ਜਨਗਣਨਾ ਡਿਊਟੀ ਤੋਂ ਗੈਰ ਹਾਜ਼ਰ ਅਧਿਆਪਕਾਂ ਰੁਕੇਗੀ ਤਨਖਾਹ
ਜਨਗਣਨਾ ਡਿਊਟੀ ਤੋਂ ਗੈਰ ਹਾਜ਼ਰ ਅਧਿਆਪਕਾਂ ਦੀ ਤਨਖਾਹ ਰੋਕਣ ਦੀ ਕੀਤੀ ਸਿਫ਼ਾਰਸ਼
Publish Date: Sun, 24 May 2026 09:38 PM (IST)
Updated Date: Mon, 25 May 2026 04:14 AM (IST)

ਨਿਗਮ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਲਿਖਿਆ ਪੱਤਰ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਡਿਜੀਟਲ ਜਨਗਣਨਾ-2027 ਦੇ ਤਹਿਤ ਚੱਲ ਰਹੇ ਹਾਊਸ ਲਿਸਟਿੰਗ ਦੇ ਫੀਲਡ ਸਰਵੇਖਣ ਵਿੱਚ ਹਾਜ਼ਰੀ ਨਾ ਦੇਣ ਵਾਲੇ ਅਧਿਆਪਕਾਂ ਖਿਲਾਫ ਕਾਰਵਾਈ ਦੀ ਸ਼ੁਰੂਆਤ ਹੋ ਗਈ ਹੈ। ਜਿਸ ਲਈ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਡਾ. ਨੀਰੂ ਕਤਿਆਲ ਗੁਪਤਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਨੂੰ ਪੱਤਰ ਲਿਖ ਕੇ ਜਨਗਨਣਾ ਦਾ ਕੰਮ ਕਰਨ ਲਈ ਰਿਪੋਰਟ ਨਾ ਕਰਨ ਵਾਲੇ ਅਧਿਆਪਕਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਕਰਨ ਅਤੇ ਉਨ੍ਹਾਂ ਤਨਖਾਹ ਰੋਕਣ ਦੀ ਸਿਫ਼ਰਸ਼ ਕੀਤੀ ਹੈ। ਡਿਜੀਟਲ ਜਨਗਣਨਾ-2027 ਕੰਮ ਨੂੰ ਸੁਚੱਜੇ ਅਤੇ ਸਮੇਂ ਸਿਰ ਪੂਰਾ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਰੁਖ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਐਤਵਾਰ ਨੂੰ ਜਨਗਣਨਾ ਵਿੱਚ ਲੱਗੇ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਮੈਦਾਨੀ ਸਰਵੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਗਨਣਾਕਾਰਾਂ ਵੱਲੋਂ ਫੀਲਡ ਵਿੱਚ ਕੀਤੇ ਕੰਮ ਸਬੰਧੀ ਜਾਣਕਾਰੀ ਵੀ ਲਈ। ਉਨ੍ਹਾਂ ਨੇ ਨਕਸ਼ਿਆਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਇਲਾਕਿਆਂ ਦੀ ਪਛਾਣ ਕਰਨ, ਘਰਾਂ ਅਤੇ ਵਪਾਰਕ ਇਮਾਰਤਾਂ ਦੀ ਗਿਣਤੀ ਕਰਨ ਅਤੇ ਡਾਟਾ ਇਕੱਠਾ ਕਰਨ ਦੇ ਤਰੀਕਿਆਂ ਬਾਰੇ ਸਮਝਾਇਆ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਸੇਖੋਂ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਬੁਨਿਆਦ ਹੁੰਦੇ ਹਨ, ਇਸ ਲਈ ਹਰ ਕਰਮਚਾਰੀ ਅਤੇ ਵਿਦਿਆਰਥੀ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਦਾਨੀ ਸਰਵੇ ਦੌਰਾਨ ਕਿਸੇ ਵੀ ਘਰ ਜਾਂ ਇਮਾਰਤ ਨੂੰ ਛੱਡਿਆ ਨਾ ਜਾਵੇ ਅਤੇ ਸਾਰੇ ਵੇਰਵੇ ਪੂਰੀ ਸਾਵਧਾਨੀ ਨਾਲ ਦਰਜ ਕੀਤੇ ਜਾਣ। ਉਨ੍ਹਾਂ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਕਿ ਸਰਵੇ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਹੀ ਕੰਮ ਕੀਤਾ ਜਾਵੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਤਕਨੀਕੀ ਜਾਂ ਪ੍ਰਸ਼ਾਸਨਿਕ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਆਪਣੇ ਉੱਚ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡਿਜੀਟਲ ਜਨਗਣਨਾ ਵਿੱਚ ਡਾਟਾ ਦੀ ਸ਼ੁੱਧਤਾ ਸਭ ਤੋਂ ਵੱਧ ਮਹੱਤਵਪੂਰਨ ਹੈ, ਕਿਉਂਕਿ ਗਲਤ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਡਾ. ਨੀਰੂ ਕਤਿਆਲ ਗੁਪਤਾ ਨੇ ਜਨਗਣਨਾ ਕਾਰਜ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਿਫ਼ਰਸ਼ ਕੀਤੀ ਹੈ। ਜਾਣਕਾਰੀ ਮੁਤਾਬਕ ਡਾ. ਗੁਪਤਾ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਨੂੰ ਪੱਤਰ ਲਿਖ ਕੇ ਉਨ੍ਹਾਂ ਅਧਿਆਪਕਾਂ ਦੀ ਤਨਖਾਹ ਰੋਕਣ ਲਈ ਕਿਹਾ ਗਿਆ ਹੈ ਜੋ ਜਨਗਣਨਾ ਡਿਊਟੀ ਤੋਂ ਗੈਰਹਾਜ਼ਰ ਰਹੇ ਜਾਂ ਆਪਣੀ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾ ਰਹੇ। --- ਜਨਗਣਨਾ ਇਕ ਰਾਸ਼ਟਰੀ ਪੱਧਰ ਦਾ ਮਹੱਤਵਪੂਰਨ ਕਾਰਜ ਹੈ : ਡਾ. ਗੁਪਤਾ ਡਾ. ਗੁਪਤਾ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਕਿ ਜਨਗਣਨਾ ਇਕ ਰਾਸ਼ਟਰੀ ਪੱਧਰ ਦਾ ਮਹੱਤਵਪੂਰਨ ਕਾਰਜ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਕਰਮਚਾਰੀਆਂ ਅਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਫਰਜ਼ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ। ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਨਗਣਨਾ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰਾ ਕਰਨਾ ਨਿਗਮ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਲਈ ਸਾਰੇ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੂੰ ਫੀਲਡ ਸਰਵੇ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਹਰ ਰੋਜ਼ ਦੀ ਪ੍ਰਗਤੀ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ ਗਿਆ। ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਸਖ਼ਤੀ ਤੋਂ ਸਪਸ਼ਟ ਹੈ ਕਿ ਡਿਜੀਟਲ ਜਨਗਣਨਾ ਦੇ ਕੰਮ ਨੂੰ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਆਸ ਜਤਾਈ ਕਿ ਸਾਰੇ ਕਰਮਚਾਰੀ ਅਤੇ ਅਧਿਆਪਕ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਇਸ ਕੰਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣਗੇ।