ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ ਵੱਲੋਂ ਭੇਜੀ ਗਈ ਜਾਣਕਾਰੀ ਅਨੁਸਾਰ ਜੰਗੇ ਆਜ਼ਾਦੀ ਦੇ ਇਤਿਹਾਸਕਾਰ ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿੱਚ ਲੰਮਾ ਸਮਾਂ ਹਿਉਮੇਨੇਟੀਜ਼ ਦੋ ਪ੍ਰੋਫੈਸਰ ਰਹੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਸ਼ਨਿੱਚਰਵਾਰ ਸਵੇਰੇ ਸਾਕੇਤੜੀ (ਪੰਚਕੂਲਾ) ਵਿਖੇ ਦੇਹਾਂਤ ਹੋ ਗਿਆ ਹੈ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ ਵੱਲੋਂ ਭੇਜੀ ਗਈ ਜਾਣਕਾਰੀ ਅਨੁਸਾਰ ਜੰਗੇ ਆਜ਼ਾਦੀ ਦੇ ਇਤਿਹਾਸਕਾਰ ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿੱਚ ਲੰਮਾ ਸਮਾਂ ਹਿਉਮੇਨੇਟੀਜ਼ ਦੋ ਪ੍ਰੋਫੈਸਰ ਰਹੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਸ਼ਨਿੱਚਰਵਾਰ ਸਵੇਰੇ ਸਾਕੇਤੜੀ (ਪੰਚਕੂਲਾ) ਵਿਖੇ ਦੇਹਾਂਤ ਹੋ ਗਿਆ ਹੈ।
ਉਹ 1960 ਤੋਂ 1989 ਤੱਕ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿੱਚ ਪੜ੍ਹਾਉਂਦੇ ਰਹੇ। ਵਿਦਿਆਰਥੀਆਂ ਵਿੱਚ ਦੇਸ਼ ਭਗਤ ਵਿਰਸਾ ਚੇਤਨਾ, ਸਿਰਜਣਾਤਮਕ ਸੋਝੀ, ਖੇਡ ਸੱਭਿਆਚਾਰ, ਸਵੈ ਅਨੁਸ਼ਾਸਨ ਤੇ ਭਾਈਚਾਰਕ ਸ਼ਕਤੀ ਦੀ ਨਿਰੰਤਰ ਉਸਾਰੀ ਉਨ੍ਹਾਂ ਦਾ ਮੂਲ ਉਦੇਸ਼ ਰਿਹਾ। ਉਮਰ ਦੇ ਆਖਰੀ ਦੋ ਤਿੰਨ ਸਾਲ ਛੱਡ ਕੇ ਉਹ ਰੋਜ਼ਾਨਾ ਖੇਡ ਮੈਦਾਨ ਜਾਂ ਸੁਖਨਾ ਲੇਕ ਦੇ ਕੰਢੇ ਸਵੇਰਸਾਰ ਦੌੜਦੇ ਰਹੇ।
ਉਨ੍ਹਾਂ ਨੇ ਗਦਰ ਪਾਰਟੀ ਦੇ ਬਾਨੀ ਬਾਬਾ ਸੋਹਣ ਸਿੰਘ ਭਕਨਾ, ਬਾਬਾ ਹਰਨਾਮ ਸਿੰਘ ਕਾਲਾ ਸੰਘਿਆ, ਬਾਬਾ ਸੱਜਣ ਸਿੰਘ ਨਾਰੰਗਵਾਲ, ਸ਼ਹੀਦ ਭਗਤ ਸਿੰਘ ਦੇ ਸਾਥੀ ਪੰਡਿਤ ਕਿਸ਼ੋਰੀ ਲਾਲ, ਸ਼ਹੀਦ ਭਗਤ ਸਿੰਘ ਦੇ ਮਾਤਾ ਵਿਦਿਆਵਤੀ, ਬਾਬਾ ਹਰੀ ਸਿੰਘ ਉਸਮਾਨ, ਬਾਬਾ ਅਰਜਨ ਸਿੰਘ ਜਗਰਾਉਂ, ਬਾਬਾ ਰੂੜ ਸਿੰਘ ਚੂਹੜਚੱਕ, ਬਾਬਾ ਪਾਲਾ ਸਿੰਘ ਢੁੱਡੀਕੇ, ਸ਼ਹੀਦ ਜਤਿਨ ਦਾਸ ਦੇ ਭਰਾਤਾ ਕਿਰਨ ਦਾਦਾ ਤੇ ਅਨੇਕਾਂ ਹੋਰ ਦੇਸ਼ ਭਗਤਾਂ ਦੀ ਸੰਗਤ ਮਾਣੀ।
ਆਪਣੇ ਪਿੱਛੋ ਉਹ ਆਪਣੀ ਇਕਲੌਤੀ ਬੇਟੀ ਡਾ. ਮਿੰਨਾ ਵੜੈਚ ਤੇ ਉਸ ਦੇ ਪਰਿਵਾਰ ਤੋਂ ਇਲਾਵਾ ਵਿਸ਼ਾਲ ਵਿਚਾਰਧਾਰਕ ਪਰਿਵਾਰ ਛੱਡ ਗਏ ਹਨ। ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੇ ਵਿਦਿਆਰਥੀਆਂ ਵਿੱਚ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਅਤੇ ਕੰਵਲਜੀਤ ਸਿੰਘ ਢੁੱਡੀਕੇ ਪ੍ਰਮੁੱਖ ਤੌਰ ਤੇ ਸ਼ਾਮਲ ਹਨ। ਉਨ੍ਹਾਂ ਵੱਲੋਂ ਲਿਖੀਆਂ ਖੋਜ ਪੁਸਤਕਾਂ ਦੀ ਗਿਣਤੀ ਤੀਹ ਤੋਂ ਵੱਧ ਹੈ। ਪ੍ਰੋ.ਮਲਵਿੰਦਰਜੀਤ ਸਿੰਘ ਵੜੈਚ ਦੇ ਭਣੇਵੇਂ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਅਨੁਸਾਰ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਨੂੰ ਖੋਜ ਕਾਰਜਾਂ ਲਈ ਸੌਂਪ ਦਿੱਤੀ ਗਈ ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਦੁੱਖ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ. ਮਾਲਵਿੰਦਰਜੀਤ ਸਿੰਘ ਵੜੈਚ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋ. ਮਾਲਵਿੰਦਰ ਸਿੰਘ ਵੜੈਚ ਨੇ ਅਨੇਕਾਂ ਦੇਸ਼ ਭਗਤਾਂ ਦੀ ਸੰਗਤ ਮਾਣੀ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਪ੍ਰੋ. ਵੜੈਚ ਦੇ ਅਨੇਕਾਂ ਵਿਦਿਆਰਥੀ ਉੱਚ ਅਹੁਦਿਆਂ ’ਤੇ ਸੇਵਾਵਾਂ ਨਿਭਾਉਂਦੇ ਰਹੇ।
ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਪ੍ਰੋ. ਵੜੈਚ ਨੇ ਮਾਲੇਰਕੋਟਲਾ ’ਚ ਅੰਗਰੇਜ਼ ਹਕੂਮਤ ਵੱਲੋਂ ਸ਼ਹੀਦ ਕੀਤੇ 66 ਕੂਕਿਆਂ ਦੀ ਪਿੰਡਾਂ ਸਮੇਤ ਸੂਚੀ ਤਿਆਰ ਕਰਕੇ ਨਾਮਧਾਰੀ ਪੰਥ ਨੂੰ ਸੌਂਪੀ ਸੀ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਲ ਹਨ।