ਸ਼ਹਿਰ ਦੀ ਸਵੱਛਤਾ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਸਫਾਈ ਸੇਵਕ ਸਨਮਾਨਿਤ
ਸ਼ਹਿਰ ਨੂੰ ਸਵੱਛ ਬਨਾਉਣ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਸਫਾਈ ਸੇਵਕ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ
Publish Date: Wed, 18 Mar 2026 08:33 PM (IST)
Updated Date: Thu, 19 Mar 2026 04:11 AM (IST)

* ਸ਼ਹਿਰ ਨੂੰ ਸਾਫ਼ ਰੱਖਣ ਲਈ ਮੇਅਰ ਨੇ ਮੰਗਿਆ ਸ਼ਹਿਰ ਨਿਵਾਸੀਆਂ ਦਾ ਸਮਰਥਨ ਫੋਟੋ 32 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਸਾਫ ਤੇ ਸਵੱਛ ਬਨਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵਿਸ਼ੇਸ਼ ਸਫਾਈ ਮੁਹਿੰਮਾਂ ਦਾ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਤਹਿਤ ਸਫਾਈ ਦੇ ਨਾਲ ਨਾਲ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਸਵੱਛ ਸ਼ਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਪਰ ਗੰਦਗੀ ਫੈਲਾਉਣ ਵਾਲਿਆਂ ਤੇ ਇਨ੍ਹਾਂ ਮੁਹਿੰਮਾਂ ਦਾ ਜਿਆਦਾ ਅਸਰ ਨਹੀਂ ਹੋ ਰਿਹਾ। ਜਿਸ ਨੂੰ ਦੇਖਦੇ ਹੋਏ ਨਗਰ ਨਿਗਮ ਵੱਲੋਂ ਸਫਾਈ ਮੁਹਿੰਮਾਂ ਨੂੰ ਅਸਰਦਾਰ ਬਨਾਉਣ ਲਈ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਵਾਲੇ ਸਫਾਈ ਸੇਵਕਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਇਮਾਨਦਾਰੀ ਅਤੇ ਮਿਹਨਤ ਨਾਲ ਡਿਊਟੀ ਕਰਨ ਵਾਲੇ ਸਫਾਈ ਸੇਵਕਾਂ ਨੂੰ ਪ੍ਰਸ਼ੰਸ਼ਾਂ ਪੱਤਰਾਂ ਨਾਲ ਸਨਮਾਨਿਤ ਕੀਤਾ ਅਤੇ ਅਤੇ ਉਨ੍ਹਾਂ ਨੂੰ ਹੋਰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਦਾ ਟੀਚਾ ਜਨਤਾ ਦੀ ਸਰਗਰਮ ਭਾਗੀਦਾਰੀ ਤੋਂ ਬਿਨ੍ਹਾਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਜਿੱਥੇ ਨਗਰ ਨਿਗਮ ਦੇ ਅਧਿਕਾਰੀ ਅਤੇ ਸਫਾਈ ਕਰਮਚਾਰੀ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ, ਉੱਥੇ ਜਨਤਾ ਨੂੰ ਵੀ ਆਪਣੇ ਸ਼ਹਿਰ ਨੂੰ ਸਵੱਛ ਬਣਾਉਣ ਲਈ ਅੱਗੇ ਵਧਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੁੱਲ੍ਹੀਆਂ ਥਾਵਾਂ ਜਾਂ ਖਾਲੀ ਪਲਾਟਾਂ ਚ ਕੂੜਾ ਸੁੱਟਣਾ ਬੰਦ ਕਰਨ ਅਤੇ ਕੂੜੇ ਨੂੰ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਚੁਕਵਾਇਆ ਜਾਵੇ ਜਾਂ ਉਸ ਨੂੰ ਨਗਰ ਨਿਗਮ ਦੀਆਂ ਨਿਰਧਾਰਤ ਥਾਵਾਂ ਤੇ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਕਰਨ ਲਈ ਸਫਾਈ ਸੇਵਕਾਂ ਨੂੰ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਜ਼ੋਨਲ ਪੱਧਰ ਤੇ ਪ੍ਰਸ਼ੰਸਾ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਕਰਮਚਾਰੀਆਂ ਦੀ ਭਲਾਈ ਲਈ ਵੀ ਵੱਖ-ਵੱਖ ਪਹਿਲਕਦਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਹੋਰ ਤੇਜ ਕੀਤਾ ਜਾਵੇਗਾ।