ਖੌਫਨਾਕ ਵਾਰਦਾਤ : ਪੁੜਪੜੀ 'ਤੇ ਖਿਡੌਣਾ ਪਿਸਤੌਲ ਲਾ ਕੇ ਜੋੜੇ ਨੂੰ ਲੁੱਟਿਆ, ਲੋਕਾਂ ਨੇ ਤਿੰਨ ਲੁਟੇਰਿਆਂ ਦੀ ਕੀਤੀ ਛਿੱਤਰ ਪਰੇਡ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਲਾਬ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਵੀ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ
Publish Date: Sat, 10 Oct 2026 12:16 PM (IST)
Updated Date: Sat, 10 Oct 2026 12:21 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੇ ਖਿਡੌਣਾ ਪਿਸਤੌਲ ਦੀ ਵਰਤੋਂ ਕਰਦਿਆਂ ਮੋਟਰਸਾਈਕਲ ਸਵਾਰ ਜੋੜੇ ਨੂੰ ਨਿਸ਼ਾਨਾ ਬਣਾਇਆ। ਮੁਲਜ਼ਮਾਂ ਨੇ ਪਤੀ ਦੀ ਪੁੜਪੜੀ ’ਤੇ ਪਿਸਤੌਲ ਨੁਮਾ ਹਥਿਆਰ ਲਾ ਕੇ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਮੋਬਾਈਲ ਫੋਨ ਤੇ ਨਕਦੀ ਲੁੱਟ ਲਈ। ਹਾਲਾਂਕਿ, ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮਾਂ ਨੂੰ ਰਾਹਗੀਰਾਂ ਨੇ ਘੇਰ ਲਿਆ ਅਤੇ ਤਿੰਨ ਨੂੰ ਕਾਬੂ ਕਰਕੇ ਉਨ੍ਹਾਂ ਦੀ ਛਿੱਤਰ ਪਰੇਡ ਕਰਨ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਕੂਮ ਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਕਾਲੇਵਾਲ ਦੇ ਵਾਸੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਜ਼ਾਰ ਜਾ ਰਿਹਾ ਸੀ। ਬੀਤੀ ਸ਼ਾਮ ਕਰੀਬ ਛੇ ਵਜੇ ਜਦੋਂ ਉਹ ਪਿੰਡ ਢੋਲਣਵਾਲ ਨੇੜੇ ਸਥਿਤ ਬਿਜਲੀ ਘਰ ਕੋਲ ਪਹੁੰਚਿਆ ਤਾਂ 5 ਮੁਲਜ਼ਮਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਪੁੜਪੜੀ ’ਤੇ ਪਿਸਤੌਲ ਨੁਮਾ ਹਥਿਆਰ ਲਾ ਦਿੱਤਾ ਅਤੇ ਗੋਲੀ ਮਾਰਨ ਦੀ ਧਮਕੀ ਦੇ ਕੇ ਉਸ ਕੋਲੋਂ ਮੋਬਾਈਲ ਫੋਨ ਤੇ ਨਕਦੀ ਲੁੱਟ ਲਈ।
ਰਾਹਗੀਰਾਂ ਨੇ ਦਿਖਾਈ ਹਿੰਮਤ, ਤਿੰਨ ਮੁਲਜ਼ਮ ਦਬੋਚੇ ਵਾਰਦਾਤ ਦੌਰਾਨ ਉਥੋਂ ਲੰਘ ਰਹੇ ਲੋਕਾਂ ਨੇ ਹਿੰਮਤ ਦਿਖਾਉਂਦਿਆਂ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੰਡ ਹੈਦਰ ਨਗਰ ਦੇ ਰਹਿਣ ਵਾਲੇ ਗੁਲਾਬ ਸਿੰਘ ਅਤੇ ਪਿੰਡ ਪੰਜੇਟਾਂ ਦੇ ਵਸਨੀਕ ਮੁਹੰਮਦ ਸਕੀਮ ਤੇ ਮੁਹੰਮਦ ਮੰਗਾ ਨੂੰ ਲੋਕਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਰਾਹਗੀਰਾਂ ਨੇ ਤਿੰਨਾਂ ਦੀ ਛਿੱਤਰ ਪਰੇਡ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਥਾਣਾ ਕੂਮਕਲਾਂ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਉਥੇ ਹੀ, ਪਿੰਡ ਹੈਦਰ ਨਗਰ ਦੇ ਰਹਿਣ ਵਾਲੇ ਜੱਗਾ ਸਿੰਘ ਅਤੇ ਜਸ਼ਨ ਸਿੰਘ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਗੁਲਾਬ ਸਿੰਘ ਖ਼ਿਲਾਫ਼ ਅੱਠ ਅਪਰਾਧਿਕ ਮੁਕੱਦਮੇ ਦਰਜ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਲਾਬ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਵੀ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਜਾਂਚ ਅਧਿਕਾਰੀ ਅਨੁਸਾਰ, ਮੁਲਜ਼ਮ ਕਥਿਤ ਤੌਰ ’ਤੇ ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਨਿਸ਼ਾਨਾ ਬਣਾਉਂਦੇ ਅਤੇ ਉਨ੍ਹਾਂ ਕੋਲੋਂ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫਰਾਰ ਹੋ ਜਾਂਦੇ ਸਨ। ਗੁਲਾਬ ਸਿੰਘ ਖ਼ਿਲਾਫ਼ ਪਹਿਲਾਂ ਵੀ ਅੱਠ ਅਪਰਾਧਿਕ ਮੁਕੱਦਮੇ ਦਰਜ ਹਨ।
ਫਰਾਰ ਮੁਲਜ਼ਮਾਂ ਦੀ ਭਾਲ ਜਾਰੀ, ਰਿਮਾਂਡ ’ਤੇ ਲੈ ਕੇ ਹੋਵੇਗੀ ਪੁੱਛਗਿੱਛ ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਕੂਮਕਲਾਂ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਫਰਾਰ ਮੁਲਜ਼ਮਾਂ ਜੱਗਾ ਸਿੰਘ ਅਤੇ ਜਸ਼ਨ ਸਿੰਘ ਦੀ ਭਾਲ ਵਿੱਚ ਜੁਟੀ ਹੋਈ ਹੈ। ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਤਿੰਨਾਂ ਮੁਲਜ਼ਮਾਂ ਨੂੰ ਸ਼ਨਿਚਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ, ਜਿਸ ਦੌਰਾਨ ਲੁੱਟ ਦੀਆਂ ਹੋਰ ਵਾਰਦਾਤਾਂ ਸਬੰਧੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।