ਲੁਧਿਆਣਾ 'ਚ ਵੱਡੀ ਵਾਰਦਾਤ : ਮਸ਼ਹੂਰ 'ਪੰਡਿਤ ਕੁਲਚਿਆਂ ਵਾਲੇ' ਦੇ ਪੁੱਤਰ ਨੂੰ ਮਾਰੀ ਗੋਲੀ, ਇਲਾਕੇ 'ਚ ਫੈਲੀ ਸਨਸਨੀ ਲੁਧਿਆਣਾ ਦੇ ਦਾਦ ਇਲਾਕੇ ਵਿੱਚ ਦੇਰ ਰਾਤ ਜਨਮਦਿਨ ਦੀ ਪਾਰਟੀ ਦੌਰਾਨ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਪਾਰਟੀ ਵਿੱਚ ਇਕੱਠੇ ਹੋਏ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਰਾਹੁਲ ਨਾਂ ਦੇ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
Publish Date: Thu, 22 Oct 2026 11:02 AM (IST)
Updated Date: Thu, 22 Oct 2026 11:41 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਦੇ ਦਾਦ ਇਲਾਕੇ ਵਿੱਚ ਦੇਰ ਰਾਤ ਜਨਮਦਿਨ ਦੀ ਪਾਰਟੀ ਦੌਰਾਨ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਪਾਰਟੀ ਵਿੱਚ ਇਕੱਠੇ ਹੋਏ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਰਾਹੁਲ ਨਾਂ ਦੇ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ, ਦਾਦ ਇਲਾਕੇ ਵਿੱਚ ਇੱਕ ਘਰ ਅੰਦਰ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ, ਜਿਸ ਵਿੱਚ ਕਈ ਦੋਸਤ ਸ਼ਾਮਲ ਹੋਏ ਸਨ। ਪਾਰਟੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵਧ ਗਿਆ ਕਿ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਰਾਹੁਲ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।
ਮ੍ਰਿਤਕ ਰਾਹੁਲ ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚਿਆਂ ਵਾਲੇ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ।
ਥਾਣਾ ਸਦਰ ਦੇ ਮੁਖੀ ਜਗਦੇਵ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੋਲੀ ਲੱਗਣ ਕਾਰਨ ਰਾਹੁਲ ਦੀ ਮੌਤ ਹੋਈ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਫਿਲਹਾਲ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ, ਗੋਲੀਆਂ ਚਲਾਉਣ ਵਾਲਾ ਵਿਅਕਤੀ ਕੌਣ ਸੀ ਅਤੇ ਵਾਰਦਾਤ ਵਿੱਚ ਹੋਰ ਕਿਹੜੇ ਵਿਅਕਤੀਆਂ ਦੀ ਭੂਮਿਕਾ ਰਹੀ ਹੈ।