- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਵਿੰਦਰ ਰਵੀ ਨੂੰ ਜ਼ਿਲ੍ਹਾ ਕਾਂਗਰਸ ਸੇਵਾ ਦਲ ਦੀ ਕਾਰਜਕਾਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ

-‘ਆਪ’ ਸਰਕਾਰ ਹਰ ਫਰੰਟ ’ਤੇ ਨਾਕਾਮ, ਹਲਕਾ ਦੱਖਣੀ ਬਦਹਾਲੀ ਵੱਲ-ਚੀਮਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਕਾਂਗਰਸ ਸੇਵਾ ਦਲ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਤਵਿੰਦਰ ਰਵੀ ਨੂੰ ਜ਼ਿਲ੍ਹਾ ਲੁਧਿਆਣਾ ਕਾਂਗਰਸ ਸੇਵਾ ਦਲ ਦਾ ਕਾਰਜਕਾਰੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਹ ਜ਼ਿੰਮੇਵਾਰੀ ਹਲਕਾ ਲੁਧਿਆਣਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਆਸ਼ੀਸ਼ ਅਵਸਥੀ ਵੱਲੋਂ ਸੌਂਪੀ ਗਈ। ਲੋਹਾਰਾ ਵਿਖੇ ਨਿਯੁਕਤੀ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਚੀਮਾ ਨੇ ਕਿਹਾ ਕ ‘ਆਪ’ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਲੁਧਿਆਣਾ ਦੱਖਣੀ ਵਿੱਚ ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਿਰਫ਼ ਦਾਅਵਿਆਂ ਅਤੇ ਐਲਾਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਜਾਂਦਾ ਹੈ। ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੋਕਾਂ ਦੇ ਮੁੱਦਿਆਂ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਦੇ ਵਿਚਕਾਰ ਜਾ ਕੇ ਆਵਾਜ਼ ਉਠਾਉਣ ਦੀ ਲੋੜ ਹੈ। ਕਾਂਗਰਸ ਸੇਵਾ ਦਲ ਦੇ ਵਰਕਰ ਘਰ-ਘਰ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਬੰਧਤ ਮੰਚਾਂ ’ਤੇ ਉਠਾਉਣ। ਚੀਮਾ ਅਨੁਸਾਰ ਸਤਵਿੰਦਰ ਰਵੀ ਨੂੰ ਦਿੱਤੀ ਗਈ ਜ਼ਿੰਮੇਵਾਰੀ ਸਿਰਫ਼ ਅਹੁਦਾ ਨਹੀਂ, ਸਗੋਂ ਲੋਕਾਂ ਦੇ ਮੁੱਦਿਆਂ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਵੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਵਰਕਰਾਂ ਨੂੰ ਇਕਜੁੱਟ ਕਰ ਕੇ ਸੰਗਠਨ ਨੂੰ ਮਜ਼ਬੂਤ ਕਰਨਗੇ। ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਆਸ਼ੀਸ਼ ਅਵਸਥੀ ਨੇ ਕਿਹਾ ਕਿ ਸੰਗਠਨ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਵਰਕਰ ਹਨ। ਉਨ੍ਹਾਂ ਕਿਹਾ ਕਿ ਸਤਵਿੰਦਰ ਰਵੀ ਦੀ ਨਿਯੁਕਤੀ ਨਾਲ ਲੁਧਿਆਣਾ ’ਚ ਸੇਵਾ ਦਲ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਮਿਲੇਗੀ ਅਤੇ ਵਰਕਰ ਲੋਕਾਂ ਦੇ ਮੁੱਦਿਆਂ ਨਾਲ ਹੋਰ ਮਜ਼ਬੂਤੀ ਨਾਲ ਜੁੜਨਗੇ। ਕਾਂਗਰਸ ਆਗੂਆਂ ਨੇ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ’ਚ ਸਰਕਾਰ ਤੇ ਪ੍ਰਸ਼ਾਸਨ ਤੋਂ ਜਵਾਬਦੇਹੀ ਮੰਗਣ ਦਾ ਸਿਲਸਿਲਾ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਸੇਵਾ ਦਲ ਪੰਜਾਬ ਦੀ ਜਨਰਲ ਸਕੱਤਰ ਮੋਨਿਕਾ ਰਾਣੀ, ਹਰਵਿੰਦਰ, ਸੋਨੀਆ, ਹਰਭਜਨ ਲੋਹਾਰਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰਜ਼ ਮੌਜੂਦ ਰਹੇ।