- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲਾ ਦਰਜ ਹੋਣ ਤੋਂ ਬਾਅਦ ਅਕਾਲੀ ਦਲ ਅਤੇ ਕਾਂਗਰਸ ਆਗੂ ਸਾਬਕਾ ਫ਼ੌਜੀ ਦੇ ਹੱਕ ’ਚ ਆ ਗਏ। ਦੂਜੇ ਪਾਸੇ ਆਮ ਆਦਮੀ ਪਾਰਟੀ ਨਾਲ ਜੁੜੇ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਵੀ ਡੀਐੱਸਪੀ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਕਾਰਵਾਈ ਦੀ ਮੰਗ ਕੀਤੀ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਨੂੰ ਕੀਤੇ ਧਰਨੇ ਦੌਰਾਨ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਖ਼ਿਲਾਫ਼ ਟਿੱਪਣੀਆਂ ਕਰਨ ਵਾਲੇ ਸਾਬਕਾ ਫ਼ੌਜੀ ਬਲਵਿੰਦਰ ਸ਼ਰਮਾ ਫ਼ੌਜੀ ਨੂੰ ਸਿਟੀ-1 ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਹ ਕਾਰਵਾਈ ਚੇਅਰਮੈਨ ਹਰਜੀਤ ਸਿੰਘ ਸੋਹਲ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤ ’ਚ ਬਲਵਿੰਦਰ ਸ਼ਰਮਾ ’ਤੇ ਰਾਮਗੜ੍ਹੀਆ ਭਾਈਚਾਰੇ ਨੂੰ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਗਿਆ ਹੈ।
ਮਾਮਲਾ ਦਰਜ ਹੋਣ ਤੋਂ ਬਾਅਦ ਅਕਾਲੀ ਦਲ ਅਤੇ ਕਾਂਗਰਸ ਆਗੂ ਸਾਬਕਾ ਫ਼ੌਜੀ ਦੇ ਹੱਕ ’ਚ ਆ ਗਏ। ਦੂਜੇ ਪਾਸੇ ਆਮ ਆਦਮੀ ਪਾਰਟੀ ਨਾਲ ਜੁੜੇ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਵੀ ਡੀਐੱਸਪੀ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਕਾਰਵਾਈ ਦੀ ਮੰਗ ਕੀਤੀ।
ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅਕਾਲੀ ਆਗੂ ਤੇ ਵਰਕਰ ਸਿਟੀ-1 ਥਾਣੇ ਪੁੱਜੇ। ਉਨ੍ਹਾਂ ਨੇ ਪੁਲਿਸ ਕਾਰਵਾਈ ’ਤੇ ਸਵਾਲ ਚੁੱਕਦਿਆਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ।
ਥਾਣਾ ਸਿਟੀ-1 ਦੇ ਐੱਸਐੱਚਓ ਸੰਦੀਪ ਸਿੰਘ ਨੇ ਦੱਸਿਆ ਕਿ ਬਲਵਿੰਦਰ ਸ਼ਰਮਾ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ 356(1), 356(2), 352 ਅਤੇ 353(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਬਲਵਿੰਦਰ ਸ਼ਰਮਾ ਪਹਿਲਾਂ ਆਮ ਆਦਮੀ ਪਾਰਟੀ ਦੇ ਟਕਸਾਲੀ ਵਲੰਟੀਅਰ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਤਤਕਾਲੀ ਉਮੀਦਵਾਰ ਤਰੁਨਪ੍ਰੀਤ ਸਿੰਘ ਸੋਂਦ ਦੇ ਹੱਕ ’ਚ ਸਰਗਰਮੀ ਨਾਲ ਪ੍ਰਚਾਰ ਕੀਤਾ ਸੀ। ਬਾਅਦ ’ਚ ਸਰਕਾਰ ਦੀਆਂ ਨੀਤੀਆਂ ਅਤੇ ਸੋਂਦ ਨਾਲ ਨਾਰਾਜ਼ਗੀ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ।
ਬੁੱਧਵਾਰ ਨੂੰ ਅਕਾਲੀ ਦਲ ਦੇ ਬਿਜਲੀ ਕੱਟਾਂ ਵਿਰੁੱਧ ਧਰਨੇ ਦੌਰਾਨ ਉਨ੍ਹਾਂ ਨੇ ਮੰਤਰੀ ਸੋਂਦ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਦੀ ਭਾਸ਼ਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।