ਨਗਰ ਕੌਂਸਲ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਯਕੀਨੀ : ਬੋਪਾਰਾਏ
ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਯਕੀਨੀ: ਬੋਪਾਰਾਏ
Publish Date: Sat, 25 Apr 2026 07:26 PM (IST)
Updated Date: Sun, 26 Apr 2026 04:16 AM (IST)

ਹੈਪੀ ਜੱਲ੍ਹਾ, ਪੰਜਾਬੀ ਜਾਗਰਣ ਪਾਇਲ : ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਵਿਸ਼ਵਾਸ ਜਤਾਇਆ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ’ਚ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਯੋਗ, ਇਮਾਨਦਾਰ ਅਤੇ ਤਜਰਬੇਕਾਰ ਉਮੀਦਵਾਰਾਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਅਤੇ ਹਰ ਆਗੂ ਤੇ ਵਰਕਰ ਜਮੀਨੀ ਪੱਧਰ ‘ਤੇ ਉਨ੍ਹਾਂ ਦੀ ਮਜ਼ਬੂਤੀ ਨਾਲ ਸਹਾਇਤਾ ਕਰੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਅਕਾਲੀ ਦਲ ‘ਤੇ ਆਪਣਾ ਵਿਸ਼ਵਾਸ ਜਤਾਹ ਰਹੇ ਹਨ। ਬੋਪਾਰਾਏ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀਅਤ, ਕਿਸਾਨੀ, ਵਪਾਰ ਅਤੇ ਉਦਯੋਗ ਦੇ ਖੇਤਰਾਂ ਵਿੱਚ ਜੋ ਵੀ ਵੱਡੇ ਪੱਧਰ ‘ਤੇ ਵਿਕਾਸ ਹੋਇਆ, ਉਹ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਲੋਕ ਅੱਜ ਵੀ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜਕਾਲ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਸਹੂਲਤਾਂ ਦੀ ਕਦਰ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਾਲ ਹੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਦਦ ਲਈ ਅਹਿਮ ਕਦਮ ਚੁੱਕੇ ਹਨ, ਜਿਵੇਂ ਕਿ ਕਣਕ, ਡੀਜ਼ਲ ਅਤੇ ਹੋਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਉਣੀ। ਮੌਜੂਦਾ ਹਾਲਾਤਾਂ ‘ਤੇ ਚਿੰਤਾ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਕਾਫ਼ੀ ਗੰਭੀਰ ਹੋ ਚੁੱਕੀ ਹੈ। ਲੁੱਟ-ਖੋਹ, ਫ਼ਿਰੌਤੀਆਂ, ਦਿਨ ਦਿਹਾੜੇ ਕਤਲ, ਨਸ਼ਿਆਂ ਅਤੇ ਬੇਰੁਜ਼ਗਾਰੀ ਨੇ ਰਾਜ ਨੂੰ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ‘ਤੇ ਲੈ ਕੇ ਆ ਸਕਦਾ ਹੈ। ਇੱਕ ਮਜ਼ਬੂਤ ਖੇਤਰੀ ਪਾਰਟੀ ਹੋਣ ਦੇ ਨਾਤੇ ਅਕਾਲੀ ਦਲ ਪੰਜਾਬ ਦੀ ਬਾਗਡੋਰ ਸੰਭਾਲ ਕੇ ਸਰਵਪੱਖੀ ਵਿਕਾਸ ਯਕੀਨੀ ਬਣਾ ਸਕਦਾ ਹੈ। ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦਾ ਹੱਥ ਮਜ਼ਬੂਤ ਕਰਨ, ਕਿਉਂਕਿ ਇਹ ਚੋਣਾਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੁਨਿਆਦ ਸਾਬਤ ਹੋਣਗੀਆਂ।