ਅਣਮਿੱਥੇ ਸਮੇਂ ਲਈ ਹੜਤਾਲ ’ਤੇ ਉੱਤਰੇ ਸਫ਼ਾਈ ਸੇਵਕ
ਅਣਮਿਥੇ ਸਮੇਂ ਲਈ ਹੜਤਾਲ ’ਤੇ ਉਤਰੇ ਸਫ਼ਾਈ ਸੇਵਕ
Publish Date: Mon, 11 May 2026 07:42 PM (IST)
Updated Date: Tue, 12 May 2026 04:12 AM (IST)

-ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਸਫ਼ਾਈ ਸੇਵਕ ਯੂਨੀਅਨ ਦਾ ਰੋਸ ਮਾਰਚ ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਊਂਸਪਲ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਰਵੱਈਆ ਨਹੀਂ ਅਪਣਾਇਆ ਜਾ ਰਿਹਾ। ਆਗੂਆਂ ਨੇ ਦੱਸਿਆ ਕਿ ਇਸ ਰੋਸ ਦੇ ਚਲਦਿਆਂ ਪੰਜਾਬ ਭਰ ਦੇ ਮਿਊਂਸਪਲ ਮੁਲਾਜ਼ਮ, ਸਫਾਈ ਸੇਵਕ ਅਤੇ ਸੀਵਰਮੈਨ 6 ਮਈ 2026 ਤੋਂ ਹੜਤਾਲ ’ਤੇ ਚਲੇ ਗਏ ਹਨ। ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਮੁੱਲਾਂਪੁਰ ਦਾਖਾ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪ੍ਰਭਾਵਿਤ ਹੋਣ ਲੱਗੀ ਹੈ। ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਦਿਖਾਈ ਦੇ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ, ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਅੰਮ੍ਰਿਤਪਾਲ, ਵਿੱਕੀ ਕੁਮਾਰ, ਸਤੀਸ਼ ਕੁਮਾਰ, ਪਰਮਿੰਦਰ, ਪਿੰਕੀ, ਮਨੋਜ ਕੁਮਾਰ ਅਤੇ ਸੁਮਨ ਰੇਖਾ ਹਾਜ਼ਰ ਸਨ।