ਚੇਤਨ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ; ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ
ਚੇਤਨ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ
Publish Date: Sun, 28 Jun 2026 10:08 PM (IST)
Updated Date: Mon, 29 Jun 2026 04:10 AM (IST)

ਥਾਣਾ ਬਸਤੀ ਜੋਧੇਵਾਲ ਦੇ ਨਜ਼ਦੀਕ ਬਾਈਪਾਸ ਚੌਕ ’ਚ ਕੀਤੀ ਨਾਅਰੇਬਾਜ਼ੀ ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਰਾਹੀਂ ਸਿੱਖ ਧਾਰਮਿਕ ਸ਼ਖਸੀਅਤਾਂ ਖਿਲਾਫ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨ ਦੇ ਦੋਸ਼ੀ ਚੇਤਨ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਥਾਨਕ ਜਲੰਧਰ ਬਾਈਪਾਸ ਦੇ ਨਜ਼ਦੀਕ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦੇ ਹੋਏ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਚੇਤਨ ਸ਼ਰਮਾ ਨਾਂ ਦੇ ਵਿਅਕਤੀ ਵੱਲੋਂ ਇੱਕ ਵੀਡੀਓ ਵਾਇਰਲ ਕੀਤੀ ਗਈ, ਜਿਸ ’ਚ ਬੋਲੀ ਗਈ ਸ਼ਬਦਾਵਲੀ ਕਾਰਨ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਪ੍ਰਗਟ ਕੀਤਾ ਜਾ ਰਿਹਾ ਸੀ। ਮਹਾਨਗਰ ਦੇ ਜਲੰਧਰ ਬਾਈਪਾਸ ਦੇ ਨਜ਼ਦੀਕ ਇਕੱਠੇ ਹੋਏ ਵੱਖ-ਵੱਖ ਸਿੱਖ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਅਜਿਹੀ ਵੀਡੀਓ ਵਾਇਰਲ ਕਰ ਕੇ ਮੁਲਜ਼ਮ ਵੱਲੋਂ ਸਮੂਹ ਸਿੱਖ ਧਰਮ ਹੀ ਨਹੀਂ ਬਲਕਿ ਗੁਰੂ ਸਾਹਿਬਾਨ ਤੇ ਸਮੁੱਚੇ ਸੰਸਾਰ ਲਈ ਕੁਰਬਾਨੀਆਂ ਕਰਨ ਵਾਲੇ ਮਹਾਪੁਰਸ਼ਾਂ ਦਾ ਅਪਮਾਨ ਕੀਤਾ ਗਿਆ ਹੈ। ਅੱਜ ਹੀ ਸੋਚੀ ਸਮਝੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੇ ਹਿੰਦੂ ਸਿੱਖ ਭਾਈਚਾਰੇ ’ਚ ਦਰਾਰ ਪੈਦਾ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ, ਜਿਸ ਦਾ ਹਰ ਸੰਵੇਦਨਸ਼ੀਲ ਵਿਅਕਤੀ ਸਿੱਧੇ ਤੌਰ ’ਤੇ ਵਿਰੋਧ ਕਰਦਾ ਹੈ। ਪ੍ਰਦਰਸ਼ਨਕਾਰੀਆਂ ਮੁਤਾਬਕ ਉਕਤ ਕਰਤੂਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਖਿਲਾਫ ਪਰਚਾ ਦਰਜ ਕਰ ਕੇ ਪ੍ਰਸ਼ਾਸਨ ਵੱਲੋਂ ਗੋਗਲੂਆਂ ਤੋਂ ਮਿੱਟੀ ਝਾੜਨ ਵਾਲਾ ਕੰਮ ਕੀਤਾ ਗਿਆ ਹੈ। ਜਥੇਬੰਦੀਆਂ ਨੇ ਕਿਹਾ ਕਿ ਕਰੀਬ 12 ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਸਿੱਖ ਸੰਗਤ ’ਚ ਭਾਰੀ ਰੋਸ ਹੈ। ਉਨ੍ਹਾਂ ਜਲਦੀ ਤੋਂ ਜਲਦੀ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਅਲਟੀਮੇਟਮ ਦਿੱਤਾ ਕਿ ਜੇ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੰਗਤ ਵੱਲੋਂ ਵੱਡਾ ਫੈਸਲਾ ਲੈ ਕੇ ਉੱਚ ਪੱਧਰੀ ਰੋਸ ਪ੍ਰੋਗਰਾਮ ਉਲੀਕਿਆ ਜਾਵੇਗਾ, ਜਿਸ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਦਾਅਵਾ ਕੀਤਾ ਕਿ ਇਨਸਾਨੀਅਤ ਨਾਲ ਪਿਆਰ ਕਰਨ ਵਾਲੇ ਹਿੰਦੂ ਸੰਗਠਨਾਂ ਵੱਲੋਂ ਵੀ ਮੁਲਜ਼ਮ ਦੀ ਗ੍ਰਿਫਤਾਰੀ ਲਈ ਕੀਤੇ ਗਏ ਇਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ ’ਚ ਵੱਡੇ ਪੱਧਰ ’ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕੀਤੇ ਰੋਸ ਪ੍ਰਦਰਸ਼ਨ ਕਾਰਨ ਕਾਫੀ ਸਮਾਂ ਆਉਣ ਜਾਣ ਵਾਲੇ ਲੋਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਦੇ ਅਧਿਕਾਰੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨੂੰ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰੀ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਜਥੇਬੰਦੀਆਂ ਨੇ ਰੋਸ ਮੁਜ਼ਾਹਰਾ ਸ਼ਾਂਤ ਕੀਤਾ।