
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਿੰਨਾਂ ਪਾਰਟੀਆਂ ਦੇ ਆਗੂਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ-ਨਾਲ ਇੱਕ-ਦੂਜੇ ਦੀਆਂ ਸਰਕਾਰਾਂ ਅਤੇ ਨੀਤੀਆਂ ’ਤੇ ਤਿੱਖੇ ਹਮਲੇ ਕੀਤੇ। ‘ਆਪ’ ਵੱਲੋਂ ਕੇਂਦਰ ਸਰਕਾਰ ਨੂੰ ਆਰਡੀਐੱਫ ਦੀ ਰਕਮ ਜਾਰੀ ਕਰਨ ਲਈ ਘੇਰਿਆ ਗਿਆ, ਜਦਕਿ ਕਾਂਗਰਸ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ 15 ਅਗਸਤ ਨੂੰ ਪਿੰਡ ਈਸੜੂ ਵਿਖੇ ਹੋਏ ਸ਼ਹੀਦੀ ਸਮਾਗਮ ਮੌਕੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਵੱਖ-ਵੱਖ ਕਾਨਫਰੰਸਾਂ ਸਿਆਸੀ ਰੰਗ ਵਿੱਚ ਰੰਗੀਆਂ ਰਹੀਆਂ। ਤਿੰਨਾਂ ਪਾਰਟੀਆਂ ਦੇ ਆਗੂਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ-ਨਾਲ ਇੱਕ-ਦੂਜੇ ਦੀਆਂ ਸਰਕਾਰਾਂ ਅਤੇ ਨੀਤੀਆਂ ’ਤੇ ਤਿੱਖੇ ਹਮਲੇ ਕੀਤੇ। ‘ਆਪ’ ਵੱਲੋਂ ਕੇਂਦਰ ਸਰਕਾਰ ਨੂੰ ਆਰਡੀਐੱਫ ਦੀ ਰਕਮ ਜਾਰੀ ਕਰਨ ਲਈ ਘੇਰਿਆ ਗਿਆ, ਜਦਕਿ ਕਾਂਗਰਸ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਅਕਾਲੀ ਦਲ ਨੇ ਵੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਆਰਡੀਐੱਫ ਦਾ ਇੱਕ ਵੀ ਪੈਸਾ ਪੰਜਾਬ ਨੂੰ ਨਹੀਂ ਮਿਲਿਆ : ਚੀਮਾ
ਸ਼ਹੀਦੀ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਉਸ ਦਾਅਵੇ ਨੂੰ ਗਲਤ ਕਰਾਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕੇਂਦਰ ਵੱਲ ਪੰਜਾਬ ਦਾ ਆਰਡੀਐੱਫ ਦਾ ਕੋਈ ਬਕਾਇਆ ਨਹੀਂ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰਡੀਐੱਫ ਦੀ ਰਕਮ ਜਾਰੀ ਕਰਵਾਉਣ ਲਈ ਲਗਾਤਾਰ ਕੇਂਦਰ ਕੋਲ ਪੈਰਵੀ ਕੀਤੀ ਜਾ ਰਹੀ ਹੈ, ਪਰ ਅੱਜ ਤੱਕ ਇਸ ਮੱਦ ਦਾ ਇੱਕ ਵੀ ਪੈਸਾ ਪੰਜਾਬ ਨੂੰ ਜਾਰੀ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਦੇ ਮੰਤਰੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਘੱਟੋ-ਘੱਟ 10 ਵਾਰ ਮੁਲਾਕਾਤ ਕਰ ਚੁੱਕੇ ਹਨ। ਇੱਥੋਂ ਤੱਕ ਕਿ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਵਿਕਰਮਜੀਤ ਸਿੰਘ ਸਾਹਨੀ ਨੂੰ ਨਾਲ ਲੈ ਕੇ ਵੀ ਕੇਂਦਰ ਕੋਲ ਮਾਮਲਾ ਉਠਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਜਾਣਬੁੱਝ ਕੇ ਪੰਜਾਬ ਦੀ ਰਕਮ ਰੋਕ ਰਿਹਾ ਹੈ, ਜਿਸ ਦਾ ਸਿੱਧਾ ਅਸਰ ਮੰਡੀਆਂ, ਪੇਂਡੂ ਬੁਨਿਆਦੀ ਢਾਂਚੇ ਅਤੇ ਕਿਸਾਨੀ ’ਤੇ ਪੈ ਰਿਹਾ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਇਹ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕ ਇਸ ਦਾ ਜਵਾਬ ਚੋਣਾਂ ਵਿੱਚ ਦੇਣਗੇ।
ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੀ ਮੰਗ
