ਚਾਰ ਦਿਨਾਂ ਵਿੱਚ ਜਨਗਣਨਾ ਡਿਊਟੀ ਪੂਰੀ ਕਰਕੇ ਸ਼ੁਭਮ ਤੇ ਸਾਹਿਲ ਨੇ ਬਣਾਈ ਮਿਸਾਲ

ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਵੱਲੋਂ ਦੋਵੇਂ ਕਰਮਚਾਰੀ ਸਨਮਾਨਿਤ
---
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਡਿਜੀਟਲ ਜਨਗਣਨਾ-2027 ਦੇ ਤਹਿਤ ਇਕ ਪਾਸੇ ਜਿੱਥੇ ਲੁਧਿਆਣਾ ਨੇ ਸਵੈ ਗਣਨਾ ਵਿੱਚ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ, ਉੱਥੇ ਹੀ ਨਗਰ ਨਿਗਮ ਲੁਧਿਆਣਾ ਦੇ ਦੋ ਕਰਮਚਾਰੀਆਂ ਸ਼ੁਭਮ ਅਤੇ ਸਾਹਿਲ ਨੇ ਆਪਣੀ ਨਿਰਧਾਰਤ ਜਨਗਣਨਾ ਡਿਊਟੀ ਨੂੰ ਸਿਰਫ਼ 4 ਦਿਨਾਂ ਵਿੱਚ ਪੂਰੀ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਕੰਮ ਨੂੰ ਪੂਰਾ ਕਰਨ ਲਈ ਡਿਊਟੀ ਤੇ ਲੱਗੇ ਸਟਾਫ ਲਈ 15 ਮਈ ਤੋਂ 13 ਜੂਨ 2026 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ, ਪਰ ਇਨ੍ਹਾਂ ਦੋਵਾਂ ਕਰਮਚਾਰੀਆਂ ਨੇ ਸਮੇਂ ਤੋਂ ਕਾਫ਼ੀ ਪਹਿਲਾਂ ਹੀ ਉਨ੍ਹਾਂ ਮਿਲਿਆ ਟੀਚਾ ਪੂਰਾ ਕਰ ਲਿਆ ਗਿਆ ਹੈ ਜਿਸ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੀ ਇਸ ਪ੍ਰਾਪਤੀ ਨੂੰ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਵਿੱਚ ਜੁੜੇ ਹੋਰ ਗਿਣਤੀਕਾਰਾਂ ਲਈ ਪ੍ਰੇਰਣਾਦਾਇਕ ਉਦਾਹਰਣ ਵਜੋਂ ਦੇਖਿਆ ਜਾ ਰਿਹਾ ਹੈ। ਨਗਰ ਨਿਗਮ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਡਾ. ਨੀਰੂ ਕਤਿਆਲ ਗੁਪਤਾ ਨੇ ਦੋਵਾਂ ਕਰਮਚਾਰੀਆਂ ਨੂੰ ਇਸ ਪ੍ਰਾਪਤੀ ਲਈ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਗਮ ਦੌਰਾਨ ਡਾ. ਗੁਪਤਾ ਨੇ ਕਿਹਾ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਗੋਂ ਸਰਕਾਰੀ ਸੇਵਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਗੁਜ਼ਾਰੀ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾ ਬਣਦੀ ਹੈ ਅਤੇ ਸਰਕਾਰੀ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੀ ਹੈ।
ਇਸ ਮੌਕੇ ਸੰਯੁਕਤ ਕਮਿਸ਼ਨਰ-ਕਮ-ਸ਼ਹਿਰ ਜਨਗਣਨਾ ਅਫ਼ਸਰ ਵਿਨੀਤ ਕੁਮਾਰ, ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਸੁਪਰਡੈਂਟ ਤਰੁਣ ਗੋਇਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ। ਅਧਿਕਾਰੀਆਂ ਨੇ ਕਿਹਾ ਕਿ ਡਿਜੀਟਲ ਜਨਗਣਨਾ-2027 ਦੇ ਤਹਿਤ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਘਰਾਂ ਦੀ ਸੂਚੀਬੱਧ ਜਾਣਕਾਰੀ ਇਕੱਠੀ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਜਨਗਣਨਾ ਅਭਿਆਨ ਲਈ ਗਿਣਤੀਕਾਰਾਂ ਨੂੰ ਹਾਊਸ ਲਿਸਟਿੰਗ ਬਲਾਕ ਅਲਾਟ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਵਸਨੀਕਾਂ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਹ ਡਾਟਾ ਭਵਿੱਖ ਦੀ ਯੋਜਨਾਬੰਦੀ, ਵਿਕਾਸ ਕਾਰਜਾਂ ਅਤੇ ਸਰਕਾਰੀ ਨੀਤੀਆਂ ਦੀ ਤਿਆਰੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਅਧਿਕਾਰੀਆਂ ਮੁਤਾਬਕ ਜਨਗਣਨਾ ਦਾ ਕੰਮ ਸਮੇਂ ਸਿਰ ਪੂਰਾ ਹੋਣ ਨਾਲ ਪੂਰੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਅੱਗੇ ਵਧਦੀ ਹੈ ਅਤੇ ਡਾਟਾ ਇਕੱਠਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਹੁੰਦੀ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਜਨਗਣਨਾ ਕਾਰਜ ਸਫ਼ਲਤਾਪੂਰਵਕ ਅਤੇ ਨਿਰਵਿਘਨ ਢੰਗ ਨਾਲ ਪੂਰਾ ਕੀਤਾ ਜਾ।