ ਖੋਸਲਾ, ਪ੍ਰਦੀਪ ਬਾਬਾ, ਵਿਨੀ ਖੰਨਾ, ਵਿੱਕੀ ਹੰਸ, ਰਾਜੀਵ ਸ਼ਰਮਾ, ਉਸਮਾਨ, ਕਪਿਲ ਪਾਸਵਾਨ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਅਤੇ ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।