ਐੱਸਡੀਐੱਮ ਨੇ ਪਰਾਲੀ ਪ੍ਰਬੰਧਨ ਤੇ ਜਾਗਰੂਕਤਾ ਗਤੀਵਿਧੀਆਂ ਦੀ ਕੀਤੀ ਸਮੀਖਿਆ ਐਸਡੀਐਮ ਸਮਰਾਲਾ ਨੇ ਕੇਵੀਕੇ ਵਿਖੇ ਪਰਾਲੀ ਪ੍ਰਬੰਧਨ ਤੇ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕੀਤੀ
Publish Date: Tue, 20 Oct 2026 07:18 PM (IST)
Updated Date: Tue, 20 Oct 2026 07:18 PM (IST)
ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ ਸਮਰਾਲਾ : ਉਪ ਮੰਡਲ ਮੈਜਿਸਟਰੇਟ ਐਸਡੀਐਮ ਸਮਰਾਲਾ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਸਮਰਾਲਾ ਵਿਖੇ ਤਹਿਸੀਲ ਸਮਰਾਲਾ ਦੇ ਸਮੂਹ ਕਲੱਸਟਰ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੌਜੂਦਾ ਝੋਨੇ ਦੀ ਵਾਢੀ ਦੇ ਸੀਜ਼ਨ ਵਿੱਚ ਪਰਾਲੀ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ, ਖੇਤਰੀ ਨਿਗਰਾਨੀ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਵਿਗਿਆਨਕ ਤਕਨੀਕਾਂ, ਖੇਤਾਂ ਵਿੱਚ ਨਿਗਰਾਨੀ ਪ੍ਰਬੰਧਾਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੱਲ ਰਹੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸਡੀਐੱਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਅਤੇ ਕਲੱਸਟਰ ਪੱਧਰ ’ਤੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ। ਇਸ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਹਰ ਕਿਸਾਨ ਤੱਕ ਪਰਾਲੀ ਨਾ ਸਾੜਨ ਦਾ ਸੰਦੇਸ਼ ਪਹੁੰਚ ਸਕੇ। ਐੱਸਡੀਐੱਮ ਨੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਜ਼ਮੀਨੀ ਪੱਧਰ ’ਤੇ ਠੋਸ ਉਪਰਾਲੇ ਕਰਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਪਰਾਲੀ ਪ੍ਰਬੰਧਨ ਦੇ ਟਿਕਾਊ ਤੇ ਵਿਗਿਆਨਕ ਤਰੀਕੇ ਅਪਣਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਡੀਐੱਸਪੀ ਸਮਰਾਲਾ ਪ੍ਰਿਤਪਾਲ ਸਿੰਘ ਸੰਧੂ ਅਤੇ ਥਾਣਾ ਮੁਖੀ ਚਰਨਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਹਾਜ਼ਰ ਸਨ।