ਮੰਗਾਂ ਨਾ ਮੰਨੀਆਂ ਤਾਂ ਸੜਕਾਂ ਕੀਤੀਆਂ ਜਾਣਗੀਆਂ ਜਾਮ
ਮੰਗਾਂ ਨਾ ਮੰਨੀਆਂ ਤਾਂ ਸੜਕਾਂ ਕੀਤੀਆਂ ਜਾਣਗੀਆਂ ਜਾਮ
Publish Date: Thu, 14 May 2026 06:41 PM (IST)
Updated Date: Fri, 15 May 2026 04:10 AM (IST)

-ਸਫ਼ਾਈ ਸੇਵਕਾਂ ਦੇ ਹੱਕ ਚ ਆਏ ਕਾਂਗਰਸੀ ਆਗੂ ਲੱਕੀ ਸੰਧੂ --- ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੇ ਹੱਕੀ ਮੰਗਾਂ ਲਈ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਅਤੇ ਕਈ ਦਿਨ ਬੀਤਣ ਤੋਂ ਬਾਅਦ ਵੀ ਸੂਬਾ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ। ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੂਬਾ ਯੂਥ ਜਨਰਲ ਸੈਕਟਰੀ ਲੱਕੀ ਸੰਧੂ ਵੱਲੋਂ ਆਪਣੇ ਸਾਥੀਆਂ ਸਮੇਤ ਸਫ਼ਾਈ ਸੇਵਕਾਂ ਦੇ ਹੱਕ ਵਿੱਚ ਆ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਲੱਕੀ ਸੰਧੂ ਵੱਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਸੂਬਾ ਸਰਕਾਰ ਖਿਲਾਫ ਨਗਰ ਕੌਂਸਲ ਸਾਹਨੇਵਾਲ ਦੇ ਦਫ਼ਤਰ ਅੱਗੇ ਅਣਮਿੱਥੇ ਲਈ ਪੱਕੇ ਤੌਰ ਤੇ ਲਗਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਜਿਹੜੇ ਕੱਚੇ ਮੁਲਾਜ਼ਮ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸੂਬੇ ਅੰਦਰ ਵੱਧ ਤੋਂ ਵੱਧ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਨੂੰ ਨੌਕਰੀਆਂ ਦੇ ਕੇ ਪੰਜਾਬ ਨੂੰ ਨੰਬਰ ਵਨ ਬਣਾਇਆ ਜਾਵੇਗਾ ਪਰ ਸੂਬੇ ਦੀ ਜਨਤਾ ਇਨ੍ਹਾਂ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਵਿੱਚ ਆ ਕੇ ਇਨ੍ਹਾਂ ਨੂੰ ਵੋਟਾਂ ਪਾ ਗਏ ਅਤੇ ਇਨ੍ਹਾਂ ਨੇ ਝੂਠ ਬੋਲਕੇ ਪੰਜਾਬ ਵਿੱਚ ਸੱਤਾ ਹਾਸਲ ਕਰ ਲਈ, ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਦੱਸਣਯੋਗ ਹੈ ਕਿ ਲੰਮੇ ਸਮੇਂ ਤੋਂ ਕਮੇਟੀ ਦੇ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਨਾ ਤਾ ਪੱਕਾ ਕੀਤਾ ਗਿਆ ਤੇ ਉਨ੍ਹਾਂ ਨੂੰ ਸਿਰਫ਼ 11000 ਰੁਪਏ ਤੋਂ ਵੱਧ ਤਨਖ਼ਾਹ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ 11 ਹਜ਼ਾਰ ਰੁਪਏ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਿਲ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਨ੍ਹਾਂ ਸਫ਼ਾਈ ਸੇਵਕਾਂ ਦੀ ਤਨਖਾਹ ਘੱਟੋ-ਘੱਟ 20 ਤੋਂ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਬਾਕੀ ਹੱਕੀ ਮੰਗਾਂ ਨੂੰ ਤੁਰੰਤ ਮੰਨੀਆਂ ਜਾਵੇ।ਲੱਕੀ ਸੰਧੂ ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਦੀਆਂ ਮੰਗਾਂ ਅਤੇ ਤਨਖਾਹਾਂ ਵਿੱਚ ਵਾਧਾ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਸਮੁੱਚੇ ਮੁਲਾਜ਼ਮਾਂ ਨਾਲ ਮਿਲਕੇ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੜਕਾਂ ਜਾਮ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੌਂਸਲਰ ਅਮਨ ਪਨੇਸਰ, ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਮਰਿੰਦਰ ਸਿੰਘ ਸੰਧੂ, ਦਿਲਪ੍ਰੀਤ ਸਿੰਘ ਮੰਗਲੀ, ਗੁਰਵੀਰ ਸਿੰਘ, ਅਨਮੋਲ ਸਿੰਘ ਸਮੇਤ ਸਫ਼ਾਈ ਸੇਵਕਾਂ ਆਦਿ ਹਾਜ਼ਰ ਸਨ।