‘ਸੰਵਿਧਾਨਕ ਹੱਕ ਦਿਓ...’, PAU 'ਚ ਐੱਸਸੀ/ਬੀਸੀ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਧਰਨਾ
ਜਥੇਬੰਦੀ ਦੇ ਸਰਪ੍ਰਸਤ ਪ੍ਰੋਫੈਸਰ ਹਰਨੇਕ ਸਿੰਘ ਨੇ ਦੋਸ਼ ਲਾਇਆ ਕਿ ਪੀਏਯੂ ਲੁਧਿਆਣਾ ਵੱਲੋਂ ਸਾਲ 1962 ਤੋਂ ਐੱਸਸੀ/ਬੀਸੀ ਵਰਗਾਂ ਨੂੰ ਟੀਚਿੰਗ ਅਸਾਮੀਆਂ ਵਿੱਚ ਬਣਦਾ ਰਾਖਵਾਂਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਇਸ ਨੂੰ ਸੰਵਿਧਾਨਕ ਹੱਕਾਂ ਦੀ ਉਲੰਘਣਾ ਅਤੇ ਐੱਸਸੀ/ਬੀਸੀ ਵਰਗਾਂ ਨਾਲ ਵਿਤਕਰੇ ਦਾ ਮਾਮਲਾ ਮੰਨਿਆ ਜਾ ਰਿਹਾ ਹੈ।
Publish Date: Wed, 23 Sep 2026 03:00 PM (IST)
Updated Date: Wed, 23 Sep 2026 03:04 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੀਏਯੂ ਐੱਸਸੀ/ਬੀਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਐੱਸਸੀ/ਬੀਸੀ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਖ-ਵੱਖ ਸਮਾਜਿਕ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸਰਪ੍ਰਸਤ ਪ੍ਰੋਫੈਸਰ ਹਰਨੇਕ ਸਿੰਘ ਨੇ ਦੋਸ਼ ਲਾਇਆ ਕਿ ਪੀਏਯੂ ਲੁਧਿਆਣਾ ਵੱਲੋਂ ਸਾਲ 1962 ਤੋਂ ਐੱਸਸੀ/ਬੀਸੀ ਵਰਗਾਂ ਨੂੰ ਟੀਚਿੰਗ ਅਸਾਮੀਆਂ ਵਿੱਚ ਬਣਦਾ ਰਾਖਵਾਂਕਰਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਇਸ ਨੂੰ ਸੰਵਿਧਾਨਕ ਹੱਕਾਂ ਦੀ ਉਲੰਘਣਾ ਅਤੇ ਐੱਸਸੀ/ਬੀਸੀ ਵਰਗਾਂ ਨਾਲ ਵਿਤਕਰੇ ਦਾ ਮਾਮਲਾ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਯੂਨੀਵਰਸਿਟੀ ਵਿੱਚ ਐੱਸਸੀ/ਬੀਸੀ ਵਿਦਿਆਰਥੀਆਂ ਦੀ ਗਿਣਤੀ ਵੀ ਘਟੀ ਹੈ ਅਤੇ ਮੌਜੂਦਾ ਸਮੇਂ ਇਹ ਗਿਣਤੀ ਕੇਵਲ ਇੱਕ-ਦੋ ਫ਼ੀਸਦੀ ਤੱਕ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਥਿਤੀ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਐੱਸਸੀ/ਬੀਸੀ ਵਿਦਿਆਰਥੀਆਂ ਦੀ ਨੁਮਾਇੰਦਗੀ ਹੋਰ ਘਟ ਸਕਦੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪਹਿਲਾਂ ਹੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਧਰਨੇ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੀ ਸੂਚਿਤ ਕੀਤਾ ਗਿਆ ਸੀ। ਧਰਨਾਕਾਰੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਐੱਸਸੀ/ਬੀਸੀ ਵਰਗਾਂ ਨਾਲ ਸਬੰਧਤ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਬਣਦੇ ਸੰਵਿਧਾਨਕ ਹੱਕ ਦੇਣ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।