ਸਲੇਮ ਟਾਬਰੀ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਸ਼ਰਾਬ ਸਮੇਤ 'ਬਿੱਲਾ' ਕੀਤਾ ਗ੍ਰਿਫ਼ਤਾਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ ਪੰਜ ਬੋਤਲਾਂ ਬਰਾਮਦ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Publish Date: Sun, 01 Nov 2026 12:45 PM (IST)
Updated Date: Sun, 01 Nov 2026 12:46 PM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ - ਥਾਣਾ ਸਲੇਮ ਟਾਬਰੀ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਬੋਤਲਾਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ ਪੰਜ ਬੋਤਲਾਂ ਬਰਾਮਦ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕੇ ਵਿੱਚ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਤੋਂ ਸੂਚਨਾ ਮਿਲੀ ਕਿ ਅਨੂਪ ਕੁਮਾਰ ਉਰਫ਼ ਬਿੱਲਾ ਨਾਜਾਇਜ਼ ਤੌਰ ’ਤੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਸ ਸਮੇਂ ਮੇਨ ਜੀਟੀ ਰੋਡ ਤੋਂ ਕੁਝ ਅੱਗੇ ਡੀਐੱਫਸੀ ਦੇ ਮੁੱਖ ਗੇਟ ਦੇ ਸਾਹਮਣੇ ਪਾਰਕ ਕੋਲ ਖੜ੍ਹਾ ਹੈ।
ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਰਾਇਲ ਸਟੈਗ ਮਾਰਕਾ ਸ਼ਰਾਬ ਦੀਆਂ ਪੰਜ ਬੋਤਲਾਂ ਬਰਾਮਦ ਹੋਈਆਂ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ।
ਮੁਲਜ਼ਮ ਦੀ ਪਛਾਣ ਅਨੂਪ ਕੁਮਾਰ ਉਰਫ਼ ਬਿੱਲਾ ਪੁੱਤਰ ਸਵਰਗੀ ਬ੍ਰਿਜ ਲਾਲ ਵਾਸੀ ਨਿਊ ਕਰਤਾਰ ਨਗਰ, ਸਲੇਮ ਟਾਬਰੀ, ਲੁਧਿਆਣਾ ਵਜੋਂ ਹੋਈ ਹੈ। ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।