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਇਹ ਮਾਮਲਾ ਮਨੁੱਖੀ ਆਧਾਰ ’ਤੇ ਉਠਾਇਆ ਗਿਆ ਹੈ। ਉਨ੍ਹਾਂ ਕੇਂਦਰ ਨੂੰ ਅੜੀਅਲ ਰਵੱਈਆ ਛੱਡ ਕੇ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਅਪੀਲ ਕੀਤੀ।
ਕਾਂਗਰਸ ਦੇ ਮੁਫ਼ਤ ਰੇਤ ਦੇ ਵਾਅਦੇ ’ਤੇ ਸਵਾਲ ਚੁੱਕਦਿਆਂ ਚੀਮਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ ਤਾਂ ਉਸ ਸਮੇਂ ਲੋਕਾਂ ਨੂੰ ਮੁਫ਼ਤ ਰੇਤ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਨਸ਼ਾ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਪੈਦਾ ਹੋਏ। ਉਨ੍ਹਾਂ ਕਾਂਗਰਸ ਨੂੰ ਪਿਛਲੇ ਕਾਰਜਕਾਲ ਦਾ ਹਿਸਾਬ ਦੇਣ ਦੀ ਨਸੀਹਤ ਦਿੱਤੀ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦੀ ਸਮਾਗਮਾਂ ’ਤੇ ਲੱਖਾਂ ਰੁਪਏ ਖਰਚ ਕੀਤੇ ਪਰ ਈਸੜੂ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ। ‘ਆਪ’ ਸਰਕਾਰ ਵੱਲੋਂ ਪਿੰਡ ਵਿੱਚ ਮੁਹੱਲਾ ਕਲੀਨਿਕ, ਲਾਇਬ੍ਰੇਰੀ, ਸੀਵਰੇਜ ਸਮੇਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਨੂੰ ਸਿਆਸੀ ਮੰਚ ਨਹੀਂ ਬਣਾਉਣਾ ਚਾਹੀਦਾ।
ਚੰਨੀ ਨੇ ‘ਆਪ’ ਸਰਕਾਰ ਨੂੰ ਘੇਰਿਆ
ਕਾਂਗਰਸ ਦੀ ਰਾਜਨੀਤਕ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ ਅਤੇ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ ਅਤੇ ਲੋਕ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਹਨ।
ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਸਿਧਾਂਤਾਂ ਦੇ ਉਲਟ ਹੈ। ਕੇਂਦਰ ਅਤੇ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਉਨ੍ਹਾਂ ਦੀ ਰਿਹਾਈ ਯਕੀਨੀ ਬਣਾਉਣੀ ਚਾਹੀਦੀ ਹੈ।
‘ਸੁਖਬੀਰ ਨਾ ਡਰੇ ਹਨ ਤੇ ਨਾ ਡਰਣਗੇ’ : ਹਰਸਿਮਰਤ
ਸ਼੍ਰੋਮਣੀ ਅਕਾਲੀ ਦਲ ਦੀ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾ ਕਦੇ ਡਰੇ ਹਨ ਅਤੇ ਨਾ ਹੀ ਪੰਥ ਦੋਖੀਆਂ ਤੋਂ ਡਰਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਅੱਗੇ ਹੋ ਕੇ ਲੜਦੇ ਰਹਿਣਗੇ।
‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਮਾੜੀ ਹੈ। ਉਨ੍ਹਾਂ ਪੰਜਾਬ ਸਿਰ ਕਰਜ਼ੇ, ਨਸ਼ਿਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਭ ਤੋਂ ਪਹਿਲਾਂ ਪੰਜਾਬ, ਫਿਰ ਪਾਰਟੀ ਅਤੇ ਉਸ ਤੋਂ ਬਾਅਦ ਪਰਿਵਾਰ ਬਾਰੇ ਸੋਚਦੇ ਹਨ।
ਅਕਾਲੀ ਦਲ ਦੇ ਆਗੂਆਂ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮਾਂ ਦੌਰਾਨ ਤਿੰਨਾਂ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ-ਦੂਜੇ ’ਤੇ ਕੀਤੀ ਗਈ ਸਿਆਸੀ ਬਿਆਨਬਾਜ਼ੀ ਕਾਰਨ ਈਸੜੂ ਦੀ ਧਰਤੀ ’ਤੇ ਦਿਨ ਭਰ ਸਿਆਸੀ ਮਾਹੌਲ ਭਖਿਆ ਰਿਹਾ